ਅੰਮ੍ਰਿਤਪਾਲ ਸਿੰਘ ਧਾਲੀਵਾਲ
ਰੂੜੇਕੇ ਕਲਾਂ, 7 ਮਈ
ਇੱਥੇ ਖੇਤੀਬਾੜੀ ਵਿਭਾਗ ਵੱਲੋਂ ਸਹਿਕਾਰੀ ਸਭਾਵਾਂ ਦੇ ਸਹਿਯੋਗ ਨਾਲ ਝੋਨੇ ਦੀ ਸਿੱਧੀ ਬਿਜਾਈ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਇਕ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਇਕ ਕਿਸਾਨ ਜਗਤਾਰ ਸਿੰਘ ਲੱਡੂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਤਿੱਖੇ ਸਵਾਲ ਕੀਤੇ।
ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਵਾਉਣ ਲਈ ਡੀਐੱਸਆਰ ਮਸ਼ੀਨ ਦੀ ਸਿਫਾਰਿਸ਼ ਕੀਤੀ ਜਾ ਰਹੀ ਸੀ ਤਾਂ ਕਿਸਾਨ ਜਗਤਾਰ ਸਿੰਘ ਨੇ ਚੱਲਦੇ ਪ੍ਰੋਗਰਾਮ ਵਿੱਚ ਹੀ ਬੋਲਣਾ ਸ਼ੁਰੂ ਕਰ ਦਿੱਤਾ, ਜਿਸ ਕਰ ਕੇ ਵਿਭਾਗ ਦੇ ਅਧਿਕਾਰੀਆਂ ਨੂੰ ਹੱਥਾਂ-ਪੈਰਾਂ ਦੀ ਪੈ ਗਈ ਕਿਉਂਕਿ ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਇਸ ਦੌਰਾਨ ਕਿਸਾਨ ਨੇ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਸਵਾਲ ਕੀਤਾ, ‘‘ਤੁਸੀਂ ਪਹਿਲਾਂ ਵੀ ਡੀਐੱਸਆਰ ਮਸ਼ੀਨ ਨਾਲ ਝੋਨੇ ਦੀ ਸਿੱਧੀ ਬਿਜਾਈ ਦੀ ਸਿਫਾਰਿਸ਼ ਕੀਤੀ ਸੀ ਤੇ ਸਾਨੂੰ ਮਸ਼ੀਨਾਂ ’ਤੇ ਸਬਸਿਡੀ ਦੇਣ ਨੂੰ ਵੀ ਕਿਹਾ ਸੀ ਜੋ ਮੈਨੂੰ ਅੱਜ ਤੱਕ ਨਹੀਂ ਮਿਲੀ ਤੇ ਮੈਂ 80,000 ਦੀ ਮਸ਼ੀਨ ਖਰੀਦੀ ਸੀ।’’ ਕਿਸਾਨ ਜਗਤਾਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਕ ਪਾਸੇ ਜਿੱਥੇ ਖੇਤੀਬਾੜੀ ਵਿਭਾਗ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਜਾਗਰੂਕ ਕਰ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਉਹ ਖੁਦ ਪਿੰਡ ਦੇ ਹੋਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਨਾ ਕਰਨ ਬਾਰੇ ਜਾਗਰੂਕ ਕਰੇਗਾ। ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨ ਦੀ ਗੱਲ ਸੁਣ ਕੇ ਉਸ ਨੂੰ ਸਬਸਿਡੀ ਨਾ ਮਿਲਣ ਦੇ ਕਾਰਨਾਂ ਦੀ ਪੜਤਾਲ ਦੇ ਹੁਕਮ ਦਿੱਤੇ। ਇਸ ਮੌਕੇ ਸਹਾਇਕ ਰਜਿਸਟਰਾਰ ਹਰਜੀਤ ਸਿੰਘ, ਬਲਾਕ ਵਿਕਾਸ ਅਫ਼ਸਰ ਸੁਖਪਾਲ ਸਿੰਘ ਆਦਿ ਵੀ ਹਾਜ਼ਰ ਸਨ।
ਹੁਣ ਪੰਚਾਇਤੀ ਜ਼ਮੀਨਾਂ ’ਤੇ ਹੋਵੇਗੀ ਝੋਨੇ ਦੀ ਸਿੱਧੀ ਬਿਜਾਈ: ਚੰਦਰ ਗੈਂਦ
ਡਿਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਹੁਣ ਸੂਬੇ ਦੀਆਂ ਪੰਚਾਇਤੀ ਜ਼ਮੀਨਾਂ ’ਤੇ ਝੋਨੇ ਦੀ ਸਿੱਧੀ ਬਿਜਾਈ ਜਾਂ ਵੱਟਾਂ ’ਤੇ ਝੋਨਾ ਲਾਉਣ ਦੀ ਤਕਨੀਕ ਨਾਲ ਖੇਤੀ ਕੀਤੀ ਜਾਵੇਗੀ। ਜੇਕਰ ਪੰਚਾਇਤੀ ਜ਼ਮੀਨ ’ਤੇ ਝੋਨਾ ਲੱਗੇਗਾ ਤਾਂ ਸਿਰਫ ਨਤੀਨਤਮ ਤਕਨੀਕ ਨਾਲ ਹੀ ਲੱਗੇਗਾ। ਉਹ ਪਿੰਡ ਰੂੜੇਕੇ ਕਲਾਂ ਦੀ ਸਹਿਕਾਰੀ ਸੁਸਾਇਟੀ ਵਿੱਚ ਝੋਨੇ ਦੀ ਸਿੱਧੀ ਬਿਜਾਈ ਬਾਰੇ ਕਿਸਾਨ ਸਿਖਲਾਈ ਕੈਂਪ ਦੇ ਉਦਘਾਟਨ ਦੌਰਾਨ ਬੋਲ ਰਹੇ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਹਰੀਸ਼ ਨਈਅਰ ਵੀ ਮੌਜੂਦ ਸਨ। ਸ੍ਰੀ ਚੰਦਰ ਗੈਂਦ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇਣ ਦਾ ਫ਼ੈਸਲਾ ਲਿਆ ਗਿਆ ਹੈ, ਉੱਥੇ ਹੀ ਮੁੂੰਗੀ ’ਤੇ ਐੱਮਐੱਸਪੀ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਤੇ ਵੱਟਾਂ ’ਤੇ ਝੋਨਾ ਲਾਉਣ ਵਾਲੀਆਂ ਤਕਨੀਕਾਂ ਅਪਣਾ ਕੇ ਵਾਤਾਵਰਨ ਬਚਾਉਣ ਦਾ ਸੱਦਾ ਦਿੱਤਾ। ਇਸ ਮੌਕੇ ਡੀਸੀ ਬਰਨਾਲਾ ਹਰੀਸ਼ ਨਈਅਰ ਨੇ ਵੀ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਦਾ ਸੱਦਾ ਦਿੱਤਾ।