ਮਾਨਸਾ ’ਚ ਸਫ਼ਾਈ ਕਾਮਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮਾਰਚ
ਜੋਗਿੰਦਰ ਸਿੰਘ ਮਾਨ
ਮਾਨਸਾ, 4 ਜੂਨ
ਸਫ਼ਾਈ ਸੇਵਕ ਯੂਨੀਅਨ ਮਾਨਸਾ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਦਫ਼ਤਰ ਅੱਗੇ ਸ਼ੁਰੂ ਕੀਤੀ ਕੰਮ ਛੋੜ ਹੜਤਾਲ ਅੱਜ ਦਸਵੇਂ ਦਿਨ ਵੀ ਜਾਰੀ ਰਹੀ। ਯੂਨੀਅਨ ਵੱਲੋਂ ਪੰਜਾਬ ਸਰਕਾਰ ਖਿਲਾਫ਼ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ। ਸਫ਼ਾਈ ਸੇਵਕਾਂ ਨੇ ਮੰਚ ਤੋਂ ਐਲਾਨ ਕੀਤਾ ਕਿ ਜਿੰਨਾ ਚਿਰ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਹੁੰਦਾ, ਓਨਾ ਚਿਰ ਤੱਕ ਉਹ ਕੰਮ ’ਤੇ ਵਾਪਸ ਨਹੀਂ ਪਰਤਣਗੇ।
ਉਧਰ ਮਾਨਸਾ ਸ਼ਹਿਰ ’ਚ ਇਨ੍ਹਾਂ ਸਫ਼ਾਈ ਸੇਵਕਾਂ ਦੇ ਹੜਤਾਲ ’ਤੇ ਜਾਣ ਕਾਰਨ ਸ਼ਹਿਰ ਦੀਆਂ ਗਲੀਆਂ, ਮੁਹੱਲਿਆਂ ਅਤੇ ਮੁੱਖ ਬਾਜ਼ਾਰਾਂ ਸਮੇਤ ਹੋਰਨਾਂ ਥਾਵਾਂ ਵਿੱਚ ਗੰਦਗੀ ਦੇ ਢੇਰ ਲੱਗ ਗਏ ਹਨ, ਜਿਸ ਨਾਲ ਆਮ ਲੋਕਾਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂ ਸੰਜੀਵ ਕੁਮਾਰ ਰੱਤੀ ਨੇ ਦੋਸ਼ ਲਾਇਆ ਕਿ ਉਹ ਪਿਛਲੇ ਦਸ ਦਿਨਾਂ ਤੋਂ ਹੜਤਾਲ ’ਤੇ ਬੈਠੇ ਹਨ, ਪ੍ਰੰਤੂ ਕਿਸੇ ਵੀ ਜ਼ਿਲ੍ਹਾ ਅਧਿਕਾਰੀ ਵੱਲੋਂ ਉਨ੍ਹਾਂ ਦੀ ਸਾਰ ਨਹੀਂ ਲਈ ਗਈ ਹੈ। ਉਨ੍ਹਾਂ ਮੰਗ ਕੀਤੀ ਨਗਰ ਕੌਂਸਲ ਵਿਖੇ ਕੰਮ ਕਰਦੇ 105 ਆਊਟਸੋਰਸ ਸਫ਼ਾਈ ਕਰਮਚਾਰੀਆਂ ਨੂੰ ਠੇਕਾ ’ਤੇ ਕਰਨ, ਰੈਗੂਲਰ ਸਫ਼ਾਈ ਕਰਮਚਾਰੀਆਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਵਰਦੀਆਂ ਅਤੇ ਸਾਬਣਾਂ ਸਮੇਤ ਹੋਰ ਮੰਗਾਂ ਨੂੰ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਅਜੇ ਵੀ ਉਨ੍ਹਾਂ ਦੇ ਮਸਲਿਆਂ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੇ।
ਇਸ ਮੌਕੇ ਸੰਘਰਸ਼ਸ਼ੀਲ ਯੂਨੀਅਨ ਦੇ ਪ੍ਰਧਾਨ ਲਾਲ ਚੰਦ, ਬਿਜਲੀ ਬੋਰਡ ਮੁਲਾਜ਼ਮ ਯੂਨੀਅਨ ਦੇ ਗੁਰਦੇਵ ਸਿੰਘ ਵੱਲੋਂ ਸਫ਼ਾਈ ਕਾਮਿਆਂ ਦੀ ਹੜਤਾਲ ਦੀ ਹਮਾਇਤ ਦਾ ਐਲਾਨ ਕੀਤਾ।