ਭਾਰਤੀ ਕਿਸਾਨ ਯੂਨੀਅਨ (ਏਕਤਾ)-ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਕੇਂਦਰੀ ਹਕੂਮਤ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਲਾਗੂ ਕਰਨ ਦਾ ਰਾਹ ਪੱਧਰਾ ਕਰਨ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਜਬਰ ’ਤੇ ਉਤਰ ਆਈ ਹੈ। ਉਨ੍ਹਾਂ ਕਿਹਾ ਕਿ ਸਰਕਾਰ, ਹੱਕ ਮੰਗਦੇ ਕਿਸਾਨਾਂ, ਮਜ਼ਦੂਰਾਂ, ਬੇਰੁਜ਼ਗਾਰਾਂ ਅਤੇ ਹਰ ਵਰਗ ਨੂੰ ਡੰਡੇ ਦੇ ਜ਼ੋਰ ’ਤੇ ਕੁਚਲਣਾ ਚਾਹੁੰਦੀ ਹੈ, ਜਿਸ ਦੀ ਤਾਜ਼ਾ ਉਦਾਹਰਣ ਬਠਿੰਡਾ ਦੇ ਜਿਉਂਦ ਪਿੰਡ ਵਿੱਚ ਵਾਪਰੀ ਹੈ। ਉਹ ਅੱਜ ਮਾਨਸਾ ਨੇੜਲੇ ਪਿੰਡ ਖਿਆਲਾ ਕਲਾਂ ਵਿੱਚ ਜਥੇਬੰਦੀ ਵੱਲੋਂ ਦਿੱਲੀ ਅੰਦੋਲਨ ਦੇ ਸਮੁੱਚੇ ਸ਼ਹੀਦਾਂ ਦੀ ਯਾਦ ਵਿੱਚ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਕਿਸਾਨ ਆਗੂ ਮਨਜੀਤ ਧਨੇਰ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਸੂਬੇ ਵਿੱਚ ਪੁਲੀਸ ਰਾਜ ਕਾਇਮ ਹੋ ਚੁੱਕਾ ਹੈ ਅਤੇ ਦਿਨ-ਦਿਹਾੜੇ ਸ਼ਰ੍ਹੇਆਮ ਝੂਠੇ ਪੁਲੀਸ ਮੁਕਾਬਲੇ ਬਣਾ ਕੇ ਅਮਨ-ਕਾਨੂੰਨ ਭੰਗ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਰਕਾਰੀ ਦਹਿਸ਼ਤ ਨੂੰ ਤੋੜਨ ਲਈ 6 ਮਾਰਚ ਨੂੰ ਬਠਿੰਡਾ ਵਿੱਚ ਲਲਕਾਰ ਰੈਲੀ ਅਤੇ ਮੁਜ਼ਾਹਰਾ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਿਦਿਆਰਥੀਆਂ ਦੀਆਂ ਚਾਰ ਦਰਜਨ ਜਥੇਬੰਦੀਆਂ ਵੱਲੋਂ ਕੀਤਾ ਜਾਵੇਗਾ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਸਾਨ ਲਹਿਰ ਦੇ ਸ਼ਹੀਦਾਂ ਨੂੰ ਆਪਣੀ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਕੁਲਵੰਤ ਸਿੰਘ ਕਿਸ਼ਨਗੜ੍ਹ, ਮੱਖਣ ਸਿੰਘ ਭੈਣੀਬਾਘਾ, ਲਖਵੀਰ ਸਿੰਘ ਅਕਲੀਆ, ਤਾਰਾ ਚੰਦ ਬਰੇਟਾ, ਜਗਦੇਵ ਸਿੰਘ ਕੋਟਲੀ, ਦਰਸ਼ਨ ਸਿੰਘ ਗੁਰਨੇ ਤੇ ਸਤਪਾਲ ਸਿੰਘ ਬਰ੍ਹੇ ਨੇ ਵੀ ਸੰਬੋਧਨ ਕੀਤਾ।
ਬਠਿੰਡਾ ਧਰਨੇ ਲਈ ਲਾਮਬੰਦੀ ਸ਼ੁਰੂ
ਮਲੋਟ (ਲਖਵਿੰਦਰ ਸਿੰਘ): ਪਿੰਡ ਜਿਉਂਦ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ)- ਉਗਰਾਹਾਂ ਦੇ ਇਕੱਠ ਉੱਤੇ 18 ਫਰਵਰੀ ਨੂੰ ਪੁਲੀਸ ਵੱਲੋਂ ਕੀਤੇ ਗਏ ਜਬਰ ਖ਼ਿਲਾਫ਼ ਦਰਜਨਾਂ ਜਥੇਬੰਦੀਆਂ ਵੱਲੋਂ 6 ਮਾਰਚ ਨੂੰ ਬਠਿੰਡਾ ਵਿੱਚ ਕੀਤੇ ਜਾਣ ਵਾਲੇ ਮੁਜ਼ਾਹਰੇ ਦੀਆਂ ਤਿਆਰੀਆਂ ਸਬੰਧੀ ਅੱਜ ਮਲੋਟ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਦੀ ਜ਼ਿਲ੍ਹਾ ਪੱਧਰੀ ਸਾਂਝੀ ਮੀਟਿੰਗ ਕੀਤੀ ਗਈ। ਇਸ ਮੌਕੇ ਪਿੰਡਾਂ ਅੰਦਰ ਜਨਤਕ ਮੁਹਿੰਮ ਛੇੜਨ ਦਾ ਫ਼ੈਸਲਾ ਲਿਆ ਗਿਆ। ਮੀਟਿੰਗ ਨੂੰ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਤੋਂ ਇਲਾਵਾ ਕਿਸਾਨ ਆਗੂ ਹਰਬੰਸ ਸਿੰਘ ਕੋਟਲੀ, ਗੁਰਭਗਤ ਸਿੰਘ ਭਲਾਈਆਣਾ ਖੇਤ ਮਜ਼ਦੂਰ ਆਗੂ ਬਾਜ਼ ਸਿੰਘ ਭੁੱਟੀਵਾਲਾ ਤੇ ਕਾਕਾ ਸਿੰਘ ਖੁੰਡੇ ਹਲਾਲ ਨੇ ਸੰਬੋਧਨ ਕੀਤਾ। ਇਸ ਮੌਕੇ ਬੁਲਾਰਿਆਂ ਨੇ 18 ਫਰਵਰੀ ਨੂੰ ਪਿੰਡ ਜਿਉਂਦ ਵਿੱਚ ਢਾਹੇ ਜਬਰ ਲਈ ਪੰਜਾਬ ਸਰਕਾਰ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਕਰਾਰ ਦਿੰਦਿਆਂ ਜਨਤਕ ਮੁਆਫ਼ੀ ਮੰਗਣ ਦੀ ਮੰਗ ਕੀਤੀ। ਇਸ ਮੌਕੇ ਕਿਸਾਨ ਆਗੂ ਗੁਰਪਾਸ਼ ਸਿੰਘ, ਗੁਰਮੀਤ ਸਿੰਘ ਮੱਲਣ, ਖੇਤ ਮਜ਼ਦੂਰ ਆਗੂ ਕਾਲਾ ਸਿੰਘ ਖੂਨਣ ਖੁਰਦ ਤੇ ਤਰਸੇਮ ਸਿੰਘ ਖੁੰਡੇ ਹਲਾਲ, ਸੁਖਦੇਵ ਸਿੰਘ ਮਲੋਟ ਅਤੇ ਹਰਫੂਲ ਸਿੰਘ ਭਾਗਸਰ ਆਦਿ ਆਗੂ ਮੌਜੂਦ ਸਨ।

