ਮਹਿੰਦਰ ਸਿੰਘ ਰੱਤੀਆਂ
ਮੋਗਾ, 23 ਅਕਤੂਬਰ
ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਨੂੰ ਉਨ੍ਹਾਂ ਦੇ 59ਵੇਂ ਸ਼ਹੀਦੀ ਦਿਹਾੜੇ ਉੱਤੇ ਜ਼ਿਲ੍ਹਾ ਸਕੱਤਰੇਤ ਅੰਦਰ ਸਥਾਪਤ ਸਮਾਰਕ ’ਤੇ ਫ਼ੌਜ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਫੁੱਲ ਮਲਾਵਾਂ ਭੇਟ ਕੀਤੀਆਂ ਗਈਆਂ। ਨਾਇਬ ਸੂਬੇਦਾਰ ਦਸ਼ਰਥ ਸਿੰਘ ਦੀ ਅਗਵਾਈ ਹੇਠ ਫ਼ੌਜ ਦੀ 21 ਗਰਨੇਡੀਅਰ ਬਟਾਲੀਅਨ ਦੀ ਟੁਕੜੀ ਵੱਲੋਂ ਸ਼ਹੀਦ ਨੂੰ ਗਾਰਡ-ਆਫ਼-ਆਨਰ ਪੇਸ਼ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਹਰੀਸ਼ ਨਈਅਰ, ਜੀਓਸੀ, 7 ਇਨਫੈਂਟਰੀ ਡਿਵੀਜ਼ਨ ਵੱਲੋਂ ਕਮਾਂਡਿੰਗ ਅਫ਼ਸਰ ਕਰਨਲ ਕਪਿਲ ਵਰਸ਼ਨੇ 21 ਗਰਨੇਡੀਅਰ ਵੱਲੋਂ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਸ਼ਹੀਦ ਦੀ ਪੁੱਤਰੀ ਕੁਲਵੰਤ ਕੌਰ ਅਤੇ ਉਨ੍ਹਾਂ ਦੇ ਪਤੀ ਸਬ-ਇੰਸਪੈਕਟਰ ਸੁਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਭਾਸ਼ ਚੰਦਰ, ਏਡੀਸੀ (ਜ) ਹਰਚਰਨ ਸਿੰਘ, ਉਪ ਮੰਡਲ ਮੈਜਿਸਟਰੇਟ ਸਤਵੰਤ ਸਿੰਘ, ਸਹਾਇਕ ਕਮਿਸ਼ਨਰ (ਜ) ਗੁਰਬੀਰ ਸਿੰਘ ਕੋਹਲੀ, ਕਪਤਾਨ ਪੁਲੀਸ (ਸ) ਗੁਰਦੀਪ ਸਿੰਘ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਕਰਨਲ ਦਰਸ਼ਨ ਸਿੰਘ, ਮੀਤ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਕਰਨਲ ਬਾਬੂ ਸਿੰਘ (ਰਿਟਾ.), ਜੀਓਜੀ ਕਰਨਲ ਬਲਕਾਰ ਸਿੰਘ (ਰਿਟਾ.) ਤੇ ਹੋਰ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਕਮਾਂਡਿੰਗ ਅਫ਼ਸਰ ਕਰਨਲ ਕਪਿਲ ਵਰਸ਼ਨੇ 21 ਗਰਨੇਡੀਅਰ ਵੱਲੋਂ ਸ਼ਹੀਦ ਦੀ ਪੁੱਤਰੀ ਕੁਲਵੰਤ ਕੌਰ ਸ਼ਾਲ ਭੇਟ ਕਰਕੇ ਸਨਮਾਨ ਦਿੱਤਾ। ਇਸ ਮੌਕੇ 13 ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ/ਵਿਧਵਾਵਾਂ ਨੂੰ 2 ਲੱਖ 60 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਦਿੱਤੇ ਗਏ।
ਸੂਬੇਦਾਰ ਜੋਗਿੰਦਰ ਸਿੰਘ ਨੇ 1962 ਦੀ ਹਿੰਦ-ਚੀਨ ਜੰਗ ਦੌਰਾਨ ਬਹਾਦਰੀ ਨਾਲ ਲੜਦਿਆਂ ਆਪਣੀ ਜਾਨ ਵਾਰ ਦਿੱਤੀ ਸੀ। ਉਹ ਪਿੰਡ ਮਾਹਲਾ ਕਲਾਂ ਦੇ ਰਹਿਣ ਵਾਲੇ ਸਨ। ਉਹ ਪਹਿਲੀ ਸਿੱਖ ਰੈਜੀਮੈਂਟ ਵਿੱਚ ਭਰਤੀ ਹੋਏ ਸਨ। ਜ਼ਿਕਰਯੋਗ ਹੈ ਕਿ 23 ਅਕਤੂਬਰ 1962 ਨੂੰ ਸਵੇਰੇ ਸਾਢੇ ਪੰਜ ਵਜੇ ਚੀਨੀ ਫ਼ੌਜ ਨੇ ਲਗਭਗ ਆਪਣੇ 200 ਸੈਨਿਕਾਂ ਨਾਲ ਧਾਵਾ ਬੋਲ ਦਿੱਤਾ ਸੀ ਜਿਸ ਦੌਰਾਨ ਉਨ੍ਹਾਂ ਸਾਥੀ ਜਵਾਨਾਂ ਨਾਲ ਬਹਾਦਰੀ ਨਾਲ ਮੁਕਾਬਲਾ ਕੀਤਾ। ਪਲਾਟੂਨ ਦਾ ਜਾਨੀ ਨੁਕਸਾਨ ਹੋ ਜਾਣ ਕਾਰਨ ਜਵਾਨਾਂ ਦੀ ਗਿਣਤੀ ਬਹੁਤ ਥੋੜ੍ਹੀ ਰਹਿ ਗਈ ਸੀ ਅਤੇ ਪੱਟ ਵਿੱਚ ਗੋਲੀਆਂ ਲੱਗਣ ਕਾਰਨ ਉਹ ਖੁਦ ਵੀ ਗੰਭੀਰ ਜ਼ਖ਼ਮੀ ਹੋ ਗਏ ਸਨ। ਉਨ੍ਹਾਂ ਲਾਈਟ ਮਸ਼ੀਨ ਗੰਨ ਦੇ ਚਾਲਕ ਦੇ ਸ਼ਹੀਦ ਹੋਣ ਤੋਂ ਬਾਅਦ ਖੁਦ ਲਾਈਟ ਮਸ਼ੀਨ ਗੰਨ ਸੰਭਾਲੀ ਅਤੇ ਦੁਸ਼ਮਣ ਦਾ ਕਾਫ਼ੀ ਜਾਨੀ ਨੁਕਸਾਨ ਕੀਤਾ। ਇਸ ਦੌਰਾਨ ਉਹ ਦੁਸ਼ਮਣ ਦੇ ਘੇਰੇ ਵਿੱਚ ਆ ਗਏ ਅਤੇ ਆਖ਼ਰੀ ਦਮ ਤੱਕ ਦੁਸ਼ਮਣ ਨਾਲ ਲੜਦੇ ਹੋਏ ਵੀਰਗਤੀ ਨੂੰ ਪ੍ਰਾਪਤ ਹੋ ਗਏ ਸਨ।
ਫ਼ੋਟੋ ਕੈਪਸਨ- ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਨੂੰ ਫੁੱਲ ਮਲਾਵਾਂ ਭੇਟ ਕਰਦੇ ਡੀਸੀ ਹਰੀਸ਼ ਨਈਅਰ ਤੇ ਹੋਰ ਅਧਿਕਾਰੀ।