ਜਸਵੰਤ ਜੱਸ
ਫ਼ਰੀਦਕੋਟ, 29 ਅਕਤੂਬਰ
ਅਨਾਜ ਮੰਡੀਆਂ ਵਿੱਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸਥਾਨਕ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਵੀ ਹਾਜ਼ਰ ਸਨ। ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੇ ਪੁਖ਼ਤਾ ਪ੍ਰਬੰਧਾਂ ਸਦਕਾ ਸੂਬੇ ਵਿੱਚ ਝੋਨੇ ਦੀ ਖ਼ਰੀਦ ਦਾ ਕੰਮ ਵਧੀਆ ਤਰੀਕੇ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਖ਼ਰੀਦੀ ਫ਼ਸਲ ਦੀ ਅਦਾਇਗੀ ਬਿਨਾਂ ਦੇਰੀ ਕੀਤੀ ਜਾ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਦਾਣਾ ਮੰਡੀ ਵਿੱਚ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ। ਮੰਤਰੀ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਚੰਗੀ ਤਰ੍ਹਾਂ ਪੱਕੀ ਫ਼ਸਲ ਹੀ ਮੰਡੀ ਵਿੱਚ ਲਿਆਂਦੀ ਜਾਵੇ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦਿੱਕਤ ਨਾ ਆਉਣ ਦਿੱਤੀ ਜਾਵੇ। ਜ਼ਿਲ੍ਹਾ ਮੰਡੀ ਅਫ਼ਸਰ ਪ੍ਰੀਤਕੰਵਰ ਸਿੰਘ ਬਰਾੜ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 3,00,267 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਸੀ ਜਿਸ ਵਿੱਚੋਂ 2,87,266 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ। ਜ਼ਿਲ੍ਹੇ ਦੇ ਕਿਸਾਨਾਂ ਨੂੰ 453.08 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਇਸ ਮੌਕੇ ਐਸਡੀਐਮ ਬਲਜੀਤ ਕੌਰ, ਡਿਪਟੀ ਡਾਇਰੈਕਟਰ ਖੁਰਾਕ ਤੇ ਸਪਲਾਈ ਕੰਟਰੋਲਰ ਜਸਪ੍ਰੀਤ ਸਿੰਘ ਕਾਹਲੋ, ਡੀਐਫਐਸਸੀ ਕੁਲਵੰਤ ਸਿੰਘ, ਏਐਫਐਸਓ ਗੁਰਚਰਨ ਪਾਲ, ‘ਆਪ’ ਆਗੂ ਸੁਖਜੀਤ ਸਿੰਘ ਢਿੱਲਵਾਂ, ਗੁਰਤੇਜ ਸਿੰਘ ਖੋਸਾ, ਰਵੀ ਬੁਗਰਾ, ਮਨਪ੍ਰੀਤ ਸਿੰਘ ਧਾਲੀਵਾਲ, ਅਮਨਦੀਪ ਸਿੰਘ ਬਾਬਾ ਆਦਿ ਵੀ ਹਾਜ਼ਰ ਸਨ।
ਅਧਿਕਾਰੀਆਂ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਦੂਰ ਕਰਨ ਦੀਆਂ ਹਦਾਇਤਾਂ
ਨਿਹਾਲ ਸਿੰਘ ਵਾਲਾ/ਮੋਗਾ (ਰਾਜਵਿੰਦਰ ਰੌਂਤਾ): ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਮੋਗਾ ਦੀ ਮੁੱਖ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਸਣੇ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਹਾਜ਼ਰ ਸੀ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1.91 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦੇ ਨਿਰਧਾਰਤ ਟੀਚੇ ਨੂੰ ਜਲਦ ਪੂਰਾ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਵੇਚਣ ਸਬੰਧੀ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਉਣ ਦਿੱਤੀ ਜਾਵੇ। ਕਿਸਾਨਾਂ ਦੀ ਸਮੱਸਿਆਵਾਂ ਸੁਣਨ ਮਗਰੋਂ ਉਨ੍ਹਾਂ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਨਾਜ ਮੰਡੀਆਂ ਵਿਚ ਪੀਣ ਵਾਲੇ ਪਾਣੀ, ਰੌਸ਼ਨੀ ਅਤੇ ਸਫਾਈ ਦਾ ਖ਼ਿਆਲ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ 28 ਅਕਤੂਬਰ ਤੱਕ 3,91,316 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਜਿਸ ਵਿਚੋਂ 3,61,443 ਦੀ ਖ਼ਰੀਦ ਹੋ ਚੁੱਕੀ ਹੈ।