ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 30 ਅਕਤੂਬਰ
ਸ਼੍ਰੋਮਣੀ ਅਕਾਲੀ ਦਲ (ਅ) ਨੇ ਡੇਰਾ ਸਿਰਸਾ ਦੇ ਮੁਖੀ ਵੱਲੋਂ ਕੀਤੇ ਜਾਂਦੇ ਲਾਈਵ ਸਤਿਸੰਗ ਦੇ ਖਿਲਾਫ਼ ਰੋਸ ਪ੍ਰਗਟ ਕਰਦਿਆਂ ਅੱਜ ਬਾਜਾਖਾਨਾ-ਬਰਨਾਲਾ ਸੜਕ ’ਤੇ ਪੈਂਦੇ ਪਿੰਡ ਜਲਾਲ ਦੇ ਬੱਸ ਅੱਡੇ ‘ਤੇ ਕਰੀਬ 4 ਘੰਟੇ ਜਾਮ ਲਗਾਇਆ। ਇਸ ਮੌਕੇ ਉਨ੍ਹਾਂ ਡੇਰਾ ਸਿਰਸਾ ਦੇ ਪੰਜਾਬ ਵਿਚਲੇ ਪ੍ਰਮੁੱਖ ਹੈਡਕੁਆਰਟਰ ਡੇਰਾ ਸਲਾਬਤਪੁਰਾ ਨੂੰ ਜਾਣ ਵਾਲੇ ਡੇਰਾ ਸਰਧਾਲੂਆਂ ਦੇ ਵਾਹਨਾਂ ਦਾ ਰਸਤਾ ਰੋਕਿਆ। ਇਥੇ ਜ਼ਿਕਰਯੋਗ ਹੈ ਕਿ ਇਹ ਡੇਰਾ ਇਸੇ ਸੜਕ ’ਤੇ ਪਿੰਡ ਸਲਾਬਤਪੁਰਾ ਵਿਖੇ ਸਥਿੱਤ ਹੈ, ਜਿੱਥੇ ਕਿ ਵੱਡੀਆਂ ਸਕਰੀਨਾਂ ਰਾਹੀਂ ਡੇਰਾ ਸ਼ਰਧਾਲੂ ਲਾਈਵ ਸਤਿਸੰਗ ਸੁਣਦੇ ਹਨ। ਇਸ ਮੌਕੇ ਇਕੱਤਰ ਪਾਰਟੀ ਵਰਕਰਾਂ ਨੇ ਡੇਰਾ ਸਿਰਸਾ ਦੀਆਂ ਵਧਦੀਆਂ ਸਰਗਰਮੀਆਂ ਦਾ ਤਿੱਖਾ ਵਿਰੋਧ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸ਼੍ਰੋਮਣੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਭਾਈ ਰਣਜੀਤ ਸਿੰਘ ਵਾਂਦਰ, ਗੁਰਚਰਨ ਸਿੰਘ ਭਗਤਾ ਅਤੇ ਬਲਜਿੰਦਰ ਸਿੰਘ ਖਾਲਸਾ ਨੇ ਦੋਸ਼ ਲਾਇਆ ਕਿ ਡੇਰਾ ਸਿਰਸਾ ਮੁਖੀ ਜਾਣਬੁੱਝ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਨ 2015 ਵਿਚ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲੇ ਵਿੱਚ ਡੇਰਾ ਮੁਖੀ ਦਾ ਨਾਮ ਵੀ ਆ ਚੁੱਕਾ ਹੈ ਪਰ ਪੰਜਾਬ ਸਰਕਾਰ ਉਸ ਖਿਲਾਫ ਕਾਰਵਾਈ ਕਰਨ ਦੀ ਬਜਾਇ ਪੁਲੀਸ ਦੇ ਪਹਿਰੇ ਹੇਠ ਉਸ ਦੀਆਂ ਨਾਮ ਚਰਚਾਵਾਂ ਕਰਵਾਈਆਂ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੰਭੀਰ ਕੇਸਾਂ ‘ਚ ਸਜ਼ਾ ਯਾਫਤਾ ਡੇਰਾ ਮੁਖੀ ਸੂਬੇ ਅੰਦਰ ਡੇਰੇ ਖੋਲ੍ਹਣ ਦੀ ਸਾਜ਼ਿਸ਼ ਰਚ ਰਿਹਾ ਹੈ। ਇਸੇ ਦੌਰਾਨ ਧਰਨਾਕਾਰੀਆਂ ਨੇ ਆਪਣੀਆਂ ਮੰਗਾਂ ਸਬੰਧੀ ਪ੍ਰਸ਼ਾਸਨ ਨੂੰ ਮੰਗ ਪੱਤਰ ਵੀ ਦਿੱਤਾ। ਇਸ ਜਾਮ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਡੀਐਸਪੀ ਫੂਲ ਆਸ਼ਵੰਤ ਸਿੰਘ ਧਾਲੀਵਾਲ ਦੀ ਅਗਵਾਈ ‘ਚ ਵੱਡੀ ਗਿਣਤੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਸੀ।