ਸਰਕਾਰ ਨੂੰ ਜ਼ਿਮਨੀ ਚੋਣ ’ਚ ਘੇਰਨਗੇ ਕੱਚੇ ਸਿਹਤ ਕਾਮੇ
ਸਿਹਤ ਵਿਭਾਗ ਵਿੱਚ ਯੋਗ ਪ੍ਰਣਾਲੀ ਰਾਹੀਂ ਭਰਤੀ ਕੀਤੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ ਪੰਦਰ੍ਹਾਂ ਵੀਹ ਸਾਲਾਂ ਤੋਂ ਠੇਕੇ ’ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਨੇ 6 ਨਵੰਬਰ ਨੂੰ ਤਰਨ ਤਾਰਨ ਜ਼ਿਮਨੀ ਚੋਣ ਮੌਕੇ ਪੰਜਾਬ ਸਰਕਾਰ ਨੂੰ ਘੇਰਨ ਦਾ ਫ਼ੈਸਲਾ ਕੀਤਾ ਹੈ। ਐੱਨ ਐੱਚ ਐੱਮ ਐਂਪਲਾਈਜ਼ ਯੂਨੀਅਨ ਦੇ ਸੂਬਾ ਆਗੂ ਸੰਦੀਪ ਕੌਰ, ਗੁਲਸ਼ਨ ਸ਼ਰਮਾ, ਅਰੁਣ ਕੁਮਾਰ ਤੇ ਰਾਕੇਸ਼ ਕੁਮਾਰ ਨੇ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕਰਨ ਵਾਲੀ ‘ਆਪ’ ਸਰਕਾਰ ਸੱਤਾ ਦੇ ਨਸ਼ੇ ਵਿੱਚ ਆਪਣੇ ਵਾਅਦਿਆ ਤੋਂ ਭੱਜਦੀ ਨਜ਼ਰ ਆ ਰਹੀ ਹੈ। ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਜਿਵੇਂ ਕਿ ਬਰਾਬਰ ਯੋਗਤਾ ਬਰਾਬਰ ਕੰਮ, ਬਰਾਬਰ ਤਨਖਾਹਾਂ ਅਤੇ ਗ੍ਰੇਚੁਟੀ ਵਰਗੀਆਂ ਅਹਿਮ ਵਿੱਤੀ ਮੰਗਾਂ ਨੂੰ ਪੂਰਾ ਕਰਨ ਲਈ ਅਜੇ ਤੱਕ ਕੋਈ ਸਪੱਸ਼ਟ ਹਾਂ ਪੱਖੀ ਹੁੰਗਾਰਾ ਨਹੀਂ ਭਰਿਆ ਹੈ। ਇਸ ਕਰਕੇ ਐੱਨ ਐੱਚ ਐੱਮ ਕਰਮਚਾਰੀਆਂ ਵਿੱਚ ਭਾਰੀ ਰੋਸ ਹੈ। ਸਿੱਟੇ ਵਜੋਂ ਯੂਨੀਅਨ ਵੱਲੋਂ 6 ਨਵੰਬਰ ਨੂੰ ਤਰਨ ਤਾਰਨ ਜ਼ਿਮਨੀ ਚੋਣਾਂ ਦੌਰਾਨ ਪੰਜਾਬ ਸਰਕਾਰ ਦੇ ਖ਼ਿਲਾਫ਼ ਪਰਚੇ ਵੰਡਣ ਤੋਂ ਇਲਾਵਾ ਸੂਬਾ ਪੱਧਰੀ ਰੋਸ ਰੈਲੀ ਕਰ ਕੇ ਭਗਵੰਤ ਮਾਨ ਸਰਕਾਰ ਦਾ ਪਿੱਟ ਸਿਆਪਾ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਇਸ ਰੋਸ 'ਚ ਪੰਜਾਬ ਭਰ ਤੋਂ ਲਗਪਗ 9000 ਕੱਚੇ ਸਿਹਤ ਮੁਲਾਜ਼ਮ ਹਿੱਸਾ ਲੈਣਗੇ।
