ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 10 ਮਈ
ਪੰਜਾਬ ਰੋਡਵੇਜ਼ ਡਿੱਪੂ ਵਿੱਚ ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਸੂਬਾ ਸਰਪ੍ਰਸਤ ਕਮਲ ਕੁਮਾਰ ਅਤੇ ਸੂਬਾ ਸਹਾਇਕ ਜਨਰਲ ਸਕੱਤਰ ਤਰਸੇਮ ਸਿੰਘ ਵੱਲੋਂ ਸਾਥੀਆਂ ਸਣੇ ਗੇਟ ਰੈਲੀ ਕਰਦੇ ਹੋਏ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ। ਉਨ੍ਹਾਂ ਨੇ ਸੰਬੋਧਨ ਦੌਰਾਨ ਕਿਹਾ ਕਿ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਹੋਰ ਮੰਗਾਂ ਦਾ ਹੱਲ ਕੱਢਣ ਦੀ ਥਾਂ ’ਤੇ ਪਨਬਸ ਵਿੱਚ ਆਊਟਸੋਰਸਿੰਗ ’ਤੇ ਭਰਤੀ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਦਾ ਯੂਨੀਅਨ ਸਖ਼ਤ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਇਸ ਦਾ ਕੋਈ ਕਾਨੂੰਨ ਨਹੀਂ ਬਣਾਉਂਦੀ ਯੂਨੀਅਨ ਕੋਈ ਭਰਤੀ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਟਰਾਂਸਪੋਰਟ ਅਦਾਰੇ ਪੰਜਾਬ ਰੋਡਵੇਜ਼ ਪਨਬੱਸ ਤੇ ਪੀਆਰਟੀਸੀ ਨੂੰ ਸਹੀ ਤਰੀਕੇ ਨਾਲ ਚਲਾਉਣ ਤੋਂ ‘ਆਪ’ ਸਰਕਾਰ ਅਤੇ ਟਰਾਂਸਪੋਰਟ ਮੰਤਰੀ ਬਿਲਕੁਲ ਨਾਕਾਮ ਰਹੇ ਹਨ। ਗੇਟ ਰੈਲੀ ਮੌਕੇ ਡਿੱਪੂ ਪ੍ਰਧਾਨ ਜਤਿੰਦਰ ਸਿੰਘ ਨੇ ਕਿਹਾ ਕੇ ਜੇਕਰ ਸਰਕਾਰ ਨੇ ਆਊਟਸੋਰਸ ਭਰਤੀ ਸਬੰਧੀ ਫ਼ੈਸਲਾ ਵਾਪਸ ਨਾ ਲਿਆ ਤਾਂ ਜਥੇਬੰਦੀ ਵੱਲੋਂ ਪੂਰੇ ਪੰਜਾਬ ਦੇ ਬੱਸ ਸਟੈਂਡ ਬੰਦ ਕੀਤੇ ਜਾਣਗੇ ਅਤੇ ਸਰਕਾਰ ਦੀ ਇਸ ਗਲਤ ਨੀਤੀ ਦਾ ਪੰਜਾਬ ਦੀ ਜਨਤਾ ਵਿੱਚ ਭੰਡੀ ਪ੍ਰਚਾਰ ਕੀਤਾ ਜਾਵੇਗਾ|