ਪਰਸ਼ੋਤਮ ਬੱਲੀ
ਬਰਨਾਲਾ, 7 ਦਸੰਬਰ
‘ਸਾਹਿਤ ਦੇ ਮੱਕੇ’ ਵਜੋਂ ਜਾਣੇ ਜਾਂਦੇ ਜ਼ਿਲ੍ਹਾ ਬਰਨਾਲਾ ਦੇ ਛੇ ਪਿੰਡਾਂ ਵਿੱਚ ਨਵੀਆਂ ਆਧੁਨਿਕ ਲਾਇਬ੍ਰੇਰੀਆਂ ਬਣਾਈਆਂ ਜਾਣਗੀਆਂ ਜੋ ਕਿ ਪਿੰਡਾਂ ‘ਚ ਪੁਸਤਕ ਸੱਭਿਆਚਾਰ ਨੂੰ ਹੁਲਾਰਾ ਦੇਣਗੀਆਂ। ਇਹ ਜਾਣਕਾਰੀ ਅੱਜ ਇੱਥੇ ਉਚੇਰੀ ਸਿੱਖਿਆ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਿੱਤੀ।
ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਹੀ ਸੇਧ ਦੇਣ ਲਈ ਪੁਸਤਕ ਸੱਭਿਆਚਾਰ ਨਾਲ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਸੰਤ ਰਾਮ ਉਦਾਸੀ, ਰਾਮ ਸਰੂਪ ਅਣਖੀ, ਓਮ ਪ੍ਰਕਾਸ਼ ਗਾਸੋ ਜਿਹੇ ਉੱਘੇ ਸਾਹਿਤਕਾਰਾਂ ਦੀ ਇਸ ਧਰਤੀ ‘ਤੇ ਪਿੰਡਾਂ ਵਿੱਚ ਆਧੁਨਿਕ ਸਹੂਲਤਾਂ ਤੇ ਮਿਆਰੀ ਸਾਹਿਤ ਦੇ ਸੁਮੇਲ ਵਾਲੀਆਂ ਲਾਇਬ੍ਰੇਰੀਆਂ ਨੌਜਵਾਨਾਂ ਨੂੰ ਚੰਗੀ ਦਿਸ਼ਾ ਦੇਣਗੀਆਂ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਦੀਆਂ ਛੇ ਲਾਇਬ੍ਰੇਰੀਆਂ ਅੰਦਾਜ਼ਨ ਡੇਢ ਕਰੋੜ ਦੀ ਲਾਗਤ ਨਾਲ ਬਣਨਗੀਆਂ ਤੇ ਫਰਵਾਹੀ, ਦਾਨਗੜ੍ਹ, ਰੂੜੇਕੇ ਕਲਾਂ ਤੇ ਰਾਏਸਰ ਪੰਜਾਬ ‘ਚ ਲਾਇਬ੍ਰੇਰੀਆਂ ਦੀ ਉਸਾਰੀ ਛੇਤੀ ਮੁਕੰਮਲ ਹੋਣ ਦੀ ਆਸ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪ੍ਰਤੀ ਲਾਇਬ੍ਰੇਰੀ ਅੰਦਾਜ਼ਨ 25 ਲੱਖ ਦੀ ਲਾਗਤ ਆਵੇਗੀ, ਜਿਸ ਵਿੱਚ ਉਸਾਰੀ ਲਾਗਤ, ਫਰਨੀਚਰ ਤੇ ਕਿਤਾਬਾਂ ਆਦਿ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਇਸ ਉੱਦਮ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਮਿਆਰੀ ਸਾਹਿਤ ਨਾਲ ਜੋੜਨਾ ਹੈ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਪਿੰਡ ਬਡਬਰ ਤੇ ਨੰਗਲ ਵਿੱਚ ਵੀ ਲਾਇਬ੍ਰੇਰੀ ਬਣਾਉਣ ‘ਤੇ ਕੰਮ ਜਾਰੀ ਹੈ। ਉਨ੍ਹਾਂ ਦੱਸਿਆ ਕਿ ਕੁਝ ਲਾਇਬ੍ਰੇਰੀਆਂ ਪੰਚਾਇਤੀ ਜ਼ਮੀਨ ‘ਤੇ ਅਤੇ ਕੁਝ ਸਕੂਲਾਂ ਦੀ ਹੱਦ ਅੰਦਰ ਬਣਨਗੀਆਂ।
