ਮੁਕਤਸਰ ਜੇਲ੍ਹ ’ਚ ਤਲਾਸ਼ੀ ਮੁਹਿੰਮ ਚਲਾਈ
ਜੇਲ੍ਹ ’ਚ ਗੈਰ-ਕਾਨੂੰਨੀ ਗਤੀਵਿਧੀਆਂ ਰੋਕਣ ਅਤੇ ਜੇਲ੍ਹ ਵਿੱਚ ਬੰਦ ਅਪਰਾਧੀਆਂ ਨੂੰ ਨੱਥ ਪਾਉਣ ਲਈ ਪੁਲੀਸ ਵੱਲੋਂ ਸਮੇਂ-ਸਮੇਂ ’ਤੇ ਜੇਲ੍ਹ ਦੀ ਤਲਾਸ਼ੀ ਲਈ ਜਾਂਦੀ ਹੈ। ਇਸੇ ਲੜੀ ਤਹਿਤ ਇਥੇ ਜੇਲ੍ਹ ’ਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਕੈਦੀਆਂ ਤੇ ਹਵਾਲਾਤੀਆਂ ਦੀ ਨਿੱਜੀ ਤਲਾਸ਼ੀ ਤੇ ਸਾਮਾਨ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ। ਐੱਸ ਪੀ (ਇਨਵੈਸਟੀਗੇਸ਼ਨ) ਮਨਮੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਹ ਤਲਾਸ਼ੀ ਅਭਿਆਨ ਜ਼ਿਲ੍ਹਾ ਪੁਲੀਸ ਮੁਖੀ ਡਾ. ਅਖਿਲ ਚੌਧਰੀ ਦੀਆਂ ਹਦਾਇਤਾਂ ਅਨੁਸਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ’ਚ ਬੰਦ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਤਰ੍ਹਾਂ ਨਾਲ ਬਾਹਰੀ ਸੰਪਰਕ ਬਣਾਉਣ ਤੋਂ ਰੋਕਣਾ ਸਖ਼ਤ ਜ਼ਰੂਰੀ ਹੈ। ਇਸ ਲਈ ਤਲਾਸ਼ੀ ਦੌਰਾਨ ਮੈਟਲ ਡਿਟੈਕਟਰਾਂ ਅਤੇ ਹੋਰ ਤਕਨੀਕੀ ਉਪਕਰਣਾਂ ਦੀ ਸਹਾਇਤਾ ਵੀ ਲਈ ਗਈ। ਅਧਿਕਾਰੀਆਂ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਮਿਲੇ ਨਤੀਜਿਆਂ ਦੇ ਆਧਾਰ ’ਤੇ ਅਗਲੇ ਕਦਮ ਚੁੱਕੇ ਜਾਣਗੇ। ਇਸ ਮੌਕੇ ਸ਼ੱਕੀ ਵਿਅਕਤੀਆਂ ਤੋਂ ਪੁੱਛ-ਪੜਤਾਲ ਵੀ ਕੀਤੀ ਗਈ। ਇਸ ਮੌਕੇ ਡੀ ਐੱਸ ਪੀ ਨਵੀਨ ਕੁਮਾਰ, ਐੱਸ ਐੱਚ ਓ ਸਦਰ ਹਰਪ੍ਰੀਤ ਸਿੰਘ, ਐੱਸ ਐੱਚ ਓ ਬਰੀਵਾਲਾ ਗੁਰਦੀਪ ਸਿੰਘ, ਸੁਪਰਡੈਂਟ ਜੇਲ੍ਹ ਗੁਰਦਿੱਤ ਸਿੰਘ ਸਣੇ ਕਰੀਬ 150 ਕਰਮਚਾਰੀ ਮੌਜੂਦ ਸਨ।
