ਅਵਤਾਰ ਸਿੰਘ ਧਾਲੀਵਾਲ
ਭਾਈਰੂਪਾ, 30 ਮਈ
ਇਥੇ ‘ਆਪ’ ਕਿਸਾਨ ਵਿੰਗ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਜਤਿੰਦਰ ਸਿੰਘ ਭੱਲਾ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਦਾ ਸਨਮਾਨ ਕੀਤਾ ਗਿਆ। ਪਿੰਡ ਘੰਡਾਬੰਨਾ ਦੇ ਕਿਸਾਨ ਕਰਮਜੀਤ ਸਿੰਘ ਨੇ ਆਪਣੇ ਅੱਠ ਏਕੜ ਜ਼ਮੀਨ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ। ਸ੍ਰੀ ਭੱਲਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਪੀਲ ਨੂੰ ਅਮਲ ਵਿੱਚ ਲਿਆਉਂਦੇ ਹੋਏ 30 ਲੱਖ ਏਕੜ ਤੋਂ ਜ਼ਿਆਦਾ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਣੀ ਹੈ, ਜਿਸ ਨਾਲ ਬੇਹਿਸਾਬਾ ਧਰਤੀ ਹੇਠਲਾ ਪਾਣੀ ਬਚੇਗਾ। ਭੱਲਾ ਨੇ ਕਿਹਾ ਕਿ ਬੀਤੀਆਂ ਸਰਕਾਰਾਂ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੋਈ ਯਤਨ ਨਹੀਂ ਕੀਤਾ, ਜਦ ਕਿ ‘ਆਪ’ ਸਰਕਾਰ ਨੇ ਜਿੱਥੇ ਮੂੰਗੀ ਦੀ ਫ਼ਸਲ ਦੀ ਐੱਮਐੱਸਪੀ ਦਿੱਤੀ ਹੈ, ਉੱਥੇ 1500 ਰੁਪਏ ਪ੍ਰਤੀ ਏਕੜ ਇਨਾਮੀ ਰਾਸ਼ੀ ਦੇਣ ਦਾ ਫੈਸਲਾ ਵੀ ਕੀਤਾ ਹੈ। ਇਸ ਮੌਕੇ ਮੌਕੇ ਜਸਵੀਰ ਸਿੰਘ ਬਲਾਕ ਪ੍ਰਧਾਨ, ਗੁਰਤੇਜ ਸਿੰਘ ਭਾਈਰੂਪਾ, ਬਲਜਿੰਦਰ ਸਿੰਘ, ਪ੍ਰੀਤਮ ਸਿੰਘ, ਕਰਮਜੀਤ ਸਿੰਘ, ਬਿੰਦਰ ਸਿੰਘ, ਬੇਅੰਤ ਸਿੰਘ ਆਦਿ ਹਾਜ਼ਰ ਸਨ।