ਲਾਇਬ੍ਰੇਰੀਆਂ ਦੇ ਪ੍ਰਾਜੈਕਟ ਦੀ ਜ਼ਿੰਮੇਵਾਰੀ ਉਠਾਉਣ ਵਾਲੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਮਵੀਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਲਾਇਬ੍ਰੇਰੀਆਂ ਲਈ ਫਰਨੀਚਰ ਆਈਕੀਆ ਕੰਪਨੀ ਦੇ ਬੰਗਲੌਰ ਸਟੋਰ ਤੋਂ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਏਸੀ ਲਾਇਬ੍ਰੇਰੀਆਂ ਵਿੱਚ ਕੰਪਿਊਟਰ ਤੇ ਵਾਈ-ਫਾਈ ਦੀ ਸਹੂਲਤ ਵੀ ਦਿੱਤੀ ਜਾਵੇਗੀ ਜੋ ਕਿ ਵਿਦਿਆਰਥੀਆਂ ਲਈ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਕਰਨ ‘ਚ ਵੀ ਮਦਦਗਾਰ ਸਾਬਿਤ ਹੋਣਗੀਆਂ। ਹਰ ਲਾਇਬ੍ਰੇਰੀ ਵਿੱਚ ਪੰਜਾਬੀ ਅਤੇ ਅੰਗਰੇਜ਼ੀ ਦੋਵੇਂ ਤਰ੍ਹਾਂ ਦਾ ਆਧੁਨਿਕ ਤੇ ਸਮਕਾਲੀ ਸਾਹਿਤ ਰੱਖਿਆ ਜਾਵੇਗਾ।
ਲਾਇਬ੍ਰੇਰੀਆਂ ‘ਚ ਹੋਣਗੀਆਂ ਪ੍ਰਸਿੱਧ ਲੇਖਕਾਂ ਤੇ ਸਾਹਿਤਕਾਰਾਂ ਦੀਆਂ ਪੁਸਤਕਾਂ
ਨਵੀਆਂ ਲਾਇਬ੍ਰੇਰੀਆਂ ਲਈ ਮੰਗਵਾਈਆਂ ਜਾਣ ਵਾਲੀਆਂ ਕਿਤਾਬਾਂ ਦੀ ਸੂਚੀ ਵਿੱਚ ਵਿਸ਼ਵ ਪ੍ਰਸਿੱਧ ਲੇਖਕਾਂ, ਦੇਸ਼ ਤੇ ਪੰਜਾਬੀ ਦੇ ਉੱਘੇ ਸਾਹਿਤਕਾਰਾਂ ਦੀਆਂ ਕਿਤਾਬਾਂ ਸ਼ਾਮਲ ਹਨ। ਇਸ ਸਾਹਿਤ ਵਿੱਚ ਇਤਿਹਾਸ, ਵਿਗਿਆਨ, ਕਲਾ, ਜੀਵਨੀਆਂ, ਸਫ਼ਰਨਾਮੇ ਤੇ ਰਾਜਨੀਤਕ ਲੇਖ ਸ਼ਾਮਲ ਹਨ। ਇਨ੍ਹਾਂ ਵਿੱਚ ਉੱਘੇ ਲੇਖਕ ਜਸਵੰਤ ਕੰਵਲ, ਰਾਮ ਸਰੂਪ ਅਣਖੀ, ਅੰਮ੍ਰਿਤਾ ਪ੍ਰੀਤਮ, ਨਾਵਲਕਾਰ ਨਾਨਕ ਸਿੰਘ, ਵਰਿਆਮ ਸੰਧੂ, ਵੀਨਾ ਵਰਮਾ ਆਦਿ ਤੋਂ ਇਲਾਵਾ ਦੇਸ਼ ਦੇ ਉੱਘੇ ਲੇਖਕਾਂ ਜਿਵੇਂ ਕਿ ਅਮਿਤਵ ਘੋਸ਼, ਪੀ ਸਾਈਨਾਥ, ਮੁਨਸ਼ੀ ਪ੍ਰੇਮ ਚੰਦ ਤੇ ਖਸ਼ਵੰਤ ਸਿੰਘ ਦੀਆਂ ਕਿਤਾਬਾਂ ਸ਼ਾਮਲ ਹਨ। ਇਸ ਤੋਂ ਇਲਾਵਾ ਵਿਸ਼ਵ ਪ੍ਰਸਿੱਧ ਲੇਖਕ ਜਿਵੇਂ ਕਿ ਜੌਰਜ ਔਰਵੈੱਲ, ਸਟੀਫਨ ਹਾਕਿੰਗ, ਮਾਰਕ ਟਵੇਨ, ਰਸਕਿਨ ਬਾਂਡ ਆਦਿ ਦੀਆਂ ਕਿਤਾਬਾਂ ਅਤੇ ਕਈ ਮਸ਼ਹੂਰ ਅਨੁਵਾਦਿਤ ਕਿਤਾਬਾਂ ਲਾਇਬ੍ਰੇਰੀਆਂ ਦਾ ਸ਼ਿੰਗਾਰ ਬਣਨਗੀਆਂ।
ਮੰਤਰੀ ਨੇ ਸਵੈ-ਰੁਜ਼ਗਾਰ ਸੈਮੀਨਾਰ ਵਿੱਚ ਵੀ ਸ਼ਿਰਕਤ ਕੀਤੀ
ਬਠਿੰਡਾ (ਪੱਤਰ ਪ੍ਰੇਰਕ): ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿੱਚ ਤਿੰਨ ਰੋਜ਼ਾ ਸਵੈ-ਰੁਜ਼ਗਾਰ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਦੀ ਰੀੜ੍ਹ ਦੀ ਹੱਡੀ ਤੇ ਉਸ ਦਾ ਭਵਿੱਖ ਹੁੰਦੇ ਹਨ। ਨੌਜਵਾਨਾਂ ਦੀ ਤਰੱਕੀ ਤੋਂ ਬਿਨਾਂ ਕਿਸੇ ਦੇਸ਼ ਦਾ ਵਿਕਾਸ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਤਰੱਕੀ ਦੇ ਰਾਹ ਵੱਲ ਲੈ ਕੇ ਜਾਣ ਤੇ ਨਵੀਂ ਸੋਚ ਪੈਦਾ ਕਰਨ ਲਈ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਸੁਫ਼ਨਾ ਹੈ ਕਿ ਪੰਜਾਬ ਦੇ ਨੌਜਵਾਨ ਨੂੰ ਨੌਕਰੀਆਂ ਕਰਨ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਾਉਣਾ ਹੈ। ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਵੀ ਬਿਜ਼ਨਸ ਪਲਾਸਟਰ ਪ੍ਰੋਗਰਾਮ ਜਲਦੀ ਸ਼ੁਰੂ ਕੀਤਾ ਜਾਵੇਗਾ। ਇਸ ਦੌਰਾਨ ਕੈਬਨਿਟ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਵੱਖ-ਵੱਖ ਅਦਾਰਿਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਤਿੰਨ ਰੋਜ਼ਾ ਸੈਮੀਨਾਰ ਦੀ ਸ਼ਲਾਘਾ ਕੀਤੀ। ਉਪਰੰਤ ਕੈਬਨਿਟ ਮੰਤਰੀ ਸ੍ਰੀ ਮੀਤ ਹੇਅਰ ਵੱਲੋਂ ਬਠਿੰਡਾ ਰੂਰਲ ਓਲੰਪਿਕਸ 2022 ਦੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ ਗਏ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਹੋਰ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ ਗਿਆ।