ਨਿੱਜੀ ਪੱਤਰ ਪੇ੍ਰਕ
ਫ਼ਿਰੋਜ਼ਪੁਰ, 10 ਅਗਸਤ
ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਇਥੇ ਪੁਲੀਸ ਲਾਈਨ ਵਿਚ ਰੇਂਜ ਪੱਧਰੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਜੇਕਰ ਪੰਜਾਬ ਪੁਲੀਸ ਸੂਬੇ ਅੰਦਰ ਅਤਿਵਾਦ ਨੂੰ ਖ਼ਤਮ ਕਰ ਸਕਦੀ ਹੈ ਤਾਂ ਗੈਂਗਸਟਰਵਾਦ ਨੂੰ ਵੀ ਖ਼ਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਰੇਂਜ ਸਰਹੱਦ ਨਾਲ ਲੱਗਦੀ ਹੋਣ ਕਰਕੇ ਇਥੇ ਵਧੇਰੇ ਚੌਕਸੀ ਦੀ ਲੋੜ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਖ਼ੁਫ਼ੀਆ ਏਜੰਸੀਆਂ ਨਾਲ ਤਾਲਮੇਲ ਬਣਾ ਕੇ ਨਸ਼ੇ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਤੇ ਗੈਂਗਸਟਰਾਂ ਨੂੰ ਖ਼ਤਮ ਕਰਨ ਲਈ ਖ਼ਾਸ ਨਿਗਰਾਨੀ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਪ੍ਰੋਫ਼ੈਸ਼ਨਲ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ ਤੇ ਕਿਸੇ ਵੀ ਮਾੜੇ ਅਨਸਰ ਨੂੰ ਉਸ ਦੇ ਮਨਸੂਬਿਆਂ ਵਿਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਅਫ਼ਸਰਾਂ ਤੋਂ ਸੁਝਾਅ ਵੀ ਮੰਗੇ।