ਰਾਜਿੰਦਰ ਗੁਪਤਾ ਨੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
ਟਰਾਈਡੈਂਟ ਗਰੁੱਪ ਦੇ ਸੰਸਥਾਪਕ ਤੇ ਰਾਜ ਸਭਾ ਮੈਂਬਰ ਪਦਮਸ੍ਰੀ ਰਾਜਿੰਦਰ ਗੁਪਤਾ ਨੇ ਉਪ ਰਾਸ਼ਟਰਪਤੀ ਸੀ ਪੀ ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ। ਲੰਘੀ 16 ਅਕਤੂਬਰ ਨੂੰ ਪੰਜਾਬ ਤੋਂ ਰਾਜ ਸਭਾ ਲਈ ਬਗੈਰ ਮੁਕਾਬਲਾ ਰਾਜ ਸਭਾ ਮੈਂਬਰ ਚੁਣੇ ਜਾਣ ਤੋਂ ਬਾਅਦ ਸ੍ਰੀ ਗੁਪਤਾ ਦਾ ਦਿੱਲੀ ਦਾ ਪਹਿਲਾ ਅਧਿਕਾਰਤ ਦੌਰਾ ਸੀ। ਰਾਜ ਸਭਾ ਦੇ ਚੇਅਰਮੈਨ ਉਪ ਰਾਸ਼ਟਰਪਤੀ ਰਾਧਾਕ੍ਰਿਸ਼ਨਨ ਨੇ ਰਾਜਿੰਦਰ ਗੁਪਤਾ ਦਾ ਰਾਜ ਸਭਾ ਮੈਂਬਰ ਵਜੋਂ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਨਵੀਂ ਸੰਵਿਧਾਨਕ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਮੀਟਿੰਗ ਦੌਰਾਨ ਗੁਪਤਾ ਦੇ ਨਾਲ ਉਨ੍ਹਾਂ ਦੀ ਪਤਨੀ ਮਧੂ ਗੁਪਤਾ ਵੀ ਉਨ੍ਹਾਂ ਨਾਲ ਮੌਜੂਦ ਸਨ। ਇਸ ਮੁਲਾਕਾਤ ਨੂੰ ਸ਼ਿਸ਼ਟਾਚਾਰ ਮੁਲਾਕਾਤ ਮੰਨਿਆ ਜਾ ਰਿਹਾ ਹੈ। ਉਪ ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਸ੍ਰੀ ਗੁਪਤਾ ਨੇ ਕਿਹਾ ਕਿ ਉਹ ਪਹਿਲਾਂ ਵਾਂਗ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੰਮ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਂਦੇ ਰਹਿਣਗੇ। ਸ੍ਰੀ ਗੁਪਤਾ ਭਾਰਤ ਦੇ ਟੈਕਸਟਾਈਲ ਅਤੇ ਕਾਗਜ਼ ਖੇਤਰਾਂ ਵਿੱਚ ਆਪਣੇ ਮਹੱਤਵਪੂਰਨ ਯੋਗਦਾਨ ਲਈ ਜਾਣੇ ਜਾਂਦੇ ਹਨ। ਉਨ੍ਹਾਂ ਦੀ ਅਗਵਾਈ ਹੇਠ, ਟਰਾਈਡੈਂਟ ਗਲੋਬਲ ਬ੍ਰਾਂਡ ਵਜੋਂ ਉਭਰਿਆ ਹੈ, ਜਿਸ ਦਾ ਪੰਜਾਬ ਦੇ ਉਦਯੋਗਿਕ ਵਿਕਾਸ ਵਿੱਚ ਅਹਿਮ ਯੋਗਦਾਨ ਹੈ। ਟਰਾਈਡੈਂਟ ਫਾਊਂਡੇਸ਼ਨ ਰਾਹੀਂ ਉਨ੍ਹਾਂ ਦੀਆਂ ਪਹਿਲਕਦਮੀਆਂ ਨੇ ਪੰਜਾਬ ਅਤੇ ਮੱਧ ਪ੍ਰਦੇਸ਼ ਵਿੱਚ ਸਿੱਖਿਆ, ਸਿਹਤ ਸੰਭਾਲ, ਹੁਨਰ ਵਿਕਾਸ ਅਤੇ ਕਈ ਭਲਾਈ ਸਕੀਮਾਂ ’ਚ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਸ੍ਰੀ ਗੁਪਤਾ ਦੇ ਰਾਜ ਸਭਾ ਮੈਂਬਰ ਬਣਨ ਨਾਲ ਸੂਬੇ ਨੂੰ ਖੇਤੀਬਾੜੀ ਅਤੇ ਛੋਟੇ ਉਦਯੋਗਾਂ ’ਚ ਕਾਫੀ ਵੱਡੇ ਪੱਧਰ ’ਤੇ ਨਿਵੇਸ਼ ਮਿਲਣ ਦੀ ਉਮੀਦ ਹੈ।
