ਪੱਤਰ ਪ੍ਰੇਰਕ
ਮਾਨਸਾ, 12 ਮਾਰਚ
ਟਰੱਕਾਂ ਤੇ ਟੈਕਸੀ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਨੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਲਵਾਲੀਆ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਰਾਬਤਾ ਕਾਇਮ ਕਰਕੇ, ਉਨ੍ਹਾਂ ਦੇ ਡੁੱਬ ਰਹੇ ਧੰਦੇ ਨੂੰ ਬਚਾਉਣ ਲਈ ਉਪਰਾਲਾ ਕਰਨ। ਲੋਕ ਭਲਾਈ ਮਿਸ਼ਨ ਦੇ ਮਾਨਸਾ ਤੋਂ ਸੀਨੀਅਰ ਆਗੂ ਸੁਰਜੀਤ ਸਿੰਘ ਅਕਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਟਰੱਕ ਯੂਨੀਅਨਾਂ ਤੋੜ ਕੇ ਇਸ ਨੂੰ ਠੇਕੇਦਾਰੀ ਪ੍ਰਣਾਲੀ ’ਚ ਬਦਲ ਦਿੱਤਾ ਹੈ, ਜਿਸ ਕਾਰਨ ਜਿਹੜਾ ਵਿਅਕਤੀ ਟਰੱਕ ਚਲਾ ਕੇ ਆਪਣੇ ਪਰਿਵਾਰ ਦਾ ਢਿੱਡ ਪਾਲਦਾ ਸੀ, ਉਸਦਾ ਧੰਦਾ ਖ਼ਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਦੇ ਭਾਅ ਵਧਾ ਕੇ ਅਤੇ ਕਈ ਤਰ੍ਹਾਂ ਦੇ ਟੈਕਸ ਲਗਾ ਕੇ ਉਨ੍ਹਾਂ ਦਾ ਲੱਕ ਤੋੜ ਦਿੱਤਾ ਹੈ। ਇਸ ਮੌਕੇ ਮੇਜਰ ਸਿੰਘ, ਜਸਵੀਰ ਸਿੰਘ, ਗੁਰਦਿਆਲ ਸਿੰਘ, ਮੇਹਰ ਸਿੰਘ, ਬਲਕਾਰ ਸਿੰਘ, ਕਰਤਾਰ ਸਿੰਘ, ਕਿਰਪਾਲ ਸਿੰਘ, ਗੁਰਮੇਲ ਸਿੰਘ, ਜਗਜੀਤ ਸਿੰਘ, ਗੁਰਜੰਟ ਸਿੰਘ ਤੇ ਹਰਜਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।