ਖੇਤਰੀ ਪ੍ਰਤੀਨਿਧ
ਬਰਨਾਲਾ, 29 ਅਕਤੂਬਰ
ਵਿਸ਼ੇਸ਼ ਮੁੱਖ ਸਕੱਤਰ (ਐਨਆਰਆਈ ਮਾਮਲੇ ਅਤੇ ਰੱਖਿਆ ਭਲਾਈ) ਕਿਰਪਾ ਸ਼ੰਕਰ ਸਰੋਜ ਨੇ ਅੱਜ ਜ਼ਿਲ੍ਹਾ ਬਰਨਾਲਾ ਵਿੱਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਤਹਿਤ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੂੰ ਜੀ ਆਇਆਂ ਆਖਦਿਆਂ ਡੀਸੀ ਬਰਨਾਲਾ ਡਾ. ਹਰੀਸ਼ ਨਈਅਰ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰਿਆਵਲ ਵਧਾਉਣ ਲਈ ਕੀਤੇ ਵਿਸ਼ੇਸ਼ ਉਪਰਾਲਿਆਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕਰਵਾਈਆਂ ਜਾ ਰਹੀਆਂ ਉਸਾਰੀਆਂ ਆਦਿ ਸਬੰਧੀ ਵੀ ਸਮੀਖਿਆ ਕੀਤੀ। ਸੇਵਾ ਕੇਂਦਰਾਂ ਦੇ ਕੰਮ, ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਆਮ ਆਦਮੀ ਕਲੀਨਿਕ, ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀ ਮਸ਼ੀਨਰੀ ਸਬੰਧੀ ਅਤੇ ਹੋਰ ਮੁੱਦਿਆਂ ਉੱਤੇ ਵੀ ਵਿਚਾਰ ਕੀਤੇ ਗਏ।
ਇਸ ਮੌਕੇ ਬੋਲਦਿਆਂ ਕਿਰਪਾ ਸ਼ੰਕਰ ਸਰੋਜ ਨੇ ਬਰਨਾਲਾ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ। ਵਿਸ਼ੇਸ਼ ਪ੍ਰਮੁੱਖ ਸਕੱਤਰ ਕਿਰਪਾ ਸ਼ੰਕਰ ਸਰੋਜ ਨੇ ਬਰਨਾਲਾ ਦਾਣਾ ਮੰਡੀ ਦਾ ਦੌਰਾ ਕੀਤਾ।
ਹਾਈਵੇਅ ਪ੍ਰਾਜੈਕਟਾਂ ਵਿੱਚ ਤੇਜ਼ੀ ਦੀਆਂ ਹਦਾਇਤਾਂ
ਨਿਹਾਲ ਸਿੰਘ ਵਾਲਾ/ ਮੋਗਾ (ਪੱਤਰ ਪ੍ਰੇਰਕ): ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਪ੍ਰਭਾਰੀ ਸਕੱਤਰ ਜ਼ਿਲ੍ਹਾ ਮੋਗਾ ਡੀਕੇ ਤਿਵਾੜੀ ਨੇ ਜ਼ਿਲ੍ਹੇ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਵਿਕਾਸ ਕਾਰਜਾਂ ਨੂੰ ਸਮੇਂ ਨਾਲ ਪੂਰਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸ੍ਰੀ ਤਿਵਾੜੀ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਉਤਸ਼ਾਹੀ ਜ਼ਿਲ੍ਹਾ ਪ੍ਰੋਗਰਾਮ ਅਧੀਨ ਕੀਤੇ ਜਾ ਰਹੇ ਕਾਰਜਾਂ, ਤਿੰਨ ਸਨਅਤੀ ਪ੍ਰਾਜੈਕਟਾਂ, ਆਯੂਸ਼ ਹਸਪਤਾਲ, ਆਮ ਆਦਮੀ ਕਲੀਨਿਕ, ਦੌਧਰ ਵਾਟਰ ਸਪਲਾਈ ਪ੍ਰਾਜੈਕਟ ਦੀ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਨੇ ਸ੍ਰੀ ਤਿਵਾੜੀ ਨੂੰ ਵੱਖ-ਵੱਖ ਹਾਈਵੇਅ ਪ੍ਰਾਜੈਕਟਾਂ ਦੀ ਪ੍ਰਗਤੀ ਤੋਂ ਜਾਣੂ ਕਰਵਾਇਆ। ਪ੍ਰਮੁੱਖ ਸਕੱਤਰ ਨੇ ਕਬਜ਼ੇ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।