ਨਿੱਜੀ ਪੱਤਰ ਪ੍ਰੇਰਕ
ਫ਼ਾਜ਼ਿਲਕਾ, 2 ਜੂਨ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਸੰਯੁਕਤ ਡਾਇਰੈਕਟਰ ਡਾ. ਜਸਵਿੰਦਰ ਸਿੰਘ ਗਰੇਵਾਲ ਵੱਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਮੁੱਖ ਖੇਤੀਬਾੜੀ ਦਫ਼ਤਰ ਵਿੱਚ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਅਧਿਕਾਰੀਆਂ ਵੱਲੋਂ ਸਿੱਧੀ ਬਿਜਾਈ ਸਬੰਧੀ ਆ ਰਹੀਆਂ ਸਮੱਸਿਆਵਾਂ ਜਿਵੇਂ ਕਿ ਬਿਜਾਈ ਦੀ ਸਮੱਸਿਆ, ਨਹਿਰੀ ਪਾਣੀ ਦੀ ਸਮੱਸਿਆ ਸਬੰਧੀ ਜਾਣੂ ਕਰਵਾਇਆ ਗਿਆ। ਇਸ ਸਬੰਧ ’ਚ ਸੰਯੁਕਤ ਡਾਇਰੈਕਟਰ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਜਲਦ ਹੀ ਬਿਜਲੀ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ ਅਤੇ ਅੱਠ ਘੰਟੇ ਨਿਰੰਤਰ ਬਿਜਲੀ ਦੇਣ ਲਈ ਬਿਜਲੀ ਵਿਭਾਗ ਨੂੰ ਕਿਹਾ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਬਲਾਕ ਜਲਾਲਾਬਾਦ ਦੇ ਚੱਕ ਸੋਹਣਾ ਸਾਂਦੜ ਵਿੱਚ ਕਿਸਾਨ ਹਰਮੀਤ ਸਿੰਘ ਦੇ ਖੇਤ ’ਚ ਝੋਨੇ ਦੀ ਸਿੱਧੀ ਬਿਜਾਈ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨਾਲ ਜ਼ਿਲ੍ਹਾ ਫਾਜ਼ਿਲਕਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਰੇਸ਼ਮ ਸਿੰਘ, ਏ.ਡੀ.ਓ. ਪਰਵਿੰਦਰ ਸਿੰਘ, ਸੰਦੀਪ ਸਿੰਘ, ਪਰਵਸ਼ ਕੁਮਾਰ ਏਡੀਓ, ਜਰਮਨਜੀਤ ਸਿੰਘ ਏਐਸਈ, ਕਮਲਪ੍ਰੀਤ ਸਿੰਘ ਆਤਮਾ ਅਤੇ ਕਿਸਾਨ ਹਾਜ਼ਰ ਸਨ।