ਮਹਿੰਦਰ ਸਿੰਘ ਰੱਤੀਆਂ
ਮੋਗਾ, 30 ਸਤੰਬਰ
ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਵੱਛ ਭਾਰਤ ਮਿਸ਼ਨ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਦੇ ਖੇਤਰ ਵਿੱਚ ਜ਼ਿਲ੍ਹਾ ਮੋਗਾ ਨੇ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਮਾਣਮੱਤੀ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੂੰ ਭਾਰਤ ਸਰਕਾਰ ਦੇ ਕੇਂਦਰੀ ਜਲ ਸ਼ਕਤੀ ਰਾਜ ਮੰਤਰੀ ਭਲਕੇ 2 ਅਕਤੂਬਰ ਨੂੰ ‘ਸਵੱਛ ਭਾਰਤ ਮਿਸ਼ਨ’ ਦਿਵਸ ਮੌਕੇ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕਰਨਗੇ। ਇਹ ਸਮਾਗਮ ਆਨਲਾਈਨ ਕਰਵਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਇਸ ਮਿਸ਼ਨ ਤਹਿਤ ਦੇਸ਼ ਵਿੱਚ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਲੋਕਾਂ ਨੂੰ ਆਪਣਾ ਆਲਾ ਦੁਆਲਾ ਸਾਫ਼ ਰੱਖਣ, ਪਖਾਨਿਆਂ ਦੀ ਵਰਤੋਂ ਕਰਨ ਅਤੇ ਪਾਣੀ ਦੇ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਮੋਗਾ ਨੇ ਗੰਦਗੀ ਮੁਕਤ ਭਾਰਤ ਮੁਹਿੰਮ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਵਿੱਚ ਵਾਲ ਪੇਂਟਿੰਗ ਅਤੇ ਹੋਰ ਸਾਧਨਾਂ ਰਾਹੀਂ ਸਿਰ ਤੋੜ ਜਾਗਰੂਕਤਾ ਪ੍ਰਚਾਰ ਕੀਤਾ ਗਿਆ। ਉਨ੍ਹਾਂ ਇਸ ਪੁਰਸਕਾਰ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਜ਼ਿਲ੍ਹਾ ਮੋਗਾ ਵਿੱਚ ਤਾਇਨਾਤ ਐਕਸੀਅਨ ਜਸਵਿੰਦਰ ਸਿੰਘ ਚਾਹਲ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੱਤੀ।