ਸ਼੍ਰੋਮਣੀ ਅਕਾਲੀ ਦਲ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰੇਗਾ: ਹਰਸਿਮਰਤ
ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਸ਼ਹਿਰੀ ਲੀਡਰਸ਼ਿਪ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਘਰੇਲੂ ਰਾਸ਼ਨ ਨਾਲ ਭਰਿਆ ਟਰੱਕ ਰਵਾਨਾ ਕੀਤਾ ਗਿਆ। ਇਸ ਟਰੱਕ ਨੂੰ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਵਿੱਚ ਆਪਣੇ ਦਫ਼ਤਰ ਤੋਂ ਰਵਾਨਾ ਕੀਤਾ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਆਪਣੀ ਖੇਤਰੀ ਪਾਰਟੀ ਹੈ ਜੋ ਹਮੇਸ਼ਾ ਲੋਕਾਂ ਦੇ ਨਾਲ ਔਖੇ ਸਮੇਂ ਵਿੱਚ ਖੜ੍ਹੀ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੜ੍ਹ ਪੀੜਤ ਪਰਿਵਾਰਾਂ ਦੇ ਨਾਲ ਚਟਾਨ ਵਾਂਗ ਖੜ੍ਹਾ ਹੈ ਅਤੇ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਵਰਕਰ ਪੂਰੇ ਪੰਜਾਬ ਵਿੱਚ ਰਾਹਤ ਕੰਮਾਂ ਵਿੱਚ ਜੁਟੇ ਹੋਏ ਹਨ ਅਤੇ ਆਉਂਦੇ ਦਿਨਾਂ ਵਿੱਚ ਹੋਰ ਟਰੱਕਾਂ ਰਾਹਤ ਸਮੱਗਰੀ ਦੇ ਨਾਲ ਭੇਜੇ ਜਾਣਗੇ, ਜਦਕਿ ਵਿੱਤੀ ਸਹਾਇਤਾ ਵੀ ਪੀੜਤ ਪਰਿਵਾਰਾਂ ਤਕ ਪਹੁੰਚਾਈ ਜਾਵੇਗੀ।
ਹਲਕਾ ਇੰਚਾਰਜ ਇਕਬਾਲ ਸਿੰਘ ਢਿੱਲੋਂ ਨੇ ਕਿਹਾ ਕਿ ਅਕਾਲੀ ਦਲ ਲਈ ਲੋਕਾਂ ਦੀ ਸੇਵਾ ਸਭ ਤੋਂ ਵੱਡਾ ਧਰਮ ਹੈ ਅਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਕਦੇ ਵੀ ਇੱਕਲਾ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਹਰ ਕਿਸਮ ਦੀ ਮਦਦ ਪਹੁੰਚਾਉਣ ਲਈ ਅਕਾਲੀ ਦਲ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਵਰਕਰ ਵੱਡੀ ਗਿਣਤੀ ’ਚ ਮੌਜੂਦ ਸਨ।