ਮਹਿੰਦਰ ਸਿੰਘ ਰੱਤੀਆਂ
ਮੋਗਾ, 17 ਸਤੰਬਰ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿੱਤੇ ਗਏ ਨਾਅਰੇ ’ਤੇ ਪੂਰੀ ਤਰ੍ਹਾਂ ਖਰੀ ਉਤਰ ਰਹੀ ਹੈ। ਉਨ੍ਹਾਂ ਵਿਦਿਆਰਥੀਆਂ ਨੂੁੰ ਪੜ੍ਹਾਈ ਦੇ ਨਾਲ ਖੇਡਾਂ ਵਿਚ ਹਿੱਸਾ ਲੈਣ ਦਾ ਸੱਦਾ ਦਿੰਦੇ ਹੋਏ ਦ੍ਰਿੜ ਇਰਾਦੇ ਨਾਲ ਮਿਹਨਤ ਕਰਨ ਲਈ ਪ੍ਰੇਰਿਆ। ਸ੍ਰੀ ਸੰਧਵਾਂ ਇੱਥੇ ਮੋਗਾ-ਕੋਟਕਪੂਰਾ ਕੌਮੀ ਮਾਰਗ ’ਤੇ ਪਿੰਡ ਪੰਜ ਗਰਾਂਈ ਵਿੱਚ ਸਥਿਤ ਮਿਲੇਨੀਅਮ ਵਰਲਡ ਸਕੂਲ ਵਿੱਚ ਧਾਰਮਿਕ ਸਮਾਗਮ ਵਿੱਚ ਹਿੱਸਾ ਲੈਣ ਪੁੱਜੇ ਸਨ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਅੱਜ ਸੂਬੇ ਭਰ ਵਿੱਚ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਕਰਨ ਦੇ ਨਾਲ-ਨਾਲ ਸਿਹਤ ਸਹੂਲਤਾਂ ਵੀ ਵਧੀਆ ਤਰੀਕੇ ਨਾਲ ਤੇ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸੰਧਵਾਂ ਨੇ ਕਿਹਾ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਦੇਸ਼ ਭਰ ਵਿੱਚ ਇੱਕ ਵਿਲੱਖਣ ਯੋਜਨਾ ਹੈ।
ਉਨ੍ਹਾਂ ਕਿਹਾ ਕਿ ਹਜਾਰਾਂ ਦੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਕੱਢ ਕੇ ਭਰਤੀ ਪ੍ਰਕਿਰਿਆਵਾਂ ਨੂੰ ਥੋੜ੍ਹੇ ਸਮੇਂ ਵਿੱਚ ਹੀ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਸੂਬੇ ’ਚ ਮੁੜ ਤੋਂ ਉਹੀ ਭੰਗੜੇ, ਗਿੱਧੇ, ਕਿਲਕਾਰੀਆਂ ਗੂੰਜਣੀਆਂ ਤੇ ਰੌਣਕਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ।
ਇਸ ਮੌਕੇ ਡਾਇਰੈਕਟਰ ਲਵਪ੍ਰੀਤ ਸਿੰਘ ਅਤੇ ਚੇਅਰਮੈਨ ਜਸਕਰਨ ਸਿੰਘ ਐਮਡੀ ਕਰਨਵੀਰ ਸਿੰਘ ਬਬਰਾ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਜੀ ਆਇਆਂ ਆਖਿਆ। ਉਨ੍ਹਾਂ ਕਿਹਾ ਕਿ ਸਕੂਲ ਮੈਨੇਜਮੈਂਟ ਵੱਲੋਂ ਫੈਸਲਾ ਲਿਆ ਗਿਆ ਕਿ ਜੇ ਕੋਈ ਲੋੜਵੰਦ ਅਤੇ ਗ਼ਰੀਬ ਪਰਿਵਾਰ ਦਾ ਬੱਚਾ ਇਸ ਸਕੂਲ ਜ਼ਰੀਏ ਸਿੱਖਿਆ ਪ੍ਰਾਪਤ ਕਰਨੀ ਚਾਹੁੰਦਾ ਹੈ ਤਾਂ ਉਸ ਨੂੰ ਮੁਫ਼ਤ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ।
ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਹਰਮਨਜੀਤ ਸਿੰਘ ਬਰਾੜ, ਚੇਅਰਮੈਨ ਨਗਰ ਸੁਧਾਰ ਟਰੱਸਟ ਦੀਪਕ ਅਰੋੜਾ, ਐਡਵੋਕੇਟ ਰਵਿੰਦਰਪਾਲ ਸਿੰਘ ਰੱਤੀਆਂ, ‘ਆਪ’ ਕਾਨੂੰਨੀ ਸੱਲ ਜ਼ਿਲ੍ਹਾ ਪ੍ਰਧਾਨ ਬਰਿੰਦਰਪਾਲ ਸਿੰਘ ਰੱਤੀਆਂ, ਮਨਪ੍ਰੀਤ ਸਿੰਘ ਧਾਲੀਵਾਲ, ਸੁਖਵਿੰਦਰ ਸਿੰਘ ਧਾਲੀਵਾਲ, ਬਿਕਰਮਜੀਤ ਸਿੰਘ ਸੰਨੀ, ਦੀਪਕ ਮੌਂਗਾ ਆਦਿ ਹਾਜ਼ਰ ਸਨ।