ਸਿਰਸਾ: ਸ਼ਹਿਰਾਂ ਅਤੇ ਪਿੰਡਾਂ ’ਚ ਲੋਕਾਂ ਦੇ ਘਰਾਂ ਵਿੱਚ ਵੜਿਆ ਪਾਣੀ
ਮੀਂਹ ਕਾਰਨ ਜ਼ਿਲ੍ਹੇ ਵਿੱਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਖੇਤਾਂ ਵਿੱਚ ਪਾਣੀ ਭਰਨ ਤੋਂ ਇਲਾਵਾ ਪਿੰਡਾਂ ਤੇ ਸ਼ਹਿਰਾਂ ’ਚ ਲੋਕਾਂ ਦੇ ਘਰਾਂ ’ਚ ਪਾਣੀ ਦਾਖ਼ਲ ਹੋ ਗਿਆ ਹੈ। ਇਸ ਕਾਰਨ ਕਈ ਘਰਾਂ ਵਿੱਚ ਤਰੇੜਾਂ ਪੈ ਗਈਆਂ ਹਨ ਤੇ ਕਈ ਥਾਈਂ ਕੱਚੇ ਮਕਾਨ ਤੇ ਕੰਧਾਂ ਡਿੱਗ ਗਈਆਂ ਹਨ। ਕਈ ਥਾਈਂ ਬਿਜਲੀ ਸਪਲਾਈ ਵੀ ਪ੍ਰਭਾਵਿਤ ਹੋਈ ਹੈ। ਡਿਪਟੀ ਕਮਿਸ਼ਨਰ ਸ਼ਾਂਤਨੂ ਸ਼ਰਮਾ ਨੇ ਲੋਕਾਂ ਨੂੰ ਘੱਗਰ ਨਦੀ ਅਤੇ ਹੋਰ ਨਾਲਿਆਂ ਨੇੜੇ ਨਾ ਜਾਣ ਦੀ ਅਪੀਲ ਕੀਤੀ ਹੈ। ਘੱਗਰ ਦੇ ਪਾਣੀ ਦੇ ਪੱਧਰ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਗਲੇ ਦੋ-ਤਿੰਨ ਦਿਨਾਂ ਲਈ ਬਿਨਾਂ ਲੋੜ ਤੋਂ ਘਰੋਂ ਬਾਹਰ ਨਾ ਨਿਕਲਣ। ਉੱਧਰ, ਘੱਗਰ ’ਚ ਇੱਕ ਵਾਰ ਪਾਣੀ ਦਾ ਪੱਧਰ ਘਟਣ ਮਗਰੋਂ ਹੁਣ ਫਿਰ ਤੋਂ ਵਧਣ ਦੀ ਸੰਭਾਵਨਾ ਹੈ। ਪਿੰਡਾਂ ਦੇ ਲੋਕਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਘੱਗਰ ਦੇ ਬੰਨ੍ਹ ਮਜ਼ਬੂਤ ਕਰਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ।
ਲਗਾਤਾਰ ਪੈ ਰਹੇ ਮੀਂਹ ਕਾਰਨ ਸ਼ਹਿਰ ਖੇਤਰ ਦੀਆਂ ਕਈ ਕਲੋਨੀਆਂ ਵਿੱਚ ਪਾਣੀ ਭਰਨ ਨਾਲ ਸਥਿਤੀ ਵਿਗੜ ਗਈ ਹੈ। ਨਵੀਆਂ ਕਲੋਨੀਆਂ ’ਚੋਂ ਪਾਣੀ ਕੱਢਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਐੱਸਡੀਐੱਮ ਰਾਜਿੰਦਰ ਕੁਮਾਰ ਵੱਲੋਂ ਪਾਣੀ ਭਰੇ ਇਲਾਕੇ ਦਾ ਨਿਰੀਖਣ ਕੀਤਾ ਗਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਪਾਣੀ ਕੱਢਣ ਦੇ ਨਿਰਦੇਸ਼ ਦਿੱਤੇ ਗਏ। ਮੀਂਹ ਕਾਰਨ ਸ਼ਹਿਰ ਦੀਆਂ ਕਈ ਨੀਵੀਆਂ ਕਲੋਨੀਆਂ ਦੇ ਘਰਾਂ ਅੰਦਰ ਪਾਣੀ ਵੜ ਗਿਆ ਹੈ। ਐੱਸਡੀਐੱਮ ਰਾਜਿੰਦਰ ਕੁਮਾਰ ਨੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਪ ਸੈੱਟ ਨੂੰ ਲਗਾਤਾਰ ਚੱਲਦਾ ਰੱਖਿਆ ਜਾਵੇ ਅਤੇ ਪਾਈਪਲਾਈਨ ਨੂੰ ਸਮੇਂ-ਸਮੇਂ ’ਤੇ ਸਾਫ਼ ਕੀਤਾ ਜਾਵੇ ਤਾਂ ਜੋ ਪਾਣੀ ਭਰਨ ਦੀ ਸਥਿਤੀ ਪੈਦਾ ਨਾ ਹੋਵੇ।
ਏਲਨਾਬਾਦ ’ਚ ਜਨ-ਜੀਵਨ ਪ੍ਰਭਾਵਿਤ
ਏਲਨਾਬਾਦ (ਜਗਤਾਰ ਸਮਾਲਸਰ): ਇਲਾਕੇ ਵਿੱਚ ਬੀਤੀ ਰਾਤ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਸ਼ਹਿਰ ਦੇ ਨੀਂਵੇ ਇਲਾਕਿਆਂ ਵਿੱਚ ਪਾਣੀ ਭਰ ਗਿਆ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸ਼ਹਿਰ ਦਾ ਮੁੱਖ ਬਾਜ਼ਾਰ, ਮੁਮੇਰਾ ਚੌਕ, ਟਿੱਬੀ ਬੱਸ ਸਟੈਂਡ, ਮੁਮੇਰਾ ਰੋਡ, ਸਿਰਸਾ ਰੋਡ ਅਤੇ ਹਨੂੰਮਾਨਗੜ੍ਹ ਰੋਡ ’ਤੇ ਸਥਿਤ ਅੰਡਰਬ੍ਰਿਜ ਵੀ ਪਾਣੀ ਨਾਲ ਭਰ ਗਏ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਅਤੇ ਵਾਹਨ ਚਾਲਕਾਂ ਨੂੰ ਆਸ-ਪਾਸ ਤੋਂ ਲੰਘਣਾ ਪਿਆ। ਸ਼ਹਿਰ ਦੇ ਮੁੱਖ ਬਾਜ਼ਾਰ ਵਿੱਚ ਪਾਣੀ ਇਕੱਠਾ ਹੋਣ ਕਾਰਨ ਕਈ ਦੁਕਾਨਾਂ ਵਿੱਚ ਵੀ ਪਾਣੀ ਭਰ ਗਿਆ, ਜਿਸ ਕਾਰਨ ਕਈ ਦੁਕਾਨਦਾਰਾਂ ਦਾ ਵਿੱਤੀ ਨੁਕਸਾਨ ਵੀ ਹੋਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਨਰਮੇ ਅਤੇ ਕਪਾਹ ਦੇ ਖੇਤਾਂ ਵਿੱਚ ਪਾਣੀ ਭਰਨ ਕਾਰਨ ਫਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਨਗਰਪਾਲਿਕਾ ਅਤੇ ਜਨ ਸਿਹਤ ਵਿਭਾਗ ਨੇ ਲਗਭਗ 4 ਕਰੋੜ ਰੁਪਏ ਨਾਲ ਸ਼ਹਿਰ ਵਿੱਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਕਰਨ ਦਾ ਦਾਅਵਾ ਕੀਤਾ ਹੈ ਪਰ ਸ਼ਹਿਰ ਵਿੱਚ ਪਾਣੀ ਦੀ ਨਿਕਾਸੀ ਦੀ ਸਮੱਸਿਆਂ ਪਹਿਲਾਂ ਵਾਂਗ ਹੀ ਬਣੀ ਹੋਈ ਹੈ। ਲੋਕਾਂ ਨੇ ਮੰਗ ਕੀਤੀ ਕਿ ਸ਼ਹਿਰ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦੇ ਢੁੱਕਵੇਂ ਪ੍ਰਬੰਧ ਕੀਤੇ ਜਾਣ।