ਪ੍ਰਭੂ ਦਿਆਲ
ਸਿਰਸਾ, 6 ਜੂਨ
ਪੰਜਾਬੀ ਗਾਇਕ ਸਿੱਧੂ ਮੂਸੇਵਾਲ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਮੰਗ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਨਾਲ ਜੁੜੇ ਨੌਜਵਾਨਾਂ ਨੇ ਬਾਲ ਭਵਨ ਤੋਂ ਬਾਬਾ ਭੂਮਣ ਸ਼ਾਹ ਚੌਕ ਤੱਕ ਰੋਸ ਪ੍ਰਦਰਸ਼ਨ ਕੀਤਾ। ਬਾਬਾ ਭੂਮਣ ਸ਼ਾਹ ਚੌਕ ’ਤੇ ਮੋਮਬੱਤੀਆਂ ਜਲਾ ਕੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜ਼ਲੀ ਭੇਟ ਕੀਤੀ ਗਈ ਅਤੇ ਉਨ੍ਹਾਂ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਭਾਰਤੀ ਕਿਸਾਨ ਏਕਤਾ ਅਤੇ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਨਾਲ ਜੁੜੇ ਕਿਸਾਨਾਂ ਵੱਲੋਂ ਕੀਤੀ ਗਈ। ਭਾਰਤੀ ਕਿਸਾਨ ਏਕਤਾ ਦੇ ਬੈਨਰ ਹੇਠ ਕਿਸਾਨ ਬਰਨਾਲਾ ਰੋਡ ਸਥਿਤ ਬਾਲ ਭਵਨ ਦੇ ਨੇੜੇ ਇਕੱਠੇ ਹੋਏ ਜਿਥੋਂ ਉਹ ਰੋਸ ਪ੍ਰਦਰਸ਼ਨ ਕਰਦੇ ਹੋਏ ਬਾਬਾ ਭੂਮਣ ਸ਼ਾਹ ਚੌਕ ਪੁੱਜੇ। ਬਾਬਾ ਭੂਮਣ ਸ਼ਾਹ ਚੌਕ ’ਤੇ ਮੋਮਬੱਤੀਆਂ ਰੌਸ਼ਨ ਕਰਕੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜ਼ਲੀਆਂ ਭੇਟ ਕੀਤੀਆਂ ਗਈਆਂ। ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਜ਼ਿਲ੍ਹਾ ਸਕੱਤਰ ਭੂਪਿੰਦਰ ਸਿੰਘ, ਭਾਰਤੀ ਕਿਸਾਨ ਏਕਤਾ ਦੇ ਆਗੂ ਮੈਕਸ ਸਾਹੂਵਾਲਾ, ਸ਼ੇਖੋਂਗੁਰੀ, ਸਰਪੰਚ ਕੰਵਲਜੀਤ ਕੌਰ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਹਾਲੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਨੌਜਵਾਨ ਰੋਸ ਪ੍ਰਦਰਸ਼ਨ ’ਚ ਸ਼ਾਮਲ ਸਨ।