ਸੰਦੀਪ ਜਾਖੜ ਵੱਲੋਂ ਮੀਂਹ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ
ਪਿਛਲੇ ਹਫ਼ਤੇ ਇਲਾਕੇ ਵਿੱਚ ਹੋਈ ਭਾਰੀ ਬਾਰਿਸ਼ ਕਾਰਨ ਕਈ ਪਿੰਡ ਪ੍ਰਭਾਵਿਤ ਹੋਏ ਹਨ ਪਰ ਜ਼ਿਲ੍ਹਾ ਅਤੇ ਸਥਾਨਕ ਪ੍ਰਸ਼ਾਸਨ ਦੇ ਉਦਾਸੀਨ ਰਵੱਈਏ ਕਾਰਨ ਕਿਸਾਨਾਂ ਅਤੇ ਪਿੰਡ ਵਾਸੀਆਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਧਾਇਕ ਸੰਦੀਪ ਜਾਖੜ ਨੇ ਇਹ ਗੱਲ ਪਿੰਡ ਸੱਪਾਂਵਾਲੀ, ਪੱਤੀਬਿਲਾ, ਢੀਂਗਾਵਾਲੀ ਅਤੇ ਦਲਮੀਰ ਖੇੜਾ ਵਿੱਚ ਮੀਂਹ ਨਾਲ ਪ੍ਰਭਾਵਿਤ ਖੇਤਾਂ ਅਤੇ ਘਰਾਂ ਦਾ ਨਿਰੀਖਣ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਪੰਜ ਦਿਨਾਂ ਬਾਅਦ ਸਰਕਾਰੀ ਮਸ਼ੀਨਰੀ ਹਰਕਤ ਵਿੱਚ ਆ ਗਈ ਹੈ। ਫ਼ਸਲਾਂ ਤੋਂ ਇਲਾਵਾ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ ਅਤੇ ਜੇਕਰ ਖੇਤਾਂ ਵਿੱਚ ਜਮ੍ਹਾਂ ਹੋਏ ਪਾਣੀ ਨੂੰ ਜਲਦੀ ਬਾਹਰ ਨਾ ਕੱਢਿਆ ਗਿਆ ਤਾਂ ਕਿਸਾਨ ਬਰਬਾਦ ਹੋ ਜਾਣਗੇ। ਸ੍ਰੀ ਜਾਖੜ ਨੇ ਕਿਹਾ ਕਿ ਸਰਕਾਰ ਵੱਲੋਂ ਅਜੇ ਤੱਕ ਕੋਈ ਵਿਸ਼ੇਸ਼ ਗਿਰਦਾਵਰੀ ਦਾ ਐਲਾਨ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਵਾਸੀਆਂ ਨੂੰ ਪਾਣੀ ਦੀ ਨਿਕਾਸੀ ਲਈ ਕੋਈ ਉਪਕਰਣ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਪੀੜਤਾਂ ਨੂੰ ਮੁਆਵਜ਼ਾ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਿਲਣਗੇ।