ਸਫ਼ਾਈ ਸੇਵਕ ਯੂਨੀਅਨ ਮਾਨਸਾ ਵੱਲੋਂ ਆਪਣੀਆਂ ਹੱਕੀ ਮੰਗਾਂ ਸਣੇ ਪਿਛਲੇ ਦੋ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਚੱਲ ਰਹੀ ਹੜਤਾਲ ਦੌਰਾਨ ਪ੍ਰਸ਼ਾਸਨ ਅਤੇ ਸਰਕਾਰ ਖ਼ਿਲਾਫ਼ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀ ਨੇ ਐਲਾਨ ਕੀਤਾ ਕਿ ਜੇ ਉਨ੍ਹਾਂ ਦੀਆਂ ਤਨਖ਼ਾਹਾਂ ਸਣੇ ਹੋਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਤਿੱਖੇ ਸੰਘਰਸ਼ ਲਈ ਮਜ਼ਬੂਰ ਹੋਣਗੇ।
ਉਧਰ ਸਫ਼ਾਈ ਕਾਮਿਆਂ ਦੀ ਹੜਤਾਲ ਕਾਰਨ ਮੀਂਹਾਂ ਦੇ ਸੀਜ਼ਨ ਦੌਰਾਨ ਸ਼ਹਿਰ ਵਿੱਚ ਸਫ਼ਾਈ ਪ੍ਰਬੰਧਾਂ ਦਾ ਜਲੂਸ ਨਿਕਲਿਆ ਪਿਆ। ਸ਼ਹਿਰ ਦੇ ਮੁੱਖ ਬਜ਼ਾਰਾਂ ਅਤੇ ਰੋਡਾਂ ’ਤੇ ਕੂੜੇ ਦੇ ਢੇਰ ਲੱਗੇ ਪਏ ਹਨ, ਜਿਸ ਕਾਰਨ ਮੀਂਹ ਆਉਣ ’ਤੇ ਸੀਵਰੇਜ਼ ਸਿਸਟਮ ਜਮ੍ਹਾਂ ਹੋਣ ਦਾ ਖਦਸ਼ਾ ਖੜ੍ਹਾ ਹੋ ਸਕਦਾ ਹੈ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਆਗੂ ਮਨੋਜ ਕੁਮਾਰ ਚੌਹਾਨ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ।
ਉਨ੍ਹਾਂ ਦੱਸਿਆ ਕਿ ਤਨਖ਼ਾਹਾਂ ਨਾ ਮਿਲਣ ਕਾਰਨ ਪਰਿਵਾਰਾਂ ਦਾ ਪਾਲਣ-ਪੋਸ਼ਣ ਕਰਨਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੋਰ ਮੰਗਾਂ ਪ੍ਰਤੀ ਵੀ ਅਨੇਕਾਂ ਵਾਰ ਅਧਿਕਾਰੀਆਂ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਉਨ੍ਹਾਂ ਦੇ ਮੰਗਾਂ-ਮਸਲਿਆਂ ਦਾ ਹੱਲ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਤਨਖ਼ਾਹਾਂ ਛੇਤੀ ਜਾਰੀ ਨਾ ਕੀਤੀਆਂ ਗਈਆਂ ਤਾਂ ਉਹ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੇ।
ਇਸ ਮੌਕੇ ਧਰਨਾਕਾਰੀਆਂ ਨੂੰ ਪ੍ਰਵੀਨ ਕੁਮਾਰ, ਸੰਜੀਵ ਕੁਮਾਰ, ਮਨੋਜ ਕੁਮਾਰ, ਵਿਨੋਦ ਕੁਮਾਰ, ਸੁਖਦੇਵ ਸਿੰਘ, ਰਾਜ ਕੁਮਾਰ ਨੇ ਵੀ ਸੰਬੋਧਨ ਕੀਤਾ।
