ਪੱਤਰ ਪ੍ਰੇਰਕ
ਬਠਿੰਡਾ, 17 ਸਤੰਬਰ
ਪੀਡਬਲਿਊਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ਿਲ੍ਹਾ ਬਠਿੰਡਾ ਵੱਲੋਂ ਰੈਗੂਲਰ ਤੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦਾ ਨਿਪਟਾਰਾ ਨਾ ਹੋਣ ਕਰ ਕੇ ਨਿਗਰਾਨ ਇੰਜਨੀਅਰ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਬਠਿੰਡਾ ਖ਼ਿਲਾਫ਼ 22 ਸਤੰਬਰ ਨੂੰ ਰੋਸ ਰੈਲੀ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਧਾਨ ਕਿਸ਼ੋਰ ਚੰਦ ਗਾਜ਼ ਨੇ ਦੱਸਿਆ ਕਿ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਦਫ਼ਤਰ ਚੰਡੀਗੜ੍ਹ ਤੋਂ ਲਗਾਤਾਰ ਹਦਾਇਤਾਂ ਆਉਣ ਦੇ ਬਾਵਜੂਦ ਹਲਕਾ ਨਿਗਰਾਨ ਦਫ਼ਤਰ ਬਠਿੰਡਾ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਨਿਗਰਾਨ ਦਫ਼ਤਰ ਵੱਲੋਂ 21 ਸਤੰਬਰ ਤੱਕ ਮੁਲਾਜ਼ਮਾਂ ਦੇ ਮਸਲੇ ਹੱਲ ਨਾ ਕੀਤੇ ਗਏ ਤਾਂ ਟਾਲ-ਮਟੋਲ ਦੀ ਨੀਤੀ ਖ਼ਿਲਾਫ਼ ਮੁਲਾਜ਼ਮ ਰੋਸ ਰੈਲੀ ਕਰਨਗੇ।