ਮਹਿੰਦਰ ਸਿੰਘ ਰੱਤੀਆਂ
ਮੋਗਾ, 14 ਜੁਲਾਈ
ਇਥੇ ਐੱਮਪੀ ਲੈਡ /ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ’ਚ ਕਈ ਵਿਭਾਗਾਂ ਦੇ ਅਧਿਕਾਰੀ ਗੈਰ ਹਾਜ਼ਰ ਹੋਣ ਤੋਂ ਲੋਕ ਸਭਾ ਹਲਕਾ ਫਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਤੈਸ਼ ’ਚ ਆ ਗਏ। ਉਨ੍ਹਾਂ ਕੁਝ ਅਧਿਕਾਰੀਆਂ ਦੀ ਗੈਰਹਾਜ਼ਰੀ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਉਹ ਲਾਭਪਾਤਰੀਆਂ ਦੀ ਸੂਚੀਆਂ ਉਨ੍ਹਾਂ ਨੂੰ ਦੇਣ। ਉਹ ਖੁਦ ਇਹ ਚੈੱਕ ਕਰਨਗੇ ਕਿ ਸਰਕਾਰੀ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਨੂੰ ਮਿਲ ਰਿਹਾ ਹੈ ਜਾਂ ਨਹੀਂ।
ਇਸ ਮੀਟਿੰਗ ਵਿੱਚ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਮੋਗਾ ਦੇ ਵਿਧਾਇਕ ਡਾਕਟਰ ਹਰਜੋਤ ਕਮਲ, ਡਿਪਟੀ ਕਮਿਸ਼ਨਰ ਸੰਦੀਪ ਹੰਸ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਇੰਦਰਜੀਤ ਸਿੰਘ ਬੀੜ੍ਹ ਚੜਿੱਕ ਅਤੇ ਹੋਰ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਅਧਿਕਾਰੀ ਉਸ ਤਰੀਕੇ ਨਾਲ ਕੰਮ ਨਹੀਂ ਕਰ ਰਹੇ ਹਨ, ਜਿਸ ਤਰੀਕੇ ਨਾਲ ਕੰਮ ਕਰਨਾ ਚਾਹੀਦਾ ਸੀ। ਉਨ੍ਹਾਂ ਅਧਿਕਾਰੀਆਂ ਵੱਲੋਂ ਸਹੀ ਤਰੀਕੇ ਆਪਣੇ ਫਰਜ਼ ਨਾ ਨਿਭਾਉਣ ਲਈ ਖਿਚਾਈ ਕਰਦਿਆਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਬਹੁਤੇ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਹੀ ਨਹੀਂ ਹੈ। ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਲੋਕ ਹਿਤ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਉਥੇ ਹੀ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਕਿੱਤੇ ਨਾਲ ਜੋੜਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ।