ਜੋਗਿੰਦਰ ਸਿੰਘ ਮਾਨ
ਮਾਨਸਾ, 23 ਦਸੰਬਰ
ਅੰਨਦਾਤਾ ਨਾਲ ਕੀਤੇ ਵਾਅਦਿਆਂ ਨੂੰ ਲਾਗੂ ਕਰਵਾਉਣ ਲਈ ਮਾਲਵਾ ਖੇਤਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਹੱਡ ਚੀਰਵੀਂ ਠੰਡ ਦੇ ਬਾਵਜੂਦ ਪੰਜਾਬ ਸਰਕਾਰ ਖ਼ਿਲਾਫ਼ ਲਗਾਤਾਰ ਚੌਥੇ ਦਿਨ ਮੁਰਦਾਬਾਦ ਜਾਰੀ ਰਹੀ। ਇਸ ਮੁਰਦਾਬਾਦ ਵਿੱਚ ਮਾਈਆਂ ਦਾ ਇਕੱਠ ਵੀ ਬੰਦਿਆਂ ਬਰਾਬਰ ਹੋਣ ਕਾਰਨ ਸਿਆਸੀ ਧਿਰਾਂ ਦਾ ਝੋਰਾ ਵੱਧਣ ਲੱਗਿਆ ਹੈ। ਜਥੇਬੰਦੀ ਦੀ ਸੂਬਾ ਕਮੇਟੀ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹੋਈ ਮੀਟਿੰਗ ਤੋਂ ਬਾਅਦ ਭਾਵੇਂ ਬਹੁਤ ਸਾਰੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਹੈ, ਪਰ ਮਾਨਸਾ ਵਿਖੇ ਦਿੱਤੇ ਗਏ ਧਰਨੇ ਦੌਰਾਨ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਮੰਚ ਤੋਂ ਐਲਾਨ ਕੀਤਾ ਕਿ 15 ਜ਼ਿਲ੍ਹਿਆਂ ਵਿੱਚ ਡੀ.ਸੀ ਦਫ਼ਤਰਾਂ ਅੱਗੇ ਪੱਕੇ ਧਰਨੇ ਫਿਲਹਾਲ ਜਾਰੀ ਰਹਿਣਗੇ।
ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਕਿਸਾਨਾਂ ਲਈ ਵੱਡੇ-ਵੱਡੇ ਐਲਾਨ ਕਰ ਪੰਜਾਬ ਸਰਕਾਰ ਹਕੀਕਤ ਵਿੱਚ ਸਿਰਫ ਐਲਾਨਾਂ ਤੱਕ ਹੀ ਸੀਮਤ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਐੈਲਾਨੇ ਨਰਮੇ ਖਰਾਬੇ ਦੇ 17 ਹਜ਼ਾਰ ਪ੍ਰਤੀ ਏਕੜ 10% ਮਜ਼ਦੂਰਾਂ ਲਈ ਅਜੇ ਤੱਕ ਨਹੀਂ ਦਿੱਤੇ ਗਏ। ਉਨ੍ਹਾਂ ਕਿਹਾ ਕਿ ਗੰਨੇ ਦੇ ਐਲਾਨੇ 360 ਪ੍ਰਤੀ ਕੁਇੰਟਲ ਦੇ ਰੇਟ ਨੂੰ ਦੇਣਾ ਯਕੀਨੀ ਬਣਾਇਆ ਜਾਵੇ, ਖੁਦਕੁਸ਼ੀ ਪੀੜਤ ਕਿਸਾਨਾਂ-ਮਜ਼ਦੂਰਾਂ ਨੂੰ 3-3 ਲੱਖ ਮੁਆਵਜ਼ਾ, ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਤੇ ਸਮੁੱਚਾ ਕਰਜਾ ਮੁਆਫ਼ ਕੀਤਾ ਜਾਵੇ।
ਮੋਗਾ (ਮਹਿੰਦਰ ਸਿੰਘ ਰੱਤੀਆਂ) ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸੂਬਾ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਤੇ ਪਿਛਲੇ ਚੋਣ ਵਾਅਦੇ ਲਾਗੂ ਕਰਨ ਤੋਂ ਇਲਾਵਾ ਹੋਰ ਭੱਖਦੇ ਮਸਲੇ ਹੱਲ ਕਰਨ ਬਾਰੇ ਅਪਣਾਈ ਗਈ ਟਰਕਾਊ ਨੀਤੀ ਖ਼ਿਲਾਫ਼ ਜ਼ਿਲ੍ਹਾ ਸਕੱਤਰੇਤ ਅੱਗੇ ਦਿਨ ਰਾਤ ਦਾ ਧਰਨਾ ਚੌਥੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਬੀਬੀਆਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਜਥੇਬੰਦੀ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ, ਗੁਰਮੀਤ ਸਿੰਘ ਕਿਸਨਪੁਰਾ,ਬਲੌਰ ਸਿੰਘ ਘੱਲ ਕਲਾਂ, ਲਖਵੀਰ ਸਿੰਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਜਦੋਂ ਦੀ ਸੱਤਾ ਵਿੱਚ ਆਈ ਹੈ ਉਦੋਂ ਤੋਂ ਜਨਤਕ ਅਦਾਰਿਆਂ ਨੂੰ ਤੇਜ਼ੀ ਨਾਲ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ ਮੋਦੀ ਸਰਕਾਰ ਖੇਤੀ ਖੇਤਰ ਨੂੰ ਕਾਰਪੋਰੇਟ ਦੇ ਹੱਥ ਵੇਚਣ ਲਈ ਬੜੀ ਕਾਹਲੀ ’ਚ ਹੈ।
ਬਰਨਾਲਾ (ਪਰਸ਼ੋਤਮ ਬੱਲੀ) ਡੀ.ਸੀ. ਬਰਨਾਲਾ ਦਫ਼ਤਰ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਜ਼ਿਲ੍ਹਾ ਬਰਨਾਲਾ ਦੀ ਕਮੇਟੀ ਦੀ ਅਗਵਾਈ ਹੇਠ ਕਿਸਾਨ ਆਪਣੀਆਂ ਮੰਗਾਂ ਦੇ ਹੱਕ ਵਿੱਚ ਚੌਥੇ ਦਿਨ ਵੀ ਗਰਜ਼ੇ। ਸਰਦੀ ਦੇ ਬਾਵਜੂਦ ਮੋਰਚੇ ’ਚ ਭਰਵੀਂ ਹਾਜ਼ਰੀ ਤੇ ਧਰਨਾਕਾਰੀਆਂ ’ਚ ਉਤਸ਼ਾਹ ਦੀ ਗਰਮਾਹਟ ਸੀ। ਮੋਰਚੇ ’ਚ ਵੱਖ-ਵੱਖ ਪਿੰਡਾਂ ਦੇ ਚਾਹ-ਦੁੱਧ ਦੇ ਲੰਗਰ ਚੱਲ ਰਹੇ ਹਨ। ਐੱਲਆਈਸੀ ਤੇ ਬੈਂਕ ਮੁਲਾਜ਼ਮਾਂ ਵੱਲੋਂ ਧਰਨਾਕਾਰੀਆਂ ਲਈ ਅੱਜ ਕੇਲਿਆਂ ਦੇ ਲੰਗਰ ਦੀ ਸੇਵਾ ਨਿਭਾਈ ਗਈ। ਬੁਲਾਰਿਆਂ ਨੇ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਸਿਆਸੀ ਨੇਤਾ ਝੂਠੇ ਵਾਅਦਿਆਂ ਰਾਹੀਂ ਲੋਕਾਂ ਨੂੰ ਮੁੜ ਗੁਮਰਾਹ ਕਰਨ ਲੱਗੇ ਹੋਏ ਹਨ, ਜਦੋਂਕਿ ਪਹਿਲਾਂ ਹਰ ਰੰਗ ਦੀ ਸਿਆਸੀ ਜਮਾਤ ਵੱਲੋਂ ਚੋਣ ਮਨੋਰਥ ਪੱਤਰਾਂ ’ਚ ਕੀਤੇ ਵਾਅਦੇ ਕਦੇ ਪੂਰੇ ਨਹੀਂ ਕੀਤੇ।