ਪੱਤਰ ਪ੍ਰੇਰਕ
ਮਾਨਸਾ, 9 ਮਈ
ਸ੍ਰੋਮਣੀ ਅਕਾਲੀ ਦਲ ਵੱਲੋਂ ਅੱਜ ਰਾਜ ਭਰ ’ਚ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੇ ਭਖ਼ਦੇ ਮਸਲਿਆਂ ਸਬੰਧੀ ਰਾਜਪਾਲ ਨੂੰ ਮੰਗ ਪੱਤਰ ਭੇਜੇ ਗਏ। ਪਾਰਟੀ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਹਾਲਤ ਬਹੁਤ ਮਾੜੀ ਹੋ ਗਈ ਹੈ ਅਤੇ ਇਹ ਪਹਿਲੀ ਵਾਰ ਹੈ ਕਿ ਸੂਬੇ ਦੀ ਸਰਕਾਰ ਨੇ ਆਪਣੇ ਨਿਰਪੱਖ ਫ਼ੈਸਲੇ ਲੈਣ ਦੀ ਤਾਕਤ ਦਿੱਲੀ ਵਰਗੇ ਰਾਜ ਦੇ ਮੁੱਖ ਮੰਤਰੀ ਦੇ ਹੱਥ ਫੜ੍ਹਾ ਦਿੱਤੀ ਹੈ, ਜਿਸ ਨਾਲ ਸੂਬੇ ਦੇ ਲੋਕਾਂ ਦੇ ਹੱਕਾਂ ’ਤੇ ਡਾਕਾ ਵੱਜਣ ਲੱਗਿਆ ਹੈ। ਮਾਨਸਾ ਵਿੱਚ ਸਾਬਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ, ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪ੍ਰੇਮ ਅਰੋੜਾ ਅਤੇ ਬੁਢਲਾਡਾ ਹਲਕੇ ਦੇ ਇੰਚਾਰਜ ਡਾ. ਨਿਸ਼ਾਨ ਸਿੰਘ ਦੀ ਅਗਵਾਈ ਹੇਠ ਇਹ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ ਵਿੱਚ ਪੰਜਾਬ ਦੀ ਬਿਜਲੀ ਸਪਲਾਈ ਦੇ ਗੰਭੀਰ ਸੰਕਟ,ਕਿਸਾਨਾਂ ਨੂੰ ਮੁਆਵਜ਼ੇ ਸਬੰਧੀ, ਅਮਨ-ਕਾਨੂੰਨ ਦੀ ਵਿਵਸਥਾ, ਡੀਜ਼ਲ,ਪੈਟਰੋਲ ਅਤੇ ਰੋਸਈ ਗੈਸ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਲੈ ਕੇ ਲੋਕ ਤਕਲੀਫ਼ਾਂ ਦਾ ਜ਼ਿਕਰ ਕੀਤਾ ਗਿਆ।
ਕਾਂਗਰਸ ਤੇ ‘ਆਪ’ ਖ਼ਿਲਾਫ਼ ਕੱਢੀ ਭੜਾਸ
ਫਾਜ਼ਿਲਕਾ (ਨਿੱਜੀ ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਜਥੇਬੰਦੀ ਵੱਲੋਂ ਅੱਜ ਪੰਜਾਬ ਦੇ ਭਖ਼ਦੇ ਮਸਲਿਆਂ ਦੇ ਹੱਲ ਲਈ ਰਾਜਪਾਲ ਪੰਜਾਬ ਚੰਡੀਗੜ੍ਹ ਨੂੰ ਭੇਜਣ ਲਈ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਮੰਗ ਪੱਤਰ ਸੌਂਪਿਆ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਡਾ. ਮਹਿੰਦਰ ਕੁਮਾਰ ਰਿਣਵਾ, ਹੰਸ ਰਾਜ ਜੋਸਨ, ਅਸ਼ੋਕ ਅਨੇਜਾ, ਗੁਰਪਾਲ ਸਿੰਘ ਗਰੇਵਾਲ ਅਤੇ ਹੋਰਨਾਂ ਆਕਾਲੀ ਆਗੂਆਂ ਅਤੇ ਵਰਕਰਾਂ ਨੇ ਕਿਹਾ ਕਿ ਪਹਿਲਾਂ ਪੰਜ ਸਾਲ ਕਾਂਗਰਸ ਪਾਰਟੀ ਦੀਆਂ ਮਾੜੀਆਂ ਅਤੇ ਲੋਕ ਵਿਰੋਧੀ ਨੀਤੀਆਂ ਕਰਕੇ ਸੂਬੇ ਨੂੰ ਗੰਭੀਰ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪਿਆ ਅਤੇ ਹੁਣ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਬੇਹਦ ਮਾੜੇ ਪ੍ਰਬੰਧ ਅਤੇ ਘਟੀਆ ਕਾਰਗੁਜ਼ਾਰੀ ਕਰ ਕੇ ਬਿਜਲੀ ਸੰਕਟ ਹੋਰ ਵੀ ਗੰਭੀਰ ਹੋ ਚੁੱਕਿਆ ਹੈ।