ਸਫ਼ਾਈ ਕਾਮਿਆਂ ਵੱਲੋਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਹੜਤਾਲ ਸ਼ੁਰੂ
ਸਫ਼ਾਈ ਸੇਵਕ ਯੂਨੀਅਨ ਮਾਨਸਾ ਵੱਲੋਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਪੁਰਾਣੀ ਪੈਨਸ਼ਨ ਬਹਾਲੀ ਅਤੇ ਵਰਦੀਆਂ ਤੇ ਸਾਬਣਾਂ ਦੇਣ ਜਿਹੀਆਂ ਮੰਗਾਂ ਨੂੰ ਲੈ ਕੇ ਇਥੇ ਨਗਰ ਕੌਂਸਲ ਦਫ਼ਤਰ ਅੱਗੇ ਕੰਮ ਛੋੜ ਹੜਤਾਲ ਆਰੰਭ ਕਰ ਦਿੱਤੀ ਹੈ। ਧਰਨਾਕਾਰੀਆਂ ਨੇ ਐਲਾਨ ਕੀਤਾ ਕਿ ਜਿੰਨਾ ਚਿਰ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਹੁੰਦਾ, ਓਨਾ ਚਿਰ ਉਹ ਇਹ ਹੜਤਾਲ ਜਾਰੀ ਰੱਖਣਗੇ। ਦੂਜੇ ਪਾਸੇ ਇਸ ਹੜਤਾਲ ਕਾਰਨ ਪਹਿਲੇ ਦਿਨ ਹੀ ਸ਼ਹਿਰ ਵਿੱਚ ਕੂੜੇ ਦੇ ਢੇਰ ਲੱਗ ਗਏ ਹਨ।
ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਕੁਮਾਰ ਕਿਹਾ ਕਿ ਪਿਛਲੇ ਲੰਬੇ ਅਰਸੇ ਤੋਂ ਨਗਰ ਕੌਂਸਲ ਮਾਨਸਾ ਵਿਖੇ ਨਿਗੂਣੀਆਂ ਤਨਖਾਹਾਂ ’ਤੇ ਮੁਲਾਜ਼ਮ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਾਂਗ ਮੌਜੂਦਾ ਪੰਜਾਬ ਸਰਕਾਰ ਨੇ ਵੀ ਇਨ੍ਹਾਂ ਸਫ਼ਾਈ ਕਾਮਿਆਂ ਦੀ ਸਾਰ ਤੱਕ ਨਹੀਂ ਲਈ ਹੈ। ਉਨ੍ਹਾਂ ਮੰਗ ਕੀਤੀ ਕਿ ਠੇਕਾ ਆਧਾਰਿਤ ਕੰਮ ਕਰਦੇ ਸਾਰੇ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ ਵਰਦੀਆਂ ਆਦਿ ਦਿੱਤੀਆਂ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਿੰਨਾਂ ਚਿਰ ਤੱਕ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ, ਉਨ੍ਹਾਂ ਚਿਰ ਤੱਕ ਉਹ ਇਹ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ਰੂਪ ਚੰਦ ਪਰੋਚਾ, ਸੰਜੀਵ ਕੁਮਾਰ ਰੱਤੀ, ਮੁਕੇਸ਼ ਕੁਮਾਰ, ਮਨੋਜ ਕੁਮਾਰ, ਪਵਨ ਕੁਮਾਰ ਟਾਂਕ, ਵਿਨੋਦ ਕੁਮਾਰ ਚੇਤਨ, ਰਾਜ ਕੁਮਾਰ, ਸੁਖਦੇਵ ਸਿੰਘ ਅਤੇ ਵਿਜੈ ਕੁਮਾਰ ਨੇ ਵੀ ਸੰਬੋਧਨ ਕੀਤਾ।