ਪੱਤਰ ਪ੍ਰੇਰਕ
ਭੀਖੀ, 21 ਮਈ
ਪਿੰਡ ਕੋਟੜਾ ਕਲਾਂ ਦੇ ਗੁਰਦੁਆਰਾ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ ਬਾਰੇ ਵਿਚਾਰ-ਚਰਚਾ ਹੋਈ। ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਸਿਧਾਤਾਂ ਤੋਂ ਭਟਕ ਚੁੱਕਾ ਹੈ ਅਤੇ ਹੁਣ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਤੇ ਹੋਰ ਪੰਥਕ ਧਿਰਾਂ ਨਾਲ ਮਿਲ ਕੇ ਆਪਣੀ ਹੋਂਦ ਨੂੰ ਮੁੜ ਬਹਾਲ ਕਰਨ ਲਈ ਜੱਦੋ ਜਹਿਦ ਕਰ ਰਿਹਾ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਆਪਣੇ ਪੱਧਰ ’ਤੇ ਪਹਿਲਾਂ ਤੋਂ ਹੀ ਲੜਾਈ ਲੜ ਰਿਹਾ ਹੈ। ਸ੍ਰੀ ਢੀਂਡਸਾ ਨੇ ਕਿਹਾ ਕਿ ‘ਆਪ’ ਦੀ ਸਰਕਾਰ ਬਣਾ ਕੇ ਲੋਕ ਖੁਦ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਜਲਦੀ ਹੀ ਪਿੰਡ ਪੱਧਰ ’ਤੇ ਇਕਾਈਆਂ ਕਾਇਮ ਕੀਤੀਆਂ ਜਾਣਗੀਆਂ। ਇਸ ਮੌਕੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਮਨਜੀਤ ਸਿੰਘ ਬੱਪੀਆਣਾ, ਪ੍ਰਮਜੀਤ ਸਿੰਘ ਭੀਖੀ, ਜਸਵੰਤ ਸਿੰਘ ਕੋਟੜਾ ਅਤੇ ਗੀਤੀ ਹੋਡਲਾ ਵੀ ਹਾਜ਼ਰ ਸਨ।