ਪੱਤਰ ਪ੍ਰੇਰਕ
ਮਾਨਸਾ, 10 ਫਰਵਰੀ
ਮਾਨਸਾ ਜ਼ਿਲ੍ਹੇ ਦੇ ਪਿੰਡ ਚੱਕ ਅਲੀਸ਼ੇਰ ਦੀ ਮਜ਼ਦੂਰ ਔਰਤ ਚਰਨਜੀਤ ਕੌਰ (46) ਨੇ ਆਪਣੇ ਆਪ ਨੂੰ ਅੱਗ ਲਗਾ ਕੇ ਖ਼ੁਦਕੁਸ਼ੀ ਕਰ ਲਈ ਹੈ। ਚਰਨਜੀਤ ਕੌਰ ਆਰਥਿਕ ਤੰਗੀ ਕਾਰਨ ਪ੍ਰੇਸ਼ਾਨ ਰਹਿੰਦੀ ਸੀ। ਉਸ ਦੀਆਂ ਦੋ ਧੀਆਂ ਅਤੇ ਦੋ ਪੁੱਤਰ ਹਨ ਤੇ ਵੱਡੀ ਲੜਕੀ ਦਾ 3 ਮਾਰਚ ਨੂੰ ਵਿਆਹ ਰੱਖਿਆ ਹੋਇਆ ਸੀ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਅਤੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮਫਲ ਸਿੰਘ ਚੱਕ ਅਲੀਸ਼ੇਰ ਨੇ ਦੱਸਿਆ ਕਿ ਚਰਨਜੀਤ ਕੌਰ ਬੀਤੇ ਦਿਨ ਖੇਤਾਂ ਵਿੱਚ ਲੱਕੜਾਂ ਇਕੱਠੀਆਂ ਕਰਨ ਗਈ ਸੀ, ਜਿੱਥੇ ਉਸ ਨੇ ਲੱਕੜਾਂ ਇੱਕਠੀਆਂ ਕਰ ਕੇ ਆਪਣੇ ਆਪ ਨੂੰ ਅੱਗ ਲਗਾ ਲਈ, ਜਿਸ ਕਰਕੇ ਉਹ ਬੁਰੀ ਤਰ੍ਹਾਂ ਝੁਲਸ ਗਈ। ਉਸ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਪੰਜਾਬ ਸਰਕਾਰ ਤੋਂ ਪਰਿਵਾਰ ਲਈ ਮੁਆਵਜ਼ਾ, ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਅਤੇ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ ਹੈ।