ਨਵਕਿਰਨ ਸਿੰਘ
ਮਹਿਲ ਕਲਾਂ, 4 ਦਸੰਬਰ
ਦਿਹਾਤੀ ਮਜ਼ਦੂਰ ਸਭਾ ਵੱਲੋਂ ਮਜਦੂਰਾਂ ਨੂੰ ਲਾਮਬੰਦ ਕਰਨ ਲਈ ਸ਼ੁਰੂ ਕੀਤੇ ਸੂਬਾ ਪੱਧਰੀ ਜਥਾ ਮਾਰਚ ਦਾ ਅੱਜ ਮਹਿਲ ਕਲਾਂ ਵਿੱਚ ਪਹੁੰਚਣ ‘ਤੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਸਿੰਘ ਸੱਦੋਵਾਲ ਅਤੇ ਜਨਰਲ ਸਕੱਤਰ ਭੋਲਾ ਸਿੰਘ ਕਲਾਲਮਾਜਰਾ ਦੀ ਅਗਵਾਈ ਹੇਠ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਮਜ਼ਦੂਰਾਂ ਵੱਲੋਂ ਕੇਂਦਰ ਤੇ ਰਾਜ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕੀਤੀ ਰੈਲੀ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨਾਹਰ ਅਤੇ ਸੂਬਾ ਸਕੱਤਰ ਗੁਰਨਾਮ ਸਿੰਘ ਦਾਊਦ ਨੇ ਕਿਹਾ ਕਿ ਦਿਹਾਤੀ ਮਜ਼ਦੂਰ ਸਭਾ ਦੀ ਸੂਬਾ ਕਮੇਟੀ ਵੱਲੋਂ 27 ਨਵੰਬਰ ਤੋਂ 6 ਦਸੰਬਰ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅੰਦਰ ਕੀਤੇ ਜਾ ਰਹੇ ਜਥਾ ਮਾਰਚ ਦਾ ਮੁੱਖ ਮਕਸਦ ਬੇਜ਼ਮੀਨੇ ਸਾਧਨਹੀਣ ਪੇਂਡੂ ਕਿਰਤੀਆਂ ਨੂੰ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲਾਮਬੰਦ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਚੋਣਾਂ ਸਮੇਂ ਮਜ਼ਦੂਰਾਂ ਨਾਲ ਕੀਤੇ ਚੋਣ ਵਾਅਦਿਆਂ ਤੋਂ ਭੱਜ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਮਜਦੂਰਾਂ ‘ਤੇ ਕੀਤੇ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਮਜ਼ਦੂਰਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਜਬਰ ਰਾਹੀਂ ਸੰਘਰਸ਼ ਨੂੰ ਦਬਾਉਣਾ ਚਾਹੁੰਦੀ ਹੈ।
ਇਸ ਮੌਕੇ ਇਨਕਲਾਬੀ ਮਾਰਕਸਵਾਦੀ ਕਮਿਊਨਿਸਟ ਪਾਰਟੀ ਭਾਰਤ (ਆਰਐੱਮਪੀਆਈ) ਦੇ ਜ਼ਿਲ੍ਹਾ ਪ੍ਰਧਾਨ ਡਾਕਟਰ ਅਮਰਜੀਤ ਸਿੰਘ ਕੁੱਕੂ, ਜ਼ਿਲ੍ਹਾ ਸਕੱਤਰ ਮਾਸਟਰ ਮਲਕੀਤ ਸਿੰਘ ਵਜੀਦਕੇ, ਬਲਦੇਵ ਸਿੰਘ ਹਾਜ਼ਰ ਸਨ।