ਪੱਤਰ ਪ੍ਰੇਰਕ
ਮਾਨਸਾ, 21 ਜੂਨ
ਮਾਨਸਾ ਸ਼ਹਿਰ ਵਿੱਚ ਲਗਾਤਾਰ ਦੋ ਦਿਨਾਂ ਤੋਂ ਸਫ਼ਾਈ ਸੇਵਕ ਯੂਨੀਅਨ ਵੱਲੋਂ ਕੀਤੀ ਗਈ ਹੜਤਾਲ ਕਾਰਨ ਸਫ਼ਾਈ ਪ੍ਰਬੰਧਾਂ ਦਾ ਮਾੜਾ ਹਾਲ ਹੈ। ਮੀਂਹ ਕਾਰਨ ਗੰਦਗੀ ਦੇ ਢੇਰਾਂ ਕੋਲੋਂ ਹੁਣ ਲੋਕਾਂ ਦਾ ਲੰਘਣਾ ਔਖਾ ਹੋ ਗਿਆ ਹੈ। ਉਧਰ ਸਫ਼ਾਈ ਸੇਵਕ ਯੂਨੀਅਨ ਆਪਣੀਆਂ ਹੱਕੀ ਮੰਗਾਂ ਲਈ ਲਗਾਤਾਰ ਡੱਟੀ ਹੋਈ ਹੈ, ਜਿਸ ਨੂੰ ਲੈ ਕੇ ਅੱਜ ਦੂਜੇ ਦਿਨ ਵੀ ਧਰਨਾ ਜਾਰੀ ਰਿਹਾ। ਧਰਨਾਕਾਰੀਆਂ ਨੇ ਮੁੜ ਮੰਚ ਤੋਂ ਚਿਤਾਵਨੀ ਦਿੱਤੀ ਗਈ ਹੈ ਕਿ ਜਿੰਨਾ ਚਿਰ ਤੱਕ ਜਾਇਜ਼ ਅਤੇ ਮੰਨੀਆਂ ਹੋਈਆਂ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਜਾਂਦਾ, ਓਨਾ ਚਿਰ ਤੱਕ ਸ਼ਹਿਰ ਦੀ ਸਫ਼ਾਈ ਦਾ ਬਾਈਕਟ ਜਾਰੀ ਰਹੇਗਾ। ਅੱਜ ਦੇ ਧਰਨੇ ਦੌਰਾਨ ਵੱਡੀ ਗਿਣਤੀ ਵਿੱਚ ਔਰਤ ਸਫ਼ਾਈ ਸੇਵਕਾਂ ਨੇ ਵੀ ਸ਼ਮੂਲੀਅਤ ਕੀਤੀ।
ਨਗਰ ਕੌਸਲ ਦਫ਼ਤਰ ਅੱਗੇ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਪ੍ਰਵੀਨ ਕੁਮਾਰ ਵਿਡਲਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ ਅਤੇ ਉਸ ਵਾਅਦੇ ਨੂੰ ਨਿਭਾਉਣ ਲਈ ਉਹ ਲਗਾਤਾਰ ਆਪਣੀ ਲੜਾਈ ਲੜਦੇ ਆ ਰਹੇ ਹਨ, ਪਰ ਹਰ ਵਾਰ ਅਧਿਕਾਰੀਆਂ ਵੱਲੋਂ ਲਾਰਿਆਂ ਦੀ ਪੰਡ ਬੰਨ੍ਹ ਕੇ ਚੁਕਾ ਦਿੱਤੀ ਜਾਂਦੀ ਹੈ ਅਤੇ ਮਸਲੇ ਦਾ ਕੋਈ ਨਿਪਟਾਰਾ ਨਹੀਂ ਕੀਤਾ ਜਾਂਦਾ ਹੈ। ਇਸ ਮੌਕੇ ਸੰਜੀਵ ਕੁਮਾਰ ਰੱਤੀ,ਸੁਨੀਲ ਕੁਮਾਰ,ਪਵਨ ਕੁਮਾਰ ਟਾਂਕ,ਮੁਕੇਸ਼ ਕੁਮਾਰ, ਵਿਨੋਦ ਕੁਮਾਰ, ਸੁਖਦੇਵ ਸਿੰਘ, ਰਾਜ ਕੁਮਾਰ ਨੇ ਵੀ ਸੰਬੋਧਨ ਕੀਤਾ।