ਸਮਾਰਟ ਕੁਨੈਕਟ ਸਕੀਮ: ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ

ਸਮਾਰਟ ਕੁਨੈਕਟ ਸਕੀਮ: ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ

ਜੀਵਨ ਮੱਲ ਸਕੂਲ ਜ਼ੀਰਾ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਦੇ ਹੋਏ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਹੋਰ।

ਹਰਮੇਸ਼ਪਾਲ ਨੀਲੇਵਾਲਾ
ਜ਼ੀਰਾ, 21 ਸਤੰਬਰ

ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਚ ਬਾਰ੍ਹਵੀਂ ਜਮਾਤ ਦੀਆਂ 162 ਵਿਦਿਆਰਥਣਾਂ ਅਤੇ ਜੀਵਨ ਮੱਲ ਮਾਡਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਦੇ 126 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ। ਇਸ ਮੌਕੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਮੋਬਾਈਲ ਮਿਲਣ ’ਤੇ ਖੁਸ਼ੀ ਪ੍ਰਗਟ ਕਰਦਿਆਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ ਕੁਲਵਿੰਦਰ ਕੌਰ, ਪ੍ਰਿੰਸੀਪਲ ਚਮਕੌਰ ਸਿੰਘ, ਪ੍ਰਿੰਸੀਪਲ ਰਾਕੇਸ਼ ਸ਼ਰਮਾ ਹਾਜ਼ਰ ਸਨ।

ਫ਼ਰੀਦਕੋਟ (ਜਸਵੰਤ ਜੱਸ): ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ 40 ਵਿਦਿਆਰਥਣਾਂ ਨੂੰ ਸਮਾਰਟ ਫੋਨ ਵੰਡੇ ਗਏ। ਇਸ ਸਕੂਲ ਦੀਆਂ 300 ਵਿਦਿਆਰਥਣਾਂ ਨੂੰ ਇਹ ਫੋਨ ਵੰਡੇ ਜਾਣਗੇ। ਇਸ ਸਬੰਧੀ ਹੋਏ ਪ੍ਰੋਗਰਾਮ ‘ਚ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਲਲਿਤ ਗੁਪਤਾ ਅਤੇ ਕਾਂਗਰਸ ਪਾਰਟੀ ਦੇ ਸਕੱਤਰ ਡਾ. ਜੰਗੀਰ ਨੇ ਕਿਹਾ ਕਿ ਮੋਬਾਈਲ ਫੋਨਾਂ ਨਾਲ ਵਿਦਿਆਰਥੀਆਂ ਨੂੰ ਸਿੱਖਿਆ ਹਾਸਲ ਕਰਨ ਵਿੱਚ ਸਹਾਇਤਾ ਮਿਲੇਗੀ।

ਭੁੱਚੋ ਮੰਡੀ (ਪਵਨ ਗੋਇਲ): ਅੱਜ ਹਲਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦੇ ਬੇਟੇ ਐਡਵੋਕੇਟ ਰੁਪਿੰਦਰਪਾਲ ਸਿੰਘ ਕੋਟਭਾਈ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਚ ਵਿਦਿਆਰਥਣਾਂ ਨੂੰ ਸਮਾਰਟ ਫੋਨ ਵੰਡੇ। ਬਠਿੰਡਾ ਦੇ ਡਿਪਟੀ ਡੀਓ ਇਕਬਾਲ ਸਿੰਘ ਬੁੱਟਰ ਨੇ ਦੱਸਿਆ ਕਿ ਪ੍ਰੀਤਮ ਸਿੰਘ ਕੋਟਭਾਈ ਨੇ 129 ਫੋਨ ਭੇਜੇ ਹਨ।

ਬੋਹਾ (ਨਿਰੰਜਣ ਬੋਹਾ): ਸ਼ਹੀਦ ਜਗਸੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੋਹਾ ਵਿਚ ਕਾਂਗਰਸ ਦੀ ਹਲਕਾ ਸੇਵਾਦਾਰ ਬੀਬੀ ਰਣਜੀਤ ਕੌਰ ਭੱਟੀ ਅਤੇ ਨਾਇਬ ਤਹਿਸੀਲਦਾਰ ਗੁਰਜੀਤ ਸਿੰਘ ਢਿੱਲੋਂ ਨੇ ਕੈਪਟਨ ‘ਸਮਾਰਟ ਕੁਨੈਕਟ ਸਕੀਮ’ ਤਹਿਤ ਬਾਰ੍ਹਵੀਂ ਜਮਾਤ ਦੇ 193 ਵਿਦਿਆਰਥੀਆਂ ਨੂੰ ਸਮਾਰਟਫੋਨ ਦਿੱਤੇ। ਬੀਬੀ ਰਣਜੀਤ ਕੌਰ ਭੱਟੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋ ਚੋਣ ਵਾਅਦੇ ਕੀਤੇ ਹਨ, ਉਹ ਸਾਰੇ ਪੂਰੇ ਕੀਤੇ ਜਾਣਗੇ। ਨਾਇਬ ਤਹਿਸੀਲਦਾਰ ਬੁਢਲਾਡਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਕਦਮ ਸ਼ਲਾਘਾਯੋਗ ਹੈ। ਇਸੇ ਤਰ੍ਹਾਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੋਹਾ ਦੀਆਂ ਵਿਦਿਆਰਥਣਾਂ ਨੂੰ ਵੀ ਪ੍ਰਿੰਸੀਪਲ ਦਵਿੰਦਰ ਕੌਰ ਦੀ ਹਾਜ਼ਰੀ ਵਿਚ ਮੋਬਾਈਲ ਵੰਡੇ ਗਏ। ਪ੍ਰਿੰਸੀਪਲ ਰੂਬੀ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਵੇਸ਼ ਮਲਹੋਤਰਾ, ਨਵੀਨ ਕਾਲਾ, ਵਿਜੈ ਕੁਮਾਰ, ਉਪ ਪ੍ਰਿੰਸੀਪਲ ਪਰਮਿੰਦਰ ਤਾਂਗੜੀ ਹਾਜ਼ਰ ਸਨ।

ਚਾਉਕੇ (ਰਮਨਦੀਪ ਸਿੰਘ): ਰਾਮਪੁਰਾ ਦੇ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਅਮਰਜੀਤ ਕੌਰ, ਮੈਂਬਰ ਲਖਵੀਰ ਸਿੰਘ, ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਅਤੇ ਸਮਾਜ ਸੇਵੀ ਅਧਿਆਪਕ ਸੁਰਿੰਦਰ ਸ਼ਰਮਾ ਨੇ ਉਮੀਦ ਜਤਾਈ ਕਿ ਬੱਚੇ ਫੋਨਾਂ ਦਾ ਸਦ- ਉਪਯੋਗ ਕਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All