ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 3 ਦਸੰਬਰ
ਇਥੋਂ ਦੀ ਗੋਨਿਆਣਾ ਰੋਡ ’ਤੇ ਕਰੀਬ ਦੋ ਮਹੀਨੇ ਪਹਿਲਾਂ ਸ਼ਾਮਾ ਨਾਮ ਦੇ ਵਿਅਕਤੀ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਥੋਂ ਫਰਾਰ ਹੋਣ ਦੌਰਾਨ ਪਿੰਡ ਰੁਪਾਣਾ ਤੋਂ ਇੱਕ ਕਾਰ ਖੋਹਣ ਦੇ ਦੋ ਵੱਡੇ ਅਪਰਾਧਿਕ ਮਾਮਲਿਆਂ ’ਚ ਪੁਲੀਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਜ਼ਿਲ੍ਹਾ ਪੁਲੀਸ ਮੁਖੀ ਸਰਬਜੀਤ ਸਿੰਘ ਨੇ ਦੱਸਿਆ ਕਿ ਡੀਐੱਸਪੀ ਅਮਰਜੀਤ ਸਿੰਘ ਦੀ ਦੇਖ-ਰੇਖ ’ਚ ਉਕਤ ਮਾਮਲਿਆਂ ਦੇ ਜਾਂਚ ਅਧਿਕਾਰੀ ਇੰਸਪੈਕਟਰ ਮੋਹਨ ਲਾਲ ਦੀ ਅਗਵਾਈ ’ਚ ਕੰਮ ਕਰ ਰਹੀ ਜਾਂਚ ਟੀਮ ਨੇ ਹੁਸ਼ਿਆਰਪੁਰ ਜੇਲ੍ਹ ਤੋਂ ਗੁਰਿੰਦਰ ਨਾਮ ਦੇ ਗੈਂਗਸਟਰ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਉਪਰੰਤ ਉਸ ਦਾ ਰਿਮਾਂਡ ਹਾਸਲ ਕਰਕੇ ਕੀਤੀ ਪੁੱਛਗਿੱਛ ਦੌਰਾਨ ਤਸਦੀਕ ਕੀਤਾ ਹੈ ਕਿ ਕਤਲ ਅਤੇ ਲੁੱਟ-ਖੋਹ ਦੀਆਂ ਵੱਡੀਆਂ ਅਪਰਾਧਿਕ ਵਾਰਦਾਤਾਂ ਕਰਨ ਵਾਲੇ ਸ਼ੂਟਰਾਂ ਨੂੰ ਉਕਤ ਗੈਂਗਸਟਰ ਗੁਰਿੰਦਰ ਕੋਟਕਪੂਰਾ ਨੇ ਪਨਾਹ ਦਿਵਾਉਣ ਦਾ ਪ੍ਰਬੰਧ ਕਰਵਾਇਆ ਸੀ। ਉੱਥੇ ਹੀ ਪ੍ਰੋਡਕਸ਼ਨ ਵਾਰੰਟ ’ਤੇ ਜੇਲ੍ਹ ਤੋਂ ਲਿਆਂਦੇ ਗੈਂਗਸਟਰ ਦਾ ਪੁਲੀਸ ਰਿਮਾਂਡ ਖਤਮ ਹੋਣ ਉਪਰੰਤ ਉਸ ਦਾ ਮੈਡੀਕਲ ਕਰਵਾਉਣ ਸਿਵਲ ਹਸਪਤਾਲ ਪਹੁੰਚੇ ਜਾਂਚ ਅਫਸਰ ਇੰਸਪੈਕਟਰ ਮੋਹਨ ਲਾਲ ਨੇ ਦੱਸਿਆ ਕਿ ਛੇਤੀ ਹੀ ਇਸ ਕਤਲ ਕਾਂਡ ਦੀ ਵਿਸਥਾਰਤ ਜਾਣਕਾਰੀ ਸਾਹਮਣੇ ਆਵੇਗੀ।