ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 6 ਜੂਨ
ਭਾਰਤੀ ਫੌਜ ਵੱਲੋਂ ਜੂਨ 1984 ਵਿੱਚ ਸਿੱਖ ਕੌਮ ਦੇ ਸੁਪਰੀਮੋ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਾਕਾ ਨੀਲਾ ਦੇ ਨਾਮ ਹੇਠ ਕੀਤੇ ਹਮਲੇ ਦੌਰਾਨ ਸ਼ਹੀਦ ਹੋਏ ਸਿੰਘਾਂ, ਸਿੰਘਣੀਆਂ ਅਤੇ ਭੁਜੰਗੀਆਂ ਦੀ ਯਾਦ ਅਤੇ ਛੇਵੇਂ ਪਾਤਸ਼ਾਹ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਅਵਤਾਰ ਪੁਰਬ ਦੇ ਸਬੰਧੀ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿੱਚ ਧਾਰਮਿਕ ਸਮਾਗਮ ਕੀਤੇ ਗਏ। ਤਖ਼ਤ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿੱਚ ਜੂਨ 1984 ਦੇ ਸਾਕਾ ਨੀਲਾ ਤਾਰਾ ਦੌਰਾਨ ਸ਼ਹੀਦ ਹੋਏ ਸਿੰਘਾਂ, ਸਿੰਘਣੀਆਂ ਅਤੇ ਭੁਜੰਗੀਆਂ ਦੀ ਯਾਦ ਵਿੱਚ ਅਤੇ ਛੇਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਦੇ ਅਵਤਾਰ ਪੁਰਬ ਦੇ ਸਬੰਧੀ ਪਿਛਲੇ ਦੋ ਦਿਨ ਤੋਂ ਪ੍ਰਕਾਸ਼ ਅਖੰਡ ਪਾਠਾਂ ਦੇ ਅੱਜ ਭੋਗ ਪਾਏ ਗਏ ਅਤੇ ਅਰਦਾਸ ਮੁੱਖ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਕੀਤੀ। ਇਸ ਮੌਕੇ ਜਿੱਥੇ ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ, ਉੱਥੇ ਕਥਾ ਵਾਚਕ ਭਾਈ ਜਗਤਾਰ ਸਿੰਘ ਕੀਰਤਪੁਰੀਆ ਨੇ ਗੁਰੂ ਹਰਗੋਬਿੰਦ ਸਾਹਿਬ ਦੇ ਜੀਵਨ ਬਾਰੇ ਚਾਨਣਾ ਪਾਇਆ। ਮੁੱਖ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਦੇ ਕਾਰਜਕਾਰੀ ਤੇ ਤਖ਼ਤ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਜੂਨ 1984 ਦੇ ਸ਼ਹੀਦਾਂ ਨੂੰ ਸਮਰਪਿਤ ਘੱਲੂਘਾਰਾ ਦਿਵਸ ਅਤੇ ਛੇਵੇਂ ਪਾਤਸ਼ਾਹ ਜੀ ਦੇ ਅਵਤਾਰ ਪੁਰਬ ਸਮਾਗਮ ਅੱਜ ਇੱਥੇ ਇਕੱਠੇ ਮਨਾਏ ਗਏ ਹਨ। ਇਸ ਮੌਕੇ ਤਖ਼ਤ ਸਾਹਿਬ ਦੇ ਮੈਨੇਜਰ ਪਰਮਜੀਤ ਸਿੰਘ, ਉਪ ਦਫ਼ਤਰ ਇੰਚਾਰਜ ਭੋਲਾ ਸਿੰਘ ਹੀਰੇ ਵਾਲਾ ਅਤੇ ਹੋਰ ਹਾਜ਼ਰ ਸਨ।
ਬਠਿੰਡਾ (ਪੱਤਰ ਪ੍ਰੇਰਕ): ਇੱਥੇ ਸਿੱਖ ਜਥੇਬੰਦੀਆਂ ਵੱਲੋਂ ਸਿੱਖ ਮਰਿਆਦਾ ਅਨੁਸਾਰ ਘੱਲੂਘਾਰਾ ਦਿਵਸ ਮਨਾਇਆ ਗਿਆ। ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ਵਿੱਚ ਕਰਵਾਏ ਸ਼ਹੀਦ ਸਮਾਗਮਾਂ ਨੂੰ ਸੰਬੋਧਨ ਕਰਦਿਆ ਬੁਲਾਰਿਆਂ ਨੇ ਹਕੂਮਤਾਂ ਵੱਲੋਂ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ਵਿੱਚ ਸ਼ਹੀਦੀ ਸਮਾਗਮਾਂ ’ਤੇ ਲਾਈ ਪਾਬੰਦੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕੀਤੀ। ਇਸ ਮੌਕੇ ਦਲ ਖ਼ਾਲਸਾ ਦੇ ਸੀਨੀਅਰ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ, ਦਲ ਖ਼ਾਲਸਾ ਦੀ ਕੇਂਦਰੀ ਵਰਕਿੰਗ ਕਮੇਟੀ ਮੈਂਬਰ ਭਾਈ ਗੁਰਵਿੰਦਰ ਸਿੰਘ ਬਠਿੰਡਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਭਾਈ ਪਰਮਿੰਦਰ ਸਿੰਘ ਬਾਂਲਿਆਵਾਲੀ ਅਤੇ ਸਿੱਖ ਪ੍ਰਚਾਰਕ ਤੇ ਦਲ ਖ਼ਾਲਸਾ ਦੇ ਭਾਈ ਰਾਮ ਸਿੰਘ ਢਿਪਾਲੀ ਨੇ ਸੰਬੋਧਨ ਕੀਤਾ।
ਸ਼ਹਿਣਾ (ਪੱਤਰ ਪ੍ਰੇਰਕ): ਗੁਰਦੁਆਰਾ ਪਾਤਸ਼ਾਹੀ ਛੇਵੀਂ ਸ਼ਹਿਣਾ ਵਿੱਚ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸਹਿਜ ਪਾਠ ਦੇ ਭੋਗ ਪਾਏ ਗਏ ਤੇ ਕਥਾ ਵਿਚਾਰਾਂ ਵੀ ਕੀਤੀਆਂ।