ਪਰਮਜੀਤ ਸਿੰਘ
ਫ਼ਾਜ਼ਿਲਕਾ, 11 ਮਾਰਚ
ਜਨਰਲ ਰੇਤਾ ਵਰਕਰ ਯੂਨੀਅਨ ਏਟਕ ਪੰਜਾਬ ਵੱਲੋਂ ਜ਼ਿਲ੍ਹਾ ਜਨਰਲ ਸਕੱਤਰ ਕਾਮਰੇਡ ਸੁਬੇਗ ਝੰਗੜਾ ਅਤੇ ਬਲਾਕ ਸਮਿਤੀ ਮੈਂਬਰ, ਹੁਸ਼ਿਆਰ ਸਿੰਘ ਬਲਾਕ ਪ੍ਰਧਾਨ ਦੀ ਅਗਵਾਈ ਹੇਠ ਥਾਣਾ ਸਦਰ ਫਾਜ਼ਿਲਕਾ ਐੱਸਐੱਚਓ ਦਾ ਪੁਤਲਾ ਫ਼ੂਕਿਆ ਗਿਆ। ਇਹ ਪ੍ਰਦਰਸ਼ਨ ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਦੇ ਆਸ-ਪਾਸ ਮਾਹਾਤਮ ਨਗਰ ਸਤਲੁਜ ਦਰਿਆ ਦੇ ਬੰਨ੍ਹ ਨਾਲ ਮਿਆਣੀ ਬਸਤੀ, ਬਾਧਾ ਪੰਚਾਇਤੀ ਜ਼ਮੀਨ ਵਿਚੋਂ ਰੇਤ ਦੀ ਗੈਰਕਾਨੂੰਨੀ ਖੁਦਾਈ ਖ਼ਿਲਾਫ਼ ਪੁਲੀਸ ਵੱਲੋਂ ਦੋਸ਼ੀਆਂ ਵਿਰੁੱਧ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਕੀਤਾ ਗਿਆ। ਆਗੂਆਂ ਕਿਹਾ ਕਿ ਰੇਤ ਮਾਫ਼ੀਆ ਵੱਲੋਂ ਰਾਜਸੀ ਨੇਤਾਵਾਂ ਨਾਲ ਮਿਲ ਕੇ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੀ ਸ਼ਹਿ ’ਤੇ ਸ਼ਰੇਆਮ ਰੇਤ ਦੀ ਗੈਰਕਾਨੂੰਨੀ ਢੰਗ ਨਾਲ ਖੁਦਾਈ ਕੀਤੀ ਜਾ ਰਹੀ ਹੈ। ਇਸ ਨਾਲ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਾਇਆ ਜਾ ਰਿਹਾ ਹੈ। ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜੋ ਟਰੈਕਟਰ ਟਰਾਲੀਆਂ ਥਾਣਾ ਸਦਰ ਐੱਸਐੱਚਓ ਨੂੰ ਕੱਲ੍ਹ ਕਾਬੂ ਕਰਵਾਈਆਂ ਸਨ, ਉਨ੍ਹਾਂ ਨੂੰ ਛੱਡ ਦਿੱਤਾ ਸੀ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਤੁਰੰਤ ਮੁਕੱਦਮਾ ਦਰਜ ਕਰ ਕੇ ਕਾਪੀ ਸਾਨੂੰ ਦਿੱਤੀ ਜਾਵੇ ਨਹੀਂ ਸੰਘਰਸ਼ ਵੱਡੇ ਪੱਧਰ ’ਤੇ ਕੀਤਾ ਜਾਵੇਗਾ।