ਪੱਤਰ ਪ੍ਰੇਰਕ
ਹੰਡਿਆਇਆ, 26 ਦਸੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਇੱਥੇ ਖੇਤੀ ਵਿਗਿਆਨ ਕੇਂਦਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲਾਈਵ ਭਾਸ਼ਣ ਦੌਰਾਨ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੂੰ ਪ੍ਰਧਾਨ ਮੰਤਰੀ ਦਾ ਭਾਸ਼ਣ ਸੁਣਾਉਣ ਲਈ ਬੁਲਾਇਆ ਗਿਆ ਸੀ| ਯੂਨੀਅਨ ਦੇ ਆਗੂ ਬਲਜਿੰਦਰ ਸਿੰਘ ਧੌਲਾ, ਅਮਰਜੀਤ ਸਿੰਘ ਹੀਰਾ ਨੇ ਦੱਸਿਆ ਕਿ ਖੇਤੀ ਵਿਗਿਆਨ ਕੇਂਦਰ ਵਿਚ ਕਿਸਾਨਾਂ ਨੂੰ ਇਕੱਠੇ ਕਰਕੇ ਪ੍ਰਧਾਨ ਮੰਤਰੀ ਦਾ ਭਾਸ਼ਣ ਸੁਣਾਇਆ ਜਾ ਰਿਹਾ ਸੀ। ਭਾਸ਼ਣ ਕਿਸਾਨ ਵਿਰੋਧੀ ਹੋਣ ਕਰਕੇ ਕਿਸਾਨਾਂ ਨੇ ਭਾਸ਼ਣ ਵਿਚਾਲੇ ਛੱਡ ਕੇ ਧਰਨਾ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ| ਥਾਣਾ ਸਦਰ ਬਰਨਾਲਾ ਦੇ ਮੁਖੀ ਬਲਜੀਤ ਸਿੰਘ, ਹੰਡਿਆਇਆ ਪੁਲੀਸ ਚੌਕੀ ਇੰਚਾਰਜ ਐੱਸਆਈ ਗੁਲਾਬ ਸਿੰਘ ਮੌਕੇ ’ਤੇ ਪੁੱਜੇ| ਖੇਤੀ ਵਿਗਿਆਨ ਕੇਂਦਰ ਦੇ ਐਸੋਸੀਏਟ ਡਾਇਰੈਕਟਰ ਡਾ. ਪ੍ਰਹਲਾਦ ਸਿੰਘ ਤੰਵਰ ਨੇ ਕਿਸਾਨਾਂ ਦੀ ਤਸੱਲੀ ਕਰਵਾਈ| ਧਰਨੇ ਵਿੱਚ ਜਨਰਲ ਸਕੱਤਰ ਜਸਵਿੰਦਰ ਸਿੰਘ, ਮਾ. ਕੁਲਦੀਪ ਸਿੰਘ, ਮਾ. ਮਹਿੰਦਰ ਸਿੰਘ, ਗੁਰਮੇਲ ਸਿੰਘ ਧੌਲਾ, ਗੁਰਜੰਟ ਸਿੰਘ, ਬਲਵੀਰ ਸਿੰਘ, ਹਾਕਮ ਸਿੰਘ ਸਮੇਤ ਯੂਨੀਅਨ ਆਗੂ ਤੇ ਵਰਕਰ ਹਾਜ਼ਰ ਸਨ |
ਮਾਨਸਾ (ਪੱਤਰ ਪ੍ਰੇਰਕ): ਸਾਬਕਾ ਪ੍ਰਧਾਨ ਮੰਤਰੀ ਅਤੇ ਭਾਜਪਾ ਆਗੂ ਮਰਹੂਮ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂ ਭਾਜਪਾ ਨੇਤਾਵਾਂ ਦੇ ਘਰਾਂ ਅੱਗੇ ਗਰਜਦੇ ਰਹੇ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਅੱਜ ਇੱਥੇ ਭਾਜਪਾ ਦੇ ਸੀਨੀਅਰ ਆਗੂ ਸੂਰਜ ਕੁਮਾਰ ਛਾਬੜਾ ਦੇ ਘਰ ਅੱਗੇ ਲਗਾਤਾਰ 49ਵੇਂ ਦਿਨ ਧਰਨਾ ਜਾਰੀ ਰਿਹਾ। ਧਰਨੇ ਨੂੰ ਜਥੇਬੰਦੀ ਦੇ ਬਲਾਕ ਪ੍ਰਧਾਨ ਸਾਧੂ ਸਿੰਘ ਅਲੀਸ਼ੇਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਚਿਰ ਖੇਤੀ ਕਾਨੂੰਨ ਅਤੇ ਦੋ ਆਰਡੀਨੈਂਸ ਰੱਦ ਨਹੀਂ ਕੀਤੇ ਜਾਂਦੇ, ਪ੍ਰਦਰਸ਼ਨ ਜਾਰੀ ਰਹੇਗਾ। ਇਸ ਮੌਕੇ ਜਸਦੇਵ ਸਿੰਘ (ਬਾਣੀਆ) ਰੱਲਾ, ਪੱਪੂ ਰੱਲਾ, ਕਾਲਾ ਸਿੰਘ ਜਵਾਹਰਕੇ ਨੇ ਵੀ ਸੰਬੋਧਨ ਕੀਤਾ। ਇਸੇ ਤਰ੍ਹਾਂ ਕ੍ਰਿਸਮਿਸ ਵਾਲੇ ਦਿਨ ਬਣਾਵਾਲਾਂ ਥਰਮਲ ਪਲਾਂਟ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਲਗਾਤਾਰ ਕਿਸਾਨ ਗਰਜਦੇ ਰਹੇ। ਕਿਸਾਨਾਂ ਨੇ ਚੇਤਾਵਨੀ ਦਿੱਤੀ ਜੇਕਰ ਪੰਜਾਬ ਸਰਕਾਰ ਨੇ ਪ੍ਰਾਈਵੇਟ ਕੰਪਨੀਆਂ ਦੇ ਇਸ਼ਾਰੇ ’ਤੇ ਸੂਬੇ ਵਿੱਚ ਬਿਜਲੀ ਦਰਾਂ ਹੋਰ ਵਧਾਉਣ ਦੀ ਕੋਸ਼ਿਸ ਕੀਤੀ ਤਾਂ ਦਿੱਲੀ ਵਾਂਗ ਚੰਡੀਗੜ੍ਹ ਵਿੱਚ ਅੰਦੋਲਨ ਵਿੱਢਿਆ ਜਾਵੇਗਾ।