ਐੱਸਸੀ ਕਮਿਸ਼ਨ ਨੇ ਮਾਨਸਾ ਦੇ ਡੀਸੀ ਤੇ ਐੱਸਐੱਸਪੀ ਕੋਲੋਂ ਮੰਗੀ ਰਿਪੋਰਟ
ਪੱਤਰ ਪ੍ਰੇਰਕ
ਮਾਨਸਾ, 13 ਜੁਲਾਈ
ਐਸਸੀ ਕਮਿਸ਼ਨ ਭਾਰਤ ਸਰਕਾਰ ਵੱਲੋਂ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਮਾਨਸਾ ਨੂੰ ਦੁਬਾਰਾ ਇੱਕ ਪੱਤਰ ਲਿਖ ਕੇ ਨਗਰ ਕੌਂਸਲ ਬੁਢਲਾਡਾ ਦੇ ਪ੍ਰਧਾਨ ਸੁਖਪਾਲ ਸਿੰਘ ਦੇ ਮਾਮਲੇ ’ਚ ਜਾਂਚ ਕਰਨ ਦੇ ਨਿਰਦੇਸ਼ ਦਿੰਦਿਆਂ 7 ਦਿਨਾਂ ਅੰਦਰ ਰਿਪੋਰਟ ਪੇਸ਼ ਕਰਨ ਦਾ ਹੁਕਮ ਦਿੱਤਾ ਗਿਆ ਹੈ। ਕਮਿਸ਼ਨ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 338 ਦੇ ਤਹਿਤ ਪ੍ਰਾਪਤ ਸ਼ਕਤੀਆਂ ਦੀ ਪਾਲਣਾ ਵਿੱਚ ਮਾਮਲੇ ਦੀ ਜਾਂਚ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਪੱਤਰ ਵਿੱਚ ਲਿਖਿਆ ਹੈ ਕਿ ਜੇ ਕਮਿਸ਼ਨ ਨੂੰ ਨਿਰਧਾਰਿਤ ਸਮੇਂ ਦੇ ਅੰਦਰ ਅੰਦਰ ਜੁਆਬ ਨਹੀਂ ਮਿਲਦਾ ਤਾਂ ਕਮਿਸ਼ਨ ਭਾਰਤ ਦੇ ਸੰਵਿਧਾਨ ਦੇ ਤਹਿਤ ਪ੍ਰਾਪਤ ਸਿਵਲ ਅਦਾਲਤ ਦੀਆਂ ਸ਼ਕਤੀਆਂ ਦੀ ਵਰਤੋਂ ਵੀ ਕਰ ਸਕਦਾ ਹੈ। ਜ਼ਿਕਰਯੋਗ ਹੈ ਕਿ ਨਗਰ ਕੌਂਸਲ ਦੇ ਪ੍ਰਧਾਨ ਸੁਖਪਾਲ ਸਿੰਘ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਸ ਨੂੰ ਨਾਜਾਇਜ਼ ਤੌਰ ’ਤੇ ਤੰਗ ਪ੍ਰੇਸ਼ਾਨ ਕਰਨ ਸਬੰਧੀ ਇੱਕ ਪੱਤਰ ਐੱਸਸੀ ਕਮਿਸ਼ਨ ਭਾਰਤ ਸਰਕਾਰ ਨੂੰ ਪੱਤਰ ਸੌਂਪਕੇ ਸੱਤਾ ਧਿਰ ਦੇ ਵਿਧਾਇਕ ਅਤੇ ਹੋਰਾਂ ਵਿਰੁੱਧ ਐਸਸੀ, ਐਸ.ਟੀ. ਐਕਟ, ਜਬਰੀ ਵਸੂਲੀ, ਹਮਲਾ ਅਤੇ ਗੈਰ ਕਾਨੂੰਨੀ ਰੋਕ, ਭ੍ਰਿਸ਼ਟਾਚਾਰ ਰੋਕ ਐਕਟ ਹੇਠ ਐਫ.ਆਈ.ਆਰ ਦਰਜ ਕਰਨ ਅਤੇ ਸੁਰੱਖਿਆ ਪ੍ਰਦਾਨ ਕਰਨ ਦੀ ਮੰਗ ਕੀਤੀ ਗਈ ਸੀ। ਨਗਰ ਕੌਂਸਲ ਪ੍ਰਧਾਨ ਸੁਖਪਾਲ ਸਿੰਘ ਨੇ ਦੱਸਿਆ ਕਿ ਉਸ ਦੀ ਦਰਖ਼ਾਸਤ ’ਤੇ ਕਾਰਵਾਈ ਕਰਨ ਦੀ ਬਜਾਏ ਉਸ ਖ਼ਿਲਾਫ਼ ਬਦਲਾਖ਼ੋਰੀ ਤਹਿਤ ਹਲਕਾ ਵਿਧਾਇਕ ਦੀ ਦਰਖਾਸਤ ’ਤੇ ਝੂਠਾ ਮੁਕੱਦਮਾ ਦਰਜ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਹਲਕਾ ਵਿਧਾਇਕ ਅਤੇ ਪੁਲੀਸ ਵੱਲੋਂ ਉਸ ਖ਼ਿਲਾਫ਼ ਕੀਤੀ ਜਾ ਰਹੀ ਧੱਕੇਸ਼ਾਹੀ ਦਾ ਇਨਸਾਫ ਲੈਣ ਲਈ ਪੰਜਾਬ ਹਰਿਆਣਾ ਹਾਈ ਕੋਰਟ ਅਪੀਲ ਕੀਤੀ ਹੈ ਅਤੇ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਦੇ ਕੇ ਕਾਰਵਾਈ ਦੀ ਮੰਗ ਕੀਤੀ ਗਈ ਹੈ।