ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 30 ਅਕਤੂਬਰ
ਧਨੌਲਾ ਦੇ ਨੇੜਲੇ ਪਿੰਡ ਚਾਰ ਸਾਲਾ ਬੱਚੀ ਨਾਲ ਜਬਰ-ਜਨਾਹ ਦੀ ਘਟਨਾ ਨੇ ਸਮੂਚੇ ਇਲਾਕੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸੇ ਦੇ ਚੱਲਦਿਆਂ ਸਬੰਧਿਤ ਪਿੰਡ ਵਲੋਂ ਇਕ ਐਕਸ਼ਨ ਕਮੇਟੀ ਬਣਾਈ ਗਈ ਹੈ, ਜਿਸ ਵਿੱਚ ਵੀਰ ਸਿੰਘ, ਸਤਨਾਮ ਸਿੰਘ, ਇੰਦਰਜੀਤ ਸਿੰਘ, ਗੁਰਪਿਆਰ ਸਿੰਘ, ਸੁਖਦੇਵ ਸਿੰਘ, ਜਰਨੈਲ ਖਾਨ, ਬਲਦੇਵ ਸਿੰਘ, ਸਮਨਦੀਪ ਸਿੰਘ, ਸੁਖਵਿੰਦਰ ਸਿੰਘ, ਜਥੇਦਾਰ ਜਗਤਾਰ ਸਿੰਘ ਅਤੇ ਅਵਤਾਰ ਸਿੰਘ ਸ਼ਾਮਲ ਹਨ। ਸਾਬਕਾ ਸੰਸਦੀ ਮੈਂਬਰ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੇ ਬੱਚੀ ਨੂੰ ਇਨਸਾਫ਼ ਦਿਵਾਉਣ ਲਈ ਅਦਾਲਤ ਵਿੱਚ ਕੇਸ ਮੁਫ਼ਤ ਲੜਨ ਦਾ ਪਰਿਵਾਰ ਨੂੰ ਭਰੋਸਾ ਦਿੱਤਾ। ਕਮੇਟੀ ਵਲੋਂ ਅੱਜ ਖਾਲਸਾ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਰਾਜਦੇਵ ਸਿੰਘ ਖਾਲਸਾ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਤੇ ਕਲੰਕ ਹੁੰਦੀਆਂ ਹਨ ਅਤੇ ਅਜਿਹਾ ਘਟੀਆ ਕੰਮ ਕਰਨ ਵਾਲੇ ਨੂੰ ਕਿਸੇ ਵੀ ਹਾਲ ਬਖ਼ਸ਼ਣਾ ਨਹੀਂ ਚਾਹੀਦਾ। ਐਡਵੋਕੇਟ ਖਾਲਸਾ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਇਹ ਕੇਸ ਨੂੰ ਲੜਨਗੇ ਅਤੇ ਦੋਸ਼ੀ ਨੂੰ ਅਦਾਲਤ ਤੋਂ ਬਣਦੀ ਸਜ਼ਾ ਦਿਵਾਈ ਜਾਵੇਗੀ। ਇਸ ਮੌਕੇ ਅਵਤਾਰ ਸਿੰਘ ਸੰਧੂ ਅਤੇ ਲੱਭੀ ਸੰਧੂ ਵੀ ਹਾਜ਼ਰ ਸੀ।