ਸੈਸ਼ਨ ਜੱਜ ਤੇ ਡਿਪਟੀ ਕਮਿਸ਼ਨਰ ਵੱਲੋਂ ਜੇਲ੍ਹ ਦਾ ਦੌਰਾ
ਫ਼ਰੀਦਕੋਟ ਦੇ ਸੈਸ਼ਨ ਜੱਜ ਵਰਿੰਦਰ ਅਗਰਵਾਲ ਅਤੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਅੱਜ ਇੱਥੇ ਕੇਂਦਰੀ ਮਾਡਰਨ ਜੇਲ੍ਹ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹੋਰ ਵੀ ਨਿਆਂਇਕ ਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਸੈਸ਼ਨ ਜੱਜ ਅਤੇ ਡਿਪਟੀ ਕਮਿਸ਼ਨਰ ਨੇ ਜੇਲ੍ਹ ਵਿੱਚ ਨਜ਼ਰਬੰਦ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਤੁਰੰਤ ਹੱਲ ਦਾ ਆਦੇਸ਼ ਦਿੱਤਾ। ਜੇਲ੍ਹ ਦੇ ਦੌਰੇ ਦੌਰਾਨ ਸੈਸ਼ਨ ਜੱਜ ਤੇ ਡਿਪਟੀ ਕਮਿਸ਼ਨਰ ਨੇ ਕੈਦੀਆਂ ਤੇ ਹਵਾਲਾਤੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਦਾ ਨਿਰੀਖਣ ਕੀਤਾ ਅਤੇ ਇਸ ਤੋਂ ਇਲਾਵਾ ਜੇਲ੍ਹ ਅੰਦਰ ਬਣੇ ਹਸਪਤਾਲ ਦਾ ਵੀ ਮੁਆਇਨਾ ਕੀਤਾ ਗਿਆ। ਸੈਸ਼ਨ ਜੱਜ ਵਰਿੰਦਰ ਅਗਰਵਾਲ ਨੇ ਜੇਲ੍ਹ ਵਿੱਚ ਨਜ਼ਰਬੰਦ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਦੱਸਣਯੋਗ ਹੈ ਕਿ ਇੱਥੋਂ ਦੇ ਕੇਂਦਰੀ ਮਾਡਰਨ ਜੇਲ੍ਹ ਵਿੱਚ ਪੰਜਾਬ ਦੇ ਅੱਠ ਜ਼ਿਲ੍ਹਿਆਂ ਦੇ 2300 ਤੋਂ ਵੱਧ ਹਵਾਲਾਤੀ ਅਤੇ ਕੈਦੀ ਨਜ਼ਰਬੰਦ ਹਨ। ਜੇਲ੍ਹ ’ਚ ਨਜ਼ਰਬੰਦ ਵਿਅਕਤੀਆਂ ਨੇ ਅਧਿਕਾਰੀਆਂ ਨੂੰ ਆਪਣੀਆਂ ਸਮੱਸਿਆਵਾਂ ਦੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਪੈਰੋਲ ਸਮੇਂ ਸਿਰ ਨਹੀਂ ਮਿਲ ਰਹੀ ਅਤੇ ਮਿਆਰੀ ਇਲਾਜ ਲੈਣ ਵਿੱਚ ਵੀ ਦਿੱਕਤਾਂ ਆ ਰਹੀਆਂ ਹਨ।