‘ਆਪ’ ਪੰਜਾਬ ਦੇ ਇੰਚਾਰਜ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਪੰਜਾਬ ਵਿਧਾਨ ਸਭਾ ਚੋਣਾਂ-2027 ਸਬੰਧੀ ਸਾਮ, ਦਾਮ, ਦੰਡ, ਭੇਦ ਵਾਲੀ ਵਾਇਰਲ ਵੀਡੀਓ ਨੇ ਪਾਰਟੀ ਤੇ ਸਰਕਾਰ ਲਈ ਕਸੂਤੀ ਸਥਿਤੀ ਪੈਦਾ ਕਰ ਦਿੱਤੀ ਹੈ। ਸੂਬੇ ਦੀਆਂ ਸਿਆਸੀ ਪਾਰਟੀਆਂ ਨੇ ਇਸ ‘ਆਪ’ ਆਗੂ ਤੇ ਹਮਲਾਵਰ ਰੁਖ਼ ਅਪਣਾਇਆ ਹੋਇਆ ਹੈ।
ਇੱਥੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਸੂਬਾ ਆਗੂ ਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਕਾਂਗਰਸ ਆਗੂਆਂ ਓਪਿੰਦਰ ਗਿੱਲ, ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਸੋਹਣ ਸਿੰਘ ਖੇਲ੍ਹਾ ਤੇ ਹੋਰ ਵੱਡੀ ਗਿਣਤੀ ਵਿੱਚ ਕਾਂਗਰਸ ਆਗੂਆਂ ਨੇ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਨੂੰ ਸ਼ਿਕਾਇਤ ਦਿੱਤੀ। ਇਸ ਮੌਕੇ ਕਾਂਗਰਸ ਆਗੂਆਂ ਨੇ ਕਿਹਾ ਕਿ ਆਮ ਚੋਣਾਂ ਜਿੱਤਣਾ ਹਰੇਕ ਪਾਰਟੀ ਦਾ ਵਿਜ਼ਨ ਹੁੰਦਾ ਹੈ ਪਰ ਚੋਣਾਂ ਜਿੱਤਣ ਲਈ ਭਾਈਚਾਰਕ ਸਾਂਝ ਨੂੰ ਤੋੜਨ ਵਰਗੀਆਂ ਗੱਲਾਂ ਕਰਨੀਆਂ ਸੁਹਿਰਦ ਨਹੀਂ। ਆਗੂਆਂ ਨੇ ਚੋਣ ਕਮਿਸ਼ਨ ਤੋਂ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
ਫ਼ਿਰੋਜ਼ਪੁਰ/ਤਲਵੰਡੀ ਭਾਈ (ਜਸਪਾਲ ਸਿੰਘ ਸੰਧੂ/ਸੁਦੇਸ਼ ਕੁਮਾਰ ਹੈਪੀ): ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਵੱਲੋਂ 2027 ਦੀਆਂ ਚੋਣਾਂ ਜਿੱਤਣ ਲਈ ਦਿੱਤੇ ‘ਸਾਮ-ਦਾਮ ਦੰਡ-ਭੇਦ’ ਵਾਲੇ ਬਿਆਨ ਨੂੰ ਵਿਰੋਧੀ ਪਾਰਟੀਆਂ ਲੰਮੇ ਹੱਥੀਂ ਲੈ ਰਹੀਆਂ ਹਨ। ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਕਾਂਗਰਸੀ ਆਗੂਆਂ ਤੇ ਕਾਰਕੁਨਾਂ ਨੇ ਅੱਜ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਦੀ ਅਗਵਾਈ ਵਿੱਚ ਚੋਣ ਕਮਿਸ਼ਨ ਦੇ ਨਾਮ ’ਤੇ ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਨੂੰ ਮੰਗ ਪੱਤਰ ਸੌਂਪਿਆ। ਆਗੂਆਂ ਨੇ ਮਨੀਸ਼ ਸਿਸੋਦੀਆ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਹਲਕਾ ਇੰਚਾਰਜ ਆਸ਼ੂ ਬੰਗੜ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਲਜੀਤ ਕੌਰ ਬੰਗੜ ਤੇ ਜ਼ਿਲ੍ਹਾ ਮਹਿਲਾ ਵਿੰਗ ਪ੍ਰਧਾਨ ਸਰਬਜੀਤ ਕੌਰ ਬਰਾੜ ਮੁੱਦਕੀ ਨੇ ਕਿਹਾ ਕਿ ਮਨੀਸ਼ ਸਿਸੋਦੀਆ ਦਾ ਭਾਸ਼ਣ ਭਾਰਤ ਦੇ ਸੰਵਿਧਾਨ ਦੀ ਪ੍ਰਤੱਖ ਉਲੰਘਣਾ ਹੈ। ਇਹ ਨਿਰਪੱਖ ਚੋਣਾਂ ਦੀ ਪਵਿੱਤਰਤਾ ਨੂੰ ਖ਼ਤਮ ਕਰਨ ਦੀ ਸਿੱਧੇ ਤੌਰ ’ਤੇ ਕੋਸ਼ਿਸ਼ ਹੈ ਜਿਸ ਨੂੰ ਕਾਂਗਰਸ ਪਾਰਟੀ ਕਦੇ ਵੀ ਸਫਲ ਨਹੀਂ ਹੋਣ ਦੇਵੇਗੀ।