ਪੱਤਰ ਪ੍ਰੇਰਕ
ਗਿੱਦੜਬਾਹਾ, 21 ਫਰਵਰੀ
ਨਗਰ ਕੌਂਸਲ ਚੋਣਾਂ ਵਿੱਚ ਕਾਂਗਰਸ ਦੀ ਵਧੀਆ ਕਾਰਗੁਜ਼ਾਰੀ ਮਗਰੋਂ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅੱਜ ਲੋਕਾਂ ਦਾ ਧੰਨਵਾਦ ਕਰਨ ਸਬੰਧੀ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਆਰ. ਨੇਤ ਨੇ ਵੀ ਸ਼ਿਰਕਤ ਕੀਤੀ। ਰਾਜਾ ਵੜਿੰਗ ਨੇ ਕਿਹਾ ਕਿ ਉਹ ਪਰਿਵਾਰ ਸਮੇਤ 5-6 ਵਾਰ ਦਿੱਲੀ ਵਿੱਚ ਕਿਸਾਨ ਅੰਦੋਲਨ ਵਿੱਚ ਸ਼ਮੂਲੀਅਤ ਕਰ ਚੁੱਕੇ ਹਨ ਅਤੇ ਉਹ ਕਿਸਾਨ ਹਿਤੈਸ਼ੀ ਹਨ। ਉਨ੍ਹਾਂ ਗਿੱਦੜਬਾਹਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਿ ਉਨ੍ਹਾਂ ਕਦੇ ਵੀ ਮਾਤਾ-ਪਿਤਾ ਦੀ ਕਮੀ ਮਹਿਸੂਸ ਨਹੀਂ ਹੋਣ ਦਿੱਤੀ। ਉਨ੍ਹਾਂ ਕਿਹਾ ਕਿ ਉਹ ਗਿੱਦੜਬਾਹਾ ਵਾਸੀਆਂ ਦਾ ਅਹਿਸਾਨ ਕਦੇ ਨਹੀਂ ਮੋੜ ਸਕਦੇ। ਇਸ ਮੌਕੇ ਜਿੱਥੇ ਗਾਇਕ ਆਰ. ਨੇਤ ਅਤੇ ਵਿਧਾਇਕ ਰਾਜਾ ਵੜਿੰਗ ਨੇ ‘ਕਿਸਾਨ ਏਕਤਾ ਜ਼ਿੰਦਾਬਾਦ’ ਦੇ ਨਾਅਰੇ ਲਾਏ ਅਤੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਰੱਖਿਆ। ਗਾਇਕ ਆਰ. ਨੇਤ ਨੇ ਕਿਹਾ ਕਿ ਉਹ ਪੰਜਾਬੀ ਗਾਇਕੀ ਦੇ ਬਾਬਾ ਬੋਹੜ ਗੁਰਦਾਸ ਮਾਨ ਦੀ ਜਨਮ ਭੂਮੀ ’ਤੇ ਆ ਕੇ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰ ਰਹੇ ਹਨ। ਇਸ ਮੌਕੇ ਨਗਰ ਕੌਂਸਲ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਕਾਂਗਰਸੀ ਕੌਂਸਲਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕ ਹਾਜ਼ਰ ਸਨ।