ਸੁਸਰੀ ਤੋਂ ਪ੍ਰੇਸ਼ਾਨ ਬਰ੍ਹੇ ਵਾਸੀਆਂ ਨੇ ਧਰਨਾ ਲਾਇਆ
ਕੰਪਨੀ ਪ੍ਰਬੰਧਕਾਂ ਅਤੇ ਪ੍ਰਸ਼ਾਸਨ ਤੋਂ ਸਮੱਸਿਆ ਦੇ ਪੱਕੇ ਹੱਲ ਦੀ ਮੰਗ ਕੀਤੀ
ਮਾਨਸਾ ਜ਼ਿਲ੍ਹੇ ਦੇ ਪਿੰਡ ਬਰ੍ਹੇ ਦੇ ਲੋਕਾਂ ਵੱਲੋਂ ਸੁਸਰੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋ ਕੇ ਕਿਸਾਨ ਜਥੇਬੰਦੀ ਦੇ ਸਹਿਯੋਗ ਨਾਲ ਗਲੋਬਲ ਵੇਅਰਹਾਊਸਿੰਗ ਟ੍ਰੇਡਿੰਗ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਗੁਦਾਮਾਂ ਦੇ ਗੇਟ ਅੱਗੇ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਧਰਨਾਕਾਰੀਆਂ ਨੇ ਕੰਪਨੀ ਪ੍ਰਬੰਧਕਾਂ ਅਤੇ ਪ੍ਰਸ਼ਾਸਨ ਤੋਂ ਸੁਸਰੀ ਦੀ ਸਮੱਸਿਆ ਦਾ ਤੁਰੰਤ ਅਤੇ ਪੱਕਾ ਹੱਲ ਕਰਨ ਦੀ ਮੰਗ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਗੁਰਤੇਜ ਸਿੰਘ ਬਰ੍ਹੇ ਨੇ ਦੋਸ਼ ਲਾਇਆ ਕਿ ਸੁਸਰੀ ਦੀ ਸਮੱਸਿਆ ਇੰਨੀ ਗੰਭੀਰ ਹੋ ਗਈ ਕਿ ਇਸ ਦਾ ਸਿੱਧਾ ਅਸਰ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ’ਤੇ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਖ਼ਾਸ ਕਰਕੇ ਛੋਟੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਵਾਸੀਆਂ ਅਨੁਸਾਰ ਸੁਸਰੀ ਘਰਾਂ ਦੇ ਅੰਦਰ ਤੱਕ ਪਹੁੰਚ ਰਹੀ ਹੈ ਅਤੇ ਖਾਣ-ਪੀਣ ਵਾਲੀਆਂ ਚੀਜ਼ਾਂ ਵਿੱਚ ਡਿੱਗ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸੁਸਰੀ ਦਾ ਛੋਟੇ ਬੱਚਿਆਂ ਅਤੇ ਬਜ਼ੁਰਗਾਂ ਦੇ ਨੱਕ, ਮੂੰਹ ਅਤੇ ਕੰਨਾਂ ਵਿੱਚ ਵੜਨ ਦੀਆਂ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਫ਼ਸਲਾਂ ਜਾਂ ਗੁਦਾਮਾਂ ਨਾਲ ਸਬੰਧਤ ਮਾਮਲਾ ਨਹੀਂ ਰਿਹਾ, ਬਲਕਿ ਹੁਣ ਇਹ ਪਿੰਡ ਵਾਸੀਆਂ ਦੀ ਸਿਹਤ ਅਤੇ ਰੋਜ਼ਾਨਾ ਜੀਵਨ ਨਾਲ ਜੁੜਿਆ ਗੰਭੀਰ ਮਸਲਾ ਬਣ ਗਿਆ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਿਹਤ ਵਿਭਾਗ ਦੀ ਟੀਮ ਨੂੰ ਮੌਕੇ ’ਤੇ ਭੇਜਕੇ ਪ੍ਰਭਾਵਤ ਲੋਕਾਂ ਦੀ ਜਾਂਚ ਕਰਵਾਈ ਜਾਵੇ ਅਤੇ ਸੁਸਰੀ ਦੇ ਫੈਲਾਅ ਨੂੰ ਰੋਕਣ ਲਈ ਵਿਗਿਆਨਕ ਢੰਗ ਨਾਲ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਗੋਦਾਮਾਂ ਅਤੇ ਉੱਥੇ ਸਟੋਰ ਕੀਤੇ ਅਨਾਜ ਦੀ ਸਬੰਧਤ ਵਿਭਾਗਾਂ ਵੱਲੋਂ ਜਾਂਚ ਕਰਵਾਈ ਜਾਵੇ ਅਤੇ ਜੇਕਰ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਜਾਂ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ। ਇਸ ਮੌਕੇ ਰਾਮ ਸਿੰਘ, ਦਰਸ਼ਨ ਸਿੰਘ ਮਘਾਣੀਆ, ਉਧੇ ਸਿੰਘ, ਕਾਲਾ ਸਿੰਘ, ਮੇਜਰ ਸਿੰਘ, ਅੰਮ੍ਰਿਤਪਾਲ ਸਿੰਘ, ਸੋਨੀ ਸਿੰਘ, ਗੁਰਪ੍ਰੀਤ ਸਿੰਘ, ਜੱਗਾ ਸਿੰਘ ਆਦਿ ਮੌਜੂਦ ਸਨ।

