‘ਆਪ’ ਨੇ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰਨ ਦੇ ਦੋਸ਼ ਹੇਠ ਜਾਰੀ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ‘ਆਪ’ ਵੱਲੋਂ ਪਾਰਟੀ ਆਗੂ ਹਰਮਨਜੀਤ ਸਿੰਘ ਦੀਦਾਰੇਵਾਲਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਕੇ ਜਵਾਬ ਤਲਬ ਕੀਤਾ ਗਿਆ ਹੈ। ਜੇਕਰ ਉਹ ਇਸ ਨੋਟਿਸ ਦਾ ਜਵਾਬ ਨਹੀਂ ਦਿੰਦੇ ਤਾਂ ਉਨ੍ਹਾਂ ਖ਼ਿਲਾਫ਼ ਪਾਰਟੀ ਸਖਤ ਕਾਰਵਾਈ ਕਰ ਸਕਦੀ ਹੈ।
‘ਆਪ’ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਦੇ ਦਸਤਖ਼ਤਾਂ ਹੇਠ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਦੀਦਾਰਵਾਲੇ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਸਖ਼ਤ ਨੋਟਿਸ ਕੀਤਾ ਗਿਆ ਹੈ। ਕਾਰਨ ਦੱਸੋ ਨੋਟਿਸ ਵਿੱਚ ਪਾਰਟੀ ਅਤੇ ਸੀਨੀਅਰ ਲੀਡਰਸ਼ਿਪ ਦੇ ਫ਼ੈਸਲੇ ਖ਼ਿਲਾਫ਼ ਬਿਆਨਾਂ/ਵੀਡੀਓਜ਼ ਦਾ ਸੋਸ਼ਲ ਮੀਡੀਆ ਉੱਤੇ ਪੋਸਟ ਪਾਉਣ ਦਾ ਦੋਸ਼ ਲਾਇਆ ਹੈ।
‘ਆਪ’ ਆਗੂ ਹਰਮਨਜੀਤ ਸਿੰਘ ਦੀਦਾਰੇਵਾਲਾ ਨੇ ਸੰਪਰਕ ਕਰਨ ’ਤੇ ਕਿਹਾ ਕਿ ਇਹ ਪਾਰਟੀ ਦਾ ਅੰਦਰੂਨੀ ਮਾਮਲਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਉਨ੍ਹਾਂ ਕਿਸਾਨ ਹੋਣ ਦੇ ਨਾਤੇ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਪਾਲਸੀ ਦਾ ਵਿਰੋਧ ਕਰਦਿਆਂ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ। ਦੱਸਣਯੋਗ ਹੈ ਕਿ ਉਨ੍ਹਾਂ ਨੂੰ ਪਹਿਲਾਂ ਪਾਰਟੀ ਨੇ ਜ਼ਿਲ੍ਹਾ ਪ੍ਰਧਾਨ ਆਹੁਦੇ ਤੋਂ ਫਾਰਗ ਕਰ ਦਿੱਤਾ ਸੀ। ਉਨ੍ਹਾਂ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ ਪਾਰਟੀ ਆਗੂਆਂ ’ਤੇ ਸੁਆਲ ਚੁੱਕੇ ਗਏ ਸਨ। ਜਾਣਕਾਰੀ ਅਨੁਸਾਰ ਪਾਰਟੀ ਦੇ ਸਾਬਕਾ ਆਗੂ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ਵਿਚ ਉਨ੍ਹਾਂ ਦਾ ਇਥੇ ਧਾਰਮਿਕ ਜਾਇਦਾਦ ਖ਼ਰੀਦਣ ਦੇ ਮਾਮਲੇ ਵਿਚ ਵੀ ਨਾਮ ਉੱਛਲਿਆ ਸੀ।
ਹਾਲਾਂਕਿ ਇਹ ਕਾਰਵਾਈ ਪਾਰਟੀ ਵੱਲੋਂ ਉਸ ਵਕਤ ਕੀਤੀ ਗਈ ਜਦੋਂ ਇਥੇ ਸੋਸ਼ਲ ਮੀਡੀਆ ਉੱਤੇ ਹਾਕਮ ਧਿਰ ਆਗੂਆਂ ’ਚ ਸਿਆਸੀ ਘਮਸਾਨ ਚੱਲ ਰਿਹਾ ਹੈ। ਇਥੇ ਪਾਰਟੀ ਦੇ ਸੀਨੀਅਰ ਆਗੂ ਨੇ ਕਿਹਾ ਕਿ ਪਾਰਟੀ ਅਨੁਸਾਸ਼ਨਹੀਣਤਾ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰਦੀ। ਹਰ ਕੋਈ ਪਾਰਟੀ ਫੋਰਮ ’ਤੇ ਆਪਣੇ ਵਿਚਾਰ ਪ੍ਰਗਟ ਕਰਨ ਲਈ ਆਜ਼ਾਦ ਹੈ ਪਰ ਕਿਸੇ ਨੂੰ ਵੀ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਕਿਉਂਕਿ ਕੋਈ ਵੀ ਪਾਰਟੀ ਤੋਂ ਉੱਪਰ ਨਹੀਂ ਹੈ।