ਨਿੱਜੀ ਪੱਤਰ ਪ੍ਰੇਰਕ
ਮਲੋਟ, 19 ਜੁਲਾਈ
ਕਾਂਗਰਸ ਹਾਈ ਕਮਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ‘ਤੇ ਮਲੋਟ ਦੇ ਕਾਂਗਰਸੀਆਂ ਵੱਲੋਂ ਜਸ਼ਨ ਮਨਾਇਆ ਗਿਆ ਅਤੇ ਲੱਡੂ ਵੰਡੇ। ਇਸ ਮੌਕੇ ਕਾਂਗਰਸੀਆਂ ਵੱਲੋਂ ਸਥਾਨਕ ਗਾਂਧੀ ਚੌਕ ’ਚ ਰੱਖੇ ਸਮਾਗਮ ਦੌਰਾਨ ਨਵਜੋਤ ਸਿੰਘ ਸਿੱਧੂ ਜ਼ਿੰਦਾਬਾਦ ਦੇ ਨਾਅਰੇ ਲਗਾ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਬਲਾਕ ਕਾਂਗਰਸ ਮਲੋਟ ਦੇ ਪ੍ਰਧਾਨ ਨੱਥੂ ਰਾਮ ਗਾਂਧੀ, ਨਰਸਿੰਘ ਦਾਸ ਚਲਾਣਾ, ਬਲਜੀਤ ਸਿੰਘ ਗਿੱਲ ਅਤੇ ਹੋਰ ਕਾਂਗਰਸੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ’ਤੇ ਖੁਸ਼ੀ ਦਾ ਮਾਹੌਲ ਹੈੈ।
ਤਲਵੰਡੀ ਸਾਬੋ (ਪੱਤਰ ਪ੍ਰੇਰਕ): ਨਵਜੋਤ ਸਿੰਘ ਸਿੱਧੂ ਦੇ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦੀ ਖੁਸ਼ੀ ਵਿੱਚ ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀ ਆਗੂਆਂ ’ਤੇ ਵਰਕਰਾਂ ਨੇ ਹਲਕਾ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਦੇ ਨਿਰਦੇਸ਼ਾਂ ’ਤੇ ਨਿੱਜੀ ਸਹਾਇਕ ਰਣਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਨਗਰ ਪੰਚਾਇਤ ਦਫ਼ਤਰ ਵਿੱਚ ਲੱਡੂ ਵੰਡੇ।
ਨਿਹਾਲ ਸਿੰਘ ਵਾਲਾ (ਪੱਤਰ ਪ੍ਰੇਰਕ): ਹਲਕਾ ਨਿਹਾਲ ਸਿੰਘ ਵਾਲਾ ਦੇ ਵਰਕਰਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦੀ ਖੁਸ਼ੀ ਵਿੱਚ ਵਿਧਾਇਕ ਦਰਸ਼ਨ ਸਿੰਘ ਬਰਾੜ ਦੀ ਦੁਕਾਨ ’ਤੇ ਸ਼ਹਿਰੀ ਪ੍ਰਧਾਨ ਰਮੇਸ਼ ਕੁਮਾਰ ਕਾਲੂ ਦੀ ਅਗਵਾਈ ਹੇਠ ਅਗਵਾਈ ਹੇਠ ਲੱਡੂ ਵੰਡੇ ਗਏ।
ਮਾਨਸਾ (ਪੱਤਰ ਪ੍ਰੇਰਕ): ਕਾਂਗਰਸ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਅੱਜ ਮਾਨਸਾ ਦੇ ਵਕੀਲਾਂ ਵੱਲੋਂ ਲੱਡੂ ਵੰਡੇ ਗਏ। ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਵਿਜੈ ਕੁਮਾਰ ਸਿੰਗਲਾ ਨੇ ਕਿਹਾ ਕਿ ਹੁਣ ਕਾਂਗਰਸੀਆਂ ਵਿੱਚ ਚੁਸਤੀ ਪੈਦਾ ਹੋਵੇਗੀ।
ਮੋਗਾ (ਨਿੱਜੀ ਪੱਤਰ ਪ੍ਰੇਰਕ): ਨਵਜੋਤ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਦੀ ਖੁਸ਼ੀ ’ਚ ਵਿਧਾਇਕ ਡਾ. ਹਰਜੋਤ ਕਮਲ ਦੇ ਸਮਰਥਕਾਂ ਨੇ ਥਾਂ ਥਾਂ ਲੱਡੂ ਵੰਡੇ ।