ਮੁਕਤਸਰ ਵਿੱਚ ‘ਮੁੜ ਤੋਂ ਕਰੋ ਜ਼ਮੀਨੀ ਵੰਡ’ ਕਾਨਫਰੰਸ
ਲੋਕ ਮੋਰਚਾ ਤੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਦੀ ਮੰਗ
Advertisement
ਲੋਕ ਮੋਰਚਾ ਪੰਜਾਬ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਇੱਥੇ ਦਾਣਾ ਮੰਡੀ ਵਿੱਚ ਕੀਤੀ ਗਈ ‘ਮੁੜ ਤੋਂ ਕਰੋ ਜ਼ਮੀਨੀ ਵੰਡ’ ਕਾਨਫਰੰਸ ਨੂੰ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਲੋਕ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਜਗਮੇਲ ਸਿੰਘ ਤੇ ਗੁਰਦੀਪ ਸਿੰਘ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਆਖਿਆ ਕਿ ਪੰਜਾਬ ਵਿੱਚ ਕੁੱਲ ਜ਼ਮੀਨ ਮਾਲਕਾਂ ਦਾ 5 ਫੀਸਦੀ ਬਣਦੇ ਜਗੀਰਦਾਰਾਂ ਕੋਲ ਵਾਹੀਯੋਗ ਜ਼ਮੀਨ ਦੀ ਕਰੀਬ 22 ਫੀਸਦੀ ਮਾਲਕੀ ਹੈ ਜਦੋਂਕਿ ਪੰਜ ਏਕੜ ਤੋਂ ਹੇਠਲੇ 34 ਫ਼ੀਸਦੀ ਗਰੀਬ ਕਿਸਾਨਾਂ ਕੋਲ ਮਸਾਂ 10 ਫੀਸਦੀ ਜ਼ਮੀਨ ਦੀ ਮਾਲਕੀ ਹੈ। ਇਸ ਤੋਂ ਇਲਾਵਾ ਅਬਾਦੀ ਦਾ ਵੱਡਾ ਹਿੱਸਾ ਖੇਤ ਮਜ਼ਦੂਰ ਜ਼ਮੀਨ ਤੋਂ ਵਾਂਝੇ ਹਨ। ਉਨ੍ਹਾਂ ਆਖਿਆ ਕਿ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਤੇ ਥੁੜ੍ਹ ਜ਼ਮੀਨੇ ਕਿਸਾਨਾਂ ਦੀ ਬਿਹਤਰੀ ਤੇ ਤਰੱਕੀ ਲਈ ਜ਼ਮੀਨਾਂ ਤੇ ਖੇਤੀ ਸੰਦ ਸਾਧਨਾਂ ਦੀ ਵੰਡ ਮਜ਼ਦੂਰਾਂ ਤੇ ਕਿਸਾਨਾਂ ’ਚ ਕਰਨ ਤੋਂ ਇਲਾਵਾ ਖੇਤੀ ਲਾਗਤ ਵਸਤਾਂ ਦੇ ਉਤਪਾਦਕਾਂ ਤੇ ਵਪਾਰੀਆਂ ਦੀ ਲੁੱਟ ਨੂੰ ਨੱਕਾ ਲਾਉਣ, ਸੂਦਖੋਰੀ ਨੂੰ ਨੱਥ ਮਾਰਦਾ ਕਰਜ਼ਾ ਕਾਨੂੰਨ ਬਨਾਉਣ ਵਰਗੇ ਕਦਮ ਚੁੱਕਣ ਦੀ ਲੋੜ ਹੈ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਸੰਨ ਸੰਤਾਲੀ ਤੋਂ ਬਾਅਦ ਬਦਲ ਬਦਲ ਕੇ ਆਈਆਂ ਸਭਨਾਂ ਸਰਕਾਰਾਂ ਵੱਲੋਂ ਜ਼ਮੀਨੀ ਹੱਦਬੰਦੀ ਕਾਨੂੰਨ ਨੂੰ ਲਾਗੂ ਕਰਨ ਦੀ ਥਾਂ ਜ਼ਮੀਨੀ ਸੁਧਾਰਾਂ ਦੀ ਸਫ ਲਪੇਟ ਕੇ ਗ਼ਰੀਬ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਤੇ ਜਗੀਰਦਾਰਾਂ ਦੇ ਹਵਾਲੇ ਕਰਨ ਵਾਲੀਆਂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਆਖਿਆ ਕਿ ਜ਼ਮੀਨੀ ਵੰਡ ਕਰਾਉਣ ਵਰਗੀਆਂ ਮੰਗਾਂ ਲਾਗੂ ਕਰਾਉਣ ਲਈ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਤੇ ਥੁੜ੍ਹ ਜ਼ਮੀਨੇ ਕਿਸਾਨਾਂ ਦੀ ਵਿਸ਼ਾਲ, ਸਾਂਝੀ ਤੇ ਜੁਝਾਰੂ ਲਹਿਰ ਉਸਾਰਨ ਦੀ ਲੋੜ ਹੈ। ਇਸ ਮੌਕੇ ਇੱਕ ਮਤਾ ਪਾਸ ਕਰ ਕੇ ਹੜ੍ਹਾਂ ਦੇ ਲਈ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਪੀੜਤਾਂ ਨੂੰ ਰਾਹਤ ਦੇਣ ਤੇ ਮੁੜ ਵਸੇਬੇ ਦੇ ਸਰਕਾਰੀ ਪ੍ਰਬੰਧ ਕਰਨ ਦੀ ਮੰਗ ਕੀਤੀ ਗਈ। ਅਖੀਰ ’ਚ ਸ਼ਹਿਰ ਵਿੱਚ ਮੁਜ਼ਾਹਰਾ ਵੀ ਕੀਤਾ ਗਿਆ। ਇਸ ਮੌਕੇ ਮਜ਼ਦੂਰ ਆਗੂ ਗੁਰਜੰਟ ਸਿੰਘ ਸਾਉਂਕੇ, ਤਰਸੇਮ ਸਿੰਘ, ਬਾਜ਼ ਸਿੰਘ ਭੁੱਟੀਵਾਲਾ, ਕਾਕਾ ਸਿੰਘ ਖੁੰਡੇ ਹਲਾਲ, ਰਾਜਾ ਸਿੰਘ ਖੂਨਣ ਖੁਰਦ ਤੋਂ ਇਲਾਵਾ ਕਿਸਾਨ ਆਗੂ ਹਰਬੰਸ ਸਿੰਘ ਕੋਟਲੀ ਤੇ ਗੁਰਭਗਤ ਸਿੰਘ ਭਲਾਈਆਣਾ ਤੇ ਮੁਲਾਜ਼ਮ ਆਗੂ ਸੁਖਵੰਤ ਸਿੰਘ ਵੀ ਮੌਜੂਦ ਸਨ।
Advertisement
Advertisement