DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਜ਼ੁਰਗਾਂ ਦੀ ਸਾਂਭ-ਸੰਭਾਲ ਲਈ ‘ਸਤਿਕਾਰ ਘਰ’ ਬਣਾਇਆ

ਕੈਬਨਿਟ ਮੰਤਰੀ ਬਲਜੀਤ ਕੌਰ ਨੇ ੳੁਦਘਾਟਨ ਕੀਤਾ; ਧੀਆਂ ਦੀ ਲੋਹੜੀ ਮਨਾੲੀ

  • fb
  • twitter
  • whatsapp
  • whatsapp
featured-img featured-img
ਮਾਨਸਾ ਵਿੱਚ ਬਜ਼ੁਰਗ ਦਾ ਸਨਮਾਨ ਕਰਦੀ ਹੋਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ।
Advertisement

‘ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਬਿਰਧਾਂ ਦੀ ਸੇਵਾ-ਸੰਭਾਲ ਲਈ ਪੰਜਾਬ ਸਰਕਾਰ ਨੇ 9.12 ਕਰੋੜ ਦੀ ਲਾਗਤ ਨਾਲ ‘ਸਤਿਕਾਰ ਘਰ’ ਬਣਾਇਆ ਹੈ।’ ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਇੱਥੇ ਸਰਕਾਰੀ ਬਿਰਧ ਘਰ ‘ਸਤਿਕਾਰ ਘਰ’ ਦੇ ਉਦਘਾਟਨ ਮੌਕੇ ਆਖੀ।

ਡਾ. ਬਲਜੀਤ ਕੌਰ ਨੇ ਕਿਹਾ ਕਿ 72 ਬਿਸਤਰਿਆਂ ਵਾਲੇ ਇਸ ‘ਸਤਿਕਾਰ ਘਰ’ ਵਿੱਚ ਬਜ਼ੁਰਗਾਂ ਦੀ ਸੰਭਾਲ, ਭੋਜਨ, ਮੈਡੀਕਲ ਸਹੂਲਤਾਂ, ਲਾਇਬ੍ਰੇਰੀ, ਯੋਗਾ ਰੂਮ ਤੇ ਗੇਮ ਰੂਮ ਆਦਿ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤੇ ਜਾ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਸਿਹਤ ਕੈਂਪ ਵੀ ਸ਼ੁਰੂ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ‘ਸਤਿਕਾਰ ਘਰ’ ਵਿੱਚ ਰਹਿ ਰਹੇ ਬਿਰਧਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਰਾਜ ਪੱਧਰੀ ਧੀਆਂ ਦੇ ਸਮਾਗਮ ਮੌਕੇ 21 ਨਵਜੰਮੀਆਂ ਧੀਆਂ ਦਾ ਸਨਮਾਨ ਕੀਤਾ।

Advertisement

ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋੜਵੰਦ ਬਜ਼ੁਰਗਾਂ ਦੀ ਬੁਢਾਪੇ ਵਿੱਚ ਸੇਵਾ ਸੰਭਾਲ ਦਾ ਵੱਡਾ ਉਪਰਾਲਾ ਕੀਤਾ ਹੈ। ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਿੱਥੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ, ਉੱਥੇ ਕਰੋੜਾਂ ਦੇ ਵਿਕਾਸ ਕਾਰਜ ਵੀ ਜਾਰੀ ਹਨ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਵਿਮੀ ਭੁੱਲਰ ਨੇ ਕਿਹਾ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਜ਼ੁਰਗਾਂ, ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਵੱਖ ਵੱਖ ਪ੍ਰਾਜੈਕਟਾਂ ’ਤੇ ਕੰਮ ਕਰ ਰਿਹਾ ਹੈ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਅਤੇ ਸਾਰੇ ਹਾਜ਼ਰੀਨ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਬਲਜੀਤ ਕੌਰ ਨੇ ਅਲਿਮਕੋ ਅਤੇ ਨੇਕੀ ਫਾਊਂਡੇਸ਼ਨ ਦੇ ਸਹਿਯੋਗ ਨਾਲ ਦਿਵਿਆਂਗਾਂ ਨੂੰ ਵ੍ਹੀਲ ਚੇਅਰਾਂ ਅਤੇ ਐਨਕਾਂ ਵੀ ਵੰਡੀਆਂ। ਇਸ ਤੋਂ ਇਲਾਵਾ ਵਿੱਦਿਅਕ, ਖੇਡਾਂ ਤੇ ਹੋਰ ਖੇਤਰਾਂ ਵਿਚ ਮੋਹਰੀ ਧੀਆਂ ਦਾ ਸਨਮਾਨ ਕੀਤਾ ਅਤੇ ਬਜ਼ੁਰਗਾਂ ਨੂੰ ਪੈਨਸ਼ਨ ਪੱਤਰਾਂ ਦੀ ਵੰਡ ਕੀਤੀ ਗਈ। ਇਸ ਤੋਂ ਪਹਿਲਾਂ ਉਨ੍ਹਾਂ ਵਿਭਾਗਾਂ ਦੀਆਂ ਸਕੀਮਾਂ ਅਤੇ ਮੈਡੀਕਲ ਕੈਂਪ ਦਾ ਦੌਰਾ ਕੀਤਾ।

Advertisement

ਡੀ ਸੀ ਦਫ਼ਤਰ ਦੇ ਕਰਮਚਾਰੀਆਂ ਨੇ ਪ੍ਰੋਗਰਾਮ ਦਾ ਬਾਈਕਾਟ ਕੀਤਾ

ਮਾਨਸਾ (ਪੱਤਰ ਪ੍ਰੇਰਕ): ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਆਗਮਨ ਨੂੰ ਲੈ ਕੇ ਡੀ ਸੀ ਦਫ਼ਤਰ ਮਾਨਸਾ ਕਰਮਚਾਰੀ ਯੂਨੀਅਨ ਨੇ ਡੀ ਸੀ ਦੇ ਰਵੱਈਏ ਨੂੰ ਲੈ ਕੇ ਪ੍ਰੋਗਰਾਮ ਦਾ ਮੁਕੰਮਲ ਬਾਈਕਾਟ ਕੀਤਾ ਅਤੇ ਕਿਸੇ ਨੇ ਸ਼ਿਰਕਤ ਨਹੀਂ ਕੀਤੀ। ਡੀ ਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਉਨ੍ਹਾਂ ਨਾਲ ਵਧੀਆ ਰਵੱਈਆ ਨਹੀਂ ਰੱਖਦੇ। ਡੀ ਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰੈੱਸ ਸਕੱਤਰ ਜਸਵੰਤ ਸਿੰਘ, ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਬਿੱਟੂ, ਜਨਰਲ ਸਕੱਤਰ ਸੁਖਵਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਡੀ ਸੀ ਮਾਨਸਾ ਦਾ ਇਨ੍ਹਾਂ ਪ੍ਰਤੀ ਵਿਵਹਾਰ ਠੀਕ ਨਹੀਂ ਹੈ। ਉਨ੍ਹਾਂ ਨੂੰ ਕੋਈ ਛੁੱਟੀ ਨਹੀਂ ਦਿੱਤੀ ਜਾ ਰਹੀ ਅਤੇ ਕਰਮਚਾਰੀਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਪੰਜਾਬ ਸਰਕਾਰ ਨੂੰ ਵੀ ਲਿਖਤੀ ਪੱਤਰ ਭੇਜਣਗੇ। ਉਧਰ, ਜਦੋਂ ਮਾਨਸਾ ਦੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਹ ਕੁੱਝ ਲੋਕ ਦੀ ਸਰਕਾਰੀ ਸਮਾਗਮ ਵਿੱਚ ਵਿਘਨ ਪਾਉਣ ਦੀ ਚਾਲ ਹੈ ਅਤੇ ਸਮਾਗਮ ਦੌਰਾਨ ਦਫ਼ਤਰੀ ਕਰਮਚਾਰੀਆਂ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ ਹੈ। ਸਮਾਗਮ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ ਗਿਆ ਹੈ।

Advertisement
×