ਸਕੂਲਾਂ ਦੇ ਬੁਨਿਆਦੀ ਢਾਂਚੇ ’ਚ ਸੁਧਾਰ ਕੀਤਾ ਜਾ ਰਿਹੈ: ਮੀਤ ਹੇਅਰ
ਰਵਿੰਦਰ ਰਵੀ
ਬਰਨਾਲਾ/ਧਨੌਲਾ, 1 ਮਈ
ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਜਿੱਥੇ ਸਕੂਲਾਂ ਵਿੱਚ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ, ਓਥੇ ਬੁਨਿਆਦੀ ਢਾਂਚੇ ਵਿੱਚ ਸੁਧਾਰ ’ਚ ਵੀ ਇਹ ਪ੍ਰੋਗਰਾਮ ਮੀਲ ਪੱਥਰ ਸਾਬਿਤ ਹੋਇਆ ਹੈ। ਇਹ ਗੱਲਾਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਧਨੌਲਾ ਵਿੱਚ ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਮਾਪਿਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਹੀਆਂ। ਉਨ੍ਹਾਂ ਧਨੌਲਾ ਦੇ ਪੰਜ ਵੱਖ-ਵੱਖ ਸਕੂਲਾਂ ਵਿੱਚ ਕਰੀਬ 82 ਲੱਖ ਰੁਪਏ ਦੇ ਕੰਮਾਂ ਦਾ ਉਦਘਾਟਨ ਕੀਤਾ। ਮੀਤ ਹੇਅਰ ਨੇ ਕਿਹਾ ਕਿ ਸਕੂਲਾਂ, ਖਾਸ ਕਰ ਕੇ ਕੁੜੀਆਂ ਦੇ ਸਕੂਲਾਂ ਨੂੰ ਪਖ਼ਾਨਿਆਂ ਦੀ ਘਾਟ ਦੀ ਕਰਕੇ ਮੁਸ਼ਿਕਲ ਸੀ ਅਤੇ ਵਿਦਿਆਰਥੀਆਂ ਨੂੰ ਬਹੁਤ ਪ੍ਰੇਸ਼ਾਨੀ ਹੁੰਦੀ ਸੀ। ਇਸੇ ਤਰ੍ਹਾਂ ਬਹੁਤ ਸਾਰੇ ਸਕੂਲਾਂ ਵਿੱਚ ਚਾਰਦੀਵਾਰੀ ਨਹੀਂ ਸੀ। ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਧਨੌਲਾ ਲੜਕੇ ਵਿੱਚ 7.90 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਸੰਗਰ ਪੱਤੀ ਧਨੌਲਾ ਵਿੱਚ 2.88 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਨਵੀਂ ਬਸਤੀ ਵਿਚ 20.24 ਲੱਖ ਅਤੇ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਸਮੇਤ ਕੁੱਲ 82 ਲੱਖ ਰੁਪਏ ਦੇ ਕੰਮਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰਾਇਮਰੀ ਸਕੂਲ ਬੰਗੇਹਰ ਪੱਤੀ ਨੂੰ ਪੂਰੀ ਤਰ੍ਹਾਂ ਨਵਾਂ ਰੂਪ ਦਿੱਤਾ ਗਿਆ ਹੈ। ਇਹ ਸਕੂਲ ਮੁੱਖ ਸੜਕ ਦੇ ਪੱਧਰ ਤੋਂ ਲਗਭਗ 6 ਫੁੱਟ ਡੂੰਘਾ ਸੀ ਅਤੇ ਅਕਸਰ ਪਾਣੀ ਭਰਨ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਸੀ। ਸਕੂਲ ਨੂੰ ਤਿੰਨ ਕਮਰਿਆਂ ਦੀ ਉਸਾਰੀ ਲਈ 16.5 ਲੱਖ ਰੁਪਏ ਦੇ ਫੰਡ ਦਿੱਤੇ ਗਏ ਸਨ ਅਤੇ ਹੁਣ ਸਕੂਲ ਦਾ ਮੁਹਾਂਦਰਾ ਬਦਲ ਗਿਆ ਹੈ। ਇਸ ਮੌਕੇ ਹਰਮੰਦਰ ਸਿੰਘ ਬਰਾੜ ਮਾਲਵਾ ਜ਼ੋਨ ਕੋਆਰਡੀਨੇਟਰ, ਗੁਰਜੋਤ ਸਿੰਘ ਭੱਠਲ ਚੇਅਰਮੈਨ ਮਾਰਕੀਟ ਕਮੇਟੀ ਧਨੌਲਾ, ਸਿੱਖਿਆ ਕੋਆਰਡੀਨੇਟਰ ਸਤਨਾਮ ਸਿੰਘ, ਡੀਐੱਸਐੱਮ ਰਾਜੇਸ਼ ਕੁਮਾਰ ਤੇ ਹੋਰ ਮੌਜੂਦ ਸਨ।