ਸੰਵਿਧਾਨ ਬਚਾਉਣ ਲਈ ਲੜ ਰਹੇ ਨੇ ਰਾਹੁਲ ਗਾਂਧੀ: ਮੋਹਿਤ ਮਹਿੰਦਰਾ
ਜੋਗਿੰਦਰ ਸਿੰਘ ਮਾਨ
ਮਾਨਸਾ, 21 ਜੂਨ
ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ 55ਵੇਂ ਜਨਮ ਦਿਨ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਵੱਲੋਂ ਇਥੇ ਖੂਨਦਾਨ ਕੈਂਪ ਲਾਇਆ ਗਿਆ, ਜਿਸ ਦੌਰਾਨ ਪਾਰਟੀ ਦੇ ਨੌਜਵਾਨ ਵਰਕਰਾਂ ਵੱਲੋਂ ਵੱਡੀ ਗਿਣਤੀ ’ਚ ਖੂਨ ਦਾਨ ਕੀਤਾ।
ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਮੋਹਿਤ ਮਹਿੰਦਰਾ ਨੇ ਕਿਹਾ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇਸ਼ ਅਤੇ ਸੰਵਿਧਾਨ ਬਚਾਉਣ ਦੀ ਲੜਾਈ ਲੜ ਰਹੇ ਹਨ ਤਾਂ ਜੋ ਦੇਸ਼ ਵਿੱਚ ਮੋਦੀ ਮਿੱਤਰ ਅੰਬਾਨੀ ਅੰਡਾਨੀ ਮਾਡਲ ਦੀ ਥਾਂ, ਦੇਸ਼ ਵਿੱਚ ਲੋਕਪੱਖੀ ਮਾਡਲ ਲਾਗੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਦੋਂ ਦੀ ਦੇਸ਼ ਅੰਦਰ ਭਾਜਪਾ ਦੀ ਸਰਕਾਰ ਆਈ ਹੈ ਤਾਂ ਲੋਕਾਂ ਦੇ ਸੰਵਿਧਾਨਿਕ ਹੱਕ ਖੋਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ਨੂੰ ਆਪਣੇ ਮੁਤਾਬਿਕ ਚਲਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਖ਼ਿਲਾਫ਼ ਰਾਹੁਲ ਗਾਂਧੀ ਵੱਲੋਂ ਦੇਸ਼ ਅੰਦਰ ਯਾਤਰਾਵਾਂ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਪਾਰਟੀ ਦੇ ਮਾਨਸਾ ਜ਼ਿਲ੍ਹੇ ਦੇ ਪ੍ਰਧਾਨ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਨੇ ਕਿਹਾ ਕਿ ਕਾਂਗਰਸ ਵੱਲੋਂ ਸੰਵਿਧਾਨ ਮੁਤਾਬਕ ਜਿੰਨਾ ਸੰਵਿਧਾਨਿਕ ਸੰਸਥਾਵਾਂ ਦਾ ਨਿਰਮਾਣ ਕੀਤਾ ਸੀ ਅਤੇ ਦੇਸ਼ ਨੂੰ ਵਿਕਾਸ ਦੇ ਰਾਹ ਪਾਇਆ ਸੀ, ਉਨ੍ਹਾਂ ਸੰਵਿਧਾਨਿਕ ਸੰਸਥਾਵਾਂ ਨੂੰ ਤਬਾਹ ਕਰਕੇ ਦੇਸ਼ ਦੇ ਵਿਕਾਸ ਨੂੰ ਅੰਬਾਨੀਆਂ-ਅੰਡਾਨੀਆਂ ਦੇ ਘਰਾਂ ਵੱਲ ਮੋੜਿਆ ਜਾ ਰਿਹਾ ਹੈ। ਇਸ ਮੌਕੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ, ਸੁਖਦਰਸ਼ਨ ਸਿੰਘ ਖਾਰਾ, ਨੇਮ ਕੁਮਾਰ ਨੇਮਾ, ਸਿਮਰਨਜੀਤ ਸਿੰਘ ਮਾਨਸ਼ਾਹੀਆ, ਐਡਵੋਕੇਟ ਬਲਕਰਨ ਸਿੰਘ ਬੱਲੀ, ਹਰਵਿੰਦਰ ਭਾਰਦਵਾਜ, ਕਰਨੈਲ ਸਿੰਘ, ਮਨਜੀਤ ਸਿੰਘ ਮੀਹਾਂ, ਸੰਦੀਪ ਮਹਿਤਾ ਭੀਖੀ, ਕਮਲ਼ ਚੂਨੀਆਂ, ਬੂਟਾ ਸਿੰਘ ਕੱਲ੍ਹੋ, ਸੁਖਦੇਵ ਸਿੰਘ ਉਭਾ ਹਾਜ਼ਰ ਸਨ।