ਪੱਤਰ ਪ੍ਰੇਰਕ
ਮਾਨਸਾ, 28 ਅਪਰੈਲ
ਵਿਧਾਨ ਸਭਾ ਚੋਣਾਂ-2022 ਦੌਰਾਨ ਚੋਣ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਵਾਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਥਾਨਕ ਬੱਚਤ ਭਵਨ ਵਿੱਚ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸ਼ਲਾਘਾ ਪੱਤਰ ਦੇ ਕੇ ਸਨਮਾਨ ਕੀਤਾ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਦੀ ਜਿੱਥੇ ਚੋਣ ਡਿਊਟੀ ਨੂੰ ਬਾਖੂਬੀ ਢੰਗ ਨਾਲ ਨਿਭਾਉਣ ਲਈ ਸ਼ਲਾਘਾ ਕੀਤੀ, ਉਥੇ ਭਵਿੱਖ ਅੰਦਰ ਵੀ ਰਾਜ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਹਰ ਕੰਮ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਮੂਹ ਅਧਿਕਾਰੀ ਅਤੇ ਕਰਮਚਾਰੀ ਅੱਗੇ ਵੀ ਆਪਣੀ ਡਿਊਟੀ ਨੂੰ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਜ਼ਿਲ੍ਹਾ ਮਾਨਸਾ ਦੇ ਹੋਰ ਪ੍ਰਾਜੈਕਟਾਂ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਨਾ ਯਕੀਨੀ ਬਣਾਉਣ ਤਾਂ ਜੋ ਬਾਕੀ ਜ਼ਿਲ੍ਹਿਆਂ ਨਾਲੋਂ ਮਾਨਸਾ ਜ਼ਿਲ੍ਹਾ ਹਰ ਖੇਤਰ ਵਿੱਚ ਮੋਹਰੀ ਰੋਲ ਅਦਾ ਕਰੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਜੈ ਅਰੋੜਾ, ਐੱਸ.ਡੀ.ਐੱਮ. ਮਾਨਸਾ ਹਰਜਿੰਦਰ ਸਿੰਘ ਜੱਸਲ, ਐੱਸ.ਡੀ.ਐੱਮ. ਸਰਦੂਲਗੜ੍ਹ ਮਨੀਸ਼ਾ ਰਾਣਾ ਆਦਿ ਹਾਜ਼ਰ ਸਨ